ਸੁਖਬੀਰ ਬਾਦਲ ਨੇ ਦਿੱਤਾ ਅਸਤੀਫਾ
Friday, May 31, 2019 - 12:49 PM (IST)

ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਜਲਾਲਾਬਾਦ ਵਿਧਾਨ ਸਭਾ ਸੀਟ ਤੋਂ ਵਿਧਾਇਕ ਸਨ। ਸੁਖਬੀਰ ਬਾਦਲ ਦੇ ਅਸਤੀਫਾ ਦੇਣ ਤੋਂ ਬਾਅਦ ਹੁਣ ਜਲਾਲਾਬਾਦ ਜ਼ਿਮਨੀ ਚੋਣ ਲਈ ਅਖਾੜਾ ਭਖ ਸਕਦਾ ਹੈ। ਸੁਖਬੀਰ ਫਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਚੁਣੇ ਜਾ ਚੁਕੇ ਹਨ। ਇਸ ਲਈ ਉਨ੍ਹਾਂ ਆਪਣੀ ਵਿਧਾਇਕੀ ਛੱਡ ਦਿੱਤੀ ਹੈ। ਉਨ੍ਹਾਂ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਹੁਣ ਜਲਾਲਾਬਾਦ ਹਲਕੇ ਲਈ ਜ਼ਿਮਨੀ ਚੋਣ ਹੋਣੀ ਤੈਅ ਹੈ। ਇਸ ਵਾਰ ਇਕੱਲੇ ਸੁਖਬੀਰ ਨਹੀਂ ਬਲਕਿ ਭਾਰਤੀ ਜਨਤਾ ਪਾਰਟੀ ਦੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਤੇ ਕੇਂਦਰੀ ਰਾਜ ਮੰਤਰੀ ਬਣੇ ਸੋਮ ਪ੍ਰਕਾਸ਼ ਵੀ ਆਪਣੀ ਫਗਵਾੜਾ ਦੀ ਵਿਧਾਇਕੀ ਛੱਡਣਗੇ।
ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਚੋਣ ਲੜੀ ਸੀ ਤੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਸ਼ੇਰ ਸਿੰਘ ਘੁਬਾਇਆ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ।