ਸੇਖਵਾਂ ਤੋਂ ਬਾਅਦ ਬ੍ਰਹਮਪੁਰਾ ਤੇ ਅਜਨਾਲਾ ਦੀ ਅਕਾਲੀ ਦਲ ''ਚੋਂ ਛੁੱਟੀ (ਵੀਡੀਓ)

Sunday, Nov 11, 2018 - 06:21 PM (IST)

ਚੰਡੀਗੜ੍ਹ (ਅਸ਼ਵਨੀ ਕੁਮਾਰ) : ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨ ਦੀ ਮੰਗ ਕਰਨ ਵਾਲੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਅਜਨਾਲਾ ਤੋਂ ਸੀਨੀਅਰ ਆਗੂ ਡਾ. ਰਤਨ ਸਿੰਘ ਅਜਨਾਲਾ ਨੂੰ ਪਾਰਟੀ ਨੇ ਬਾਹਰ ਕਰ ਕਰ ਦਿੱਤਾ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਇਹ ਫੈਸਲਾ ਐਤਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਚੰਡੀਗੜ੍ਹ ਵਿਖੇ ਹੋਈ ਕੋਰ ਕਮੇਟੀ ਦੀ ਬੈਠਕ ਵਿਚ ਸਰਬ ਸਹਿਮਤੀ ਨਾਲ ਲਿਆ ਗਿਆ। ਇਸ ਤੋਂ ਇਲਾਵਾ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਡਾ. ਰਤਨ ਸਿੰਘ ਅਜਨਾਲਾ ਦੇ ਪੁੱਤਰ ਅਮਰਪਾਲ ਸਿੰਘ ਬੋਨੀ ਨੂੰ ਵੀ ਪਾਰਟੀ 'ਚੋਂ ਬਾਹਰ ਦਾ ਰਸਤਾ ਵਿਖਾਇਆ ਗਿਆ ਹੈ। ਇਸ ਤੋਂ ਪਹਿਲਾਂ ਮਾਝੇ ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ ਨੂੰ ਵੀ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਪਾਰਟੀ 'ਚੋਂ ਬਾਹਰ ਕਰ ਦਿੱਤਾ ਗਿਆ ਸੀ। 

ਦੱਸਣਯੋਗ ਹੈ ਕਿ ਮਾਝੇ ਦੇ ਟਕਸਾਲੀ ਲੀਡਰਾਂ ਵਲੋਂ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਖਿਲਾਫ ਲਗਾਤਾਰ ਬਿਆਨਬਾਜ਼ੀ ਕਰਦੇ ਹੋਏ ਪਾਰਟੀ 'ਚੋਂ ਕੱਢੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਬ੍ਰਹਮਪੁਰਾ ਨੇ ਤਾਂ ਇਥੋਂ ਤੱਕ ਆਖ ਦਿੱਤਾ ਸੀ ਕਿ ਜਦੋਂ ਤਕ ਇਹ ਦੋਵੇਂ ਲੀਡਰ ਪਾਰਟੀ ਦਾ ਹਿੱਸਾ ਰਹਿਣਗੇ ਉਦੋਂ ਤੱਕ ਉਹ ਪਾਰਟੀ ਲਈ ਕੰਮ ਨਹੀਂ ਕਰਨਗੇ। ਬ੍ਰਹਮਪੁਰਾ ਵਲੋਂ ਬੀਤੇ ਦਿਨੀਂ ਆਪਣੇ ਜੱਦੀ ਹਲਕੇ ਖਡੂਰ ਸਾਹਿਬ ਵਿਖੇ ਸ਼ਕਤੀ ਪ੍ਰਦਰਸ਼ਨ ਕਰਕੇ ਸੁਖਬੀਰ ਬਾਦਲ ਅਤੇ ਮਜੀਠੀਆ ਖਿਲਾਫ ਤਿੱਖੀ ਬਿਆਨਬਾਜ਼ੀ ਕੀਤੀ ਗਈ ਸੀ।


Related News