ਵੱਡੀ ਖ਼ਬਰ : ਸੁਖਬੀਰ ਸਿੰਘ ਬਾਦਲ ਨੇ ਦਿੱਤਾ ਅਸਤੀਫਾ
Saturday, Nov 16, 2024 - 02:52 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਪ੍ਰਧਾਨਗੀ ਛੱਡਣ ਦਾ ਐਲਾਨ ਬਾਦਲ ਨੇ ਅਜਿਹੇ ਸਮੇਂ ਵਿੱਚ ਕੀਤਾ ਹੈ, ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਨ੍ਹਾਂ ਨੂੰ ਤਨਖ਼ਾਹੀਆਂ ਐਲਾਨਿਆ ਹੋਇਆ ਹੈ
The SAD President S Sukhbir Singh Badal submitted his resignation to the working Committee of the party today to pave the way for the election of new President. He thanked all the party leaders & workers for expressing confidence in his leadership and extending wholehearted…
— Dr Daljit S Cheema (@drcheemasad) November 16, 2024
ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਅਸਤੀਫੇ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾਂ ਨੇ ਇਕ ਐਕਸ 'ਤੇ ਇਕ ਪੋਸਟ ਸਾਂਝੀ ਕੀਤੀ ਹੈ, ਉਨ੍ਹਾਂ ਪੋਸਟ ਵਿੱਚ ਲਿਖਿਆ, ''ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ 'ਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।''
ਇਸ ਦੇ ਨਾਲ ਹੀ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨ ਕੀਤੇ ਜਾਣ ਤੋਂ ਬਾਅਦ ਢਾਈ ਮਹੀਨੇ ਦੇ ਕਰੀਬ ਸਮਾਂ ਬੀਤ ਚੁੱਕਾ ਹੈ ਅਤੇ ਹੁਣ ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਬੇਨਤੀ ਪੱਤਰ ਦਿੱਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਧਾਰਮਿਕ ਸਜ਼ਾ ਜਲਦ ਲਗਾਏ ਜਾਣ ਨੂੰ ਲੈ ਕੇ ਬੇਨਤੀ ਕੀਤੀ ਗਈ ਸੀ। ਸੁਖਬੀਰ ਸਿੰਘ ਬਾਦਲ ਨੇ ਉਸ ਵੇਲੇ ਬੇਨਤੀ ਕਰਦਿਆਂ ਕਿਹਾ ਸੀ ਕਿ ਢਾਈ ਮਹੀਨਿਆਂ ਤੋਂ ਉਹ ਕਿਸੇ ਵੀ ਸਮਾਜਿਕ ਜਾਂ ਧਾਰਮਿਕ ਪ੍ਰੋਗਰਾਮ ਦੇ ਵਿੱਚ ਆਪਣਾ ਯੋਗਦਾਨ ਨਹੀਂ ਦੇ ਸਕੇ। ਜਿਸ ਕਰਕੇ ਉਨ੍ਹਾਂ ਵੱਲੋਂ ਇਹ ਬੇਨਤੀ ਪੱਤਰ ਦਿੱਤਾ ਗਿਆ। ਉਨ੍ਹਾਂ ਦੇ ਕੁਝ ਆਪਣੇ ਘਰੇਲੂ ਵੀ ਕੰਮ ਹਨ ਜਿਸ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਧਾਰਮਿਕ ਸਜ਼ਾ ਸੁਣਾਈ ਜਾਵੇ ਤਾਂ ਜੋ ਉਹ ਆਪਣੇ ਕਾਰਜ ਕਰ ਸਕਣ।