ਕਿਸਾਨ ਅੰਦੋਲਨ ਦੇ ਚੱਲਦਿਆਂ ਸੁਖਬੀਰ ਬਾਦਲ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ

Tuesday, Apr 13, 2021 - 11:05 AM (IST)

ਕਿਸਾਨ ਅੰਦੋਲਨ ਦੇ ਚੱਲਦਿਆਂ ਸੁਖਬੀਰ ਬਾਦਲ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ

ਚੰਡੀਗੜ੍ਹ:  ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ 'ਤੇ ਡੇਰਾ ਲਾਈ ਬੈਠੇ ਕਿਸਾਨਾਂ ਨੂੰ ਚਾਰ ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਪਰ ਅਜੇ ਤੱਕ ਗੱਲ ਕਿਸੇ ਤਣਪੱਤਣ ਲੱਗਦੀ ਨਜ਼ਰ ਨਹੀਂ ਆ ਰਹੀ।ਜਿੱਥੇ ਇੱਕ ਪਾਸੇ ਪੰਜਾਬ ਤੋਂ ਸ਼ੁਰੂ ਹੋਇਆ ਇਹ ਅੰਦੋਲਨ ਪੂਰੇ ਦੇਸ ਵਿੱਚ ਪੈਰ ਪਸਾਰ ਰਿਹਾ ਹੈ ਉਥੇ ਹੀ ਪੰਜਾਬ ਦੀਆਂ ਸਿਆਸੀ ਧਿਰਾਂ ਵੱਡੀ ਕਿਸਾਨੀ ਵੋਟ ਬੈਂਕ ਨੂੰ ਆਪਣੇ ਹੱਕ 'ਚ ਭੁਗਤਾਉਣ ਲਈ ਕੋਈ ਮੌਕਾ ਨਹੀਂ ਜਾਣ ਦੇਣਾ ਚਾਹੁੰਦੀਆਂ ।ਕਿਸਾਨੀ ਮੁੱਦੇ 'ਤੇ ਬੀਤੇ ਦਿਨ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜਗ ਬਾਣੀ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਗੱਲ ਕਰਦਿਆਂ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਫਿਕਸਡ ਮੈਚ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪੂਰੀ ਤਰ੍ਹਾਂ ਭਾਜਪਾ ਦੇ ਦਬਾਅ ਹੇਠ ਕੰਮ ਕਰ ਰਹੀ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਕਈ ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਸੁਖਬੀਰ ਬਾਦਲ ਨੇ ਕੈਪਟਨ ਨੂੰ ਸਲਾਹ ਦਿੱਤੀ ਕਿ ਜੇ ਉਹ ਵਾਕਿਆ ਹੀ ਕਿਸਾਨ ਹਿਮਾਇਤੀ ਹਨ ਤਾਂ ਘਰੋਂ ਬਾਹਰ ਨਿਕਲਣ ਅਤੇ ਕੇਂਦਰ ਤੋਂ ਪੰਜਾਬ ਦੇ ਹੱਕ ਮੰਗਣ ਲਈ ਦਿੱਲੀ ਡੇਰਾ ਲਾਉਣ। ਸੁਖਬੀਰ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹਵਾਲਾ ਦਿੰਦਿਆਂ ਆਖਿਆ ਕਿ ਉਹ ਪੰਜਾਬ ਦੇ ਹੱਕਾਂ ਲਈ ਦਿੱਲੀ ਜਾਂਦੇ ਸਨ ਅਤੇ ਹਰ ਮੰਤਰੀ ਨੂੰ ਮਿਲਦੇ ਸਨ। ਜਦੋਂ ਸੁਖਬੀਰ ਬਾਦਲ ਨੂੰ ਪੁੱਛਿਆ ਕੇ ਪੰਜਾਬ ਸਰਕਾਰ ਦੇ ਮੰਤਰੀ ਕਈ ਮਸਲਿਆਂ 'ਤੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਨ ਗਏ ਹਨ ਤਾਂ ਉਨ੍ਹਾਂ ਉੱਤਰ ਦਿੱਤਾ ਕਿ ਕਿਸੇ ਸੂਬੇ ਦੇ ਮੁੱਖ ਮੰਤਰੀ ਜਾਂ ਮੰਤਰੀ ਦੇ ਦਿੱਲੀ ਜਾ ਕੇ ਹੱਕ ਮੰਗਣ ਵਿਚ ਫ਼ਰਕ ਹੁੰਦਾ ਹੈ। ਉਨ੍ਹਾਂ ਕੈਪਟਨ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਖ਼ੁਦ ਕਿਉਂ ਨਹੀਂ ਜਾ ਰਹੇ ਕੇਂਦਰ ਕੋਲ? ਕੈਪਟਨ ਦਾ ਸੁਫ਼ਨਾ  ਮੁੱਖ ਮੰਤਰੀ ਬਣਨਾ  ਸੀ ਅਤੇ ਉਹ ਬਣ ਗਏ ਪਰ ਉਹ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਗੰਭੀਰ ਨਹੀਂ ਹਨ। ਦਿੱਲੀ ਨਾ ਜਾਣ ਦੇ ਪਿੱਛੇ ਕੈਪਟਨ ਦਾ ਡਰ ਹੈ। ਕੇਂਦਰ ਕੋਲ ਕੈਪਟਨ ਦੇ ਕਈ ਕੇਸ ਹਨ, ਜਿਸਦੇ ਡਰੋਂ ਉਹ ਦਿੱਲੀ ਜਾ ਕੇ ਗੱਲ ਰੱਖਣ ਦੀ ਹਿੰਮਤ ਨਹੀਂ ਕਰ ਰਹੇ।    

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮਤੇ ਪਾਸ ਕਰਨਾ
ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਕਿਸਾਨ ਪੱਖੀ ਹੋਣ ਦੀ ਹਾਮੀ ਭਰਦਿਆਂ ਵਿਧਾਨ ਸਭਾ ਵਿੱਚ ਦੋ ਵਾਰ ਖੇਤੀ ਕਾਨੂੰਨਾਂ ਖ਼ਿਲਾਫ਼ ਮਤੇ ਪਾਸ ਕੀਤੇ ਹਨ। ਪੰਜਾਬ ਸਰਕਾਰ ਦੇ ਇਨ੍ਹਾਂ ਮਤਿਆਂ ਨੂੰ ਸਾਰੇ ਸਿਆਸੀ ਦਲਾਂ ਨੇ ਬਿਨ੍ਹਾਂ ਬਹਿਸ ਹਿਮਾਇਤ ਦਿੱਤੀ ਹੈ।ਹੈਰਾਨੀਜਨਕ ਤੱਥ ਇਹ ਹੈ ਕਿ ਇਹ ਮਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੋਲ ਪਹੁੰਚਣ ਦੀ ਬਜਾਏ ਅਜੇ ਤਕ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਕੋਲ ਹੀ ਪਏ ਹਨ। 

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਫਿਰ ਕੀਤੇ ਧਮਾਕੇਦਾਰ ਟਵੀਟ, ਕਿਸਾਨ ਅੰਦੋਲਨ ਦਰਮਿਆਨ ਦਿੱਤੀ ਨੇਕ ਸਲਾਹ

ਕਿਸਾਨ ਜਥੇਬੰਦੀਆਂ ਨੇ ਸਿਆਸੀ ਆਗੂਆਂ ਤੋਂ ਬਣਾਈ ਦੂਰੀ
 ਸਮੁੱਚੇ ਅੰਦੋਲਨ ਦੌਰਾਨ ਕਿਸਾਨ ਜਥੇਬੰਦੀਆਂ ਨੇ ਰਾਜਨੀਤਕ ਧਿਰਾਂ ਤੋਂ ਦੂਰੀ ਬਣਾਈ ਰੱਖੀ ਜਿਸ ਕਾਰਨ ਸਿਆਸੀ ਆਗੂ ਅੰਦਰੋ-ਅੰਦਰੀ ਨਾਰਾਜ਼ਗੀ ਵੀ ਜ਼ਾਹਿਰ ਕਰਦੇ ਰਹੇ। ਇਸੇ ਦੌਰਾਨ ਇਕ ਪਾਸੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਨਾਲੋਂ ਵੱਖ ਹੋਈ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਕੈਪਟਨ 'ਤੇ ਕਿਸਾਨ ਵਿਰੋਧੀ ਹੋਣ ਦਾ ਇਲਜ਼ਾਮ ਲਗਾਉਂਦੀਆਂ ਰਹੀਆਂ ਹਨ ਤਾਂ ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਵਿੱਚ ਭਾਜਪਾ ਆਗੂਆਂ ਨੂੰ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
 
ਨੋਟ: ਕੀ ਪੰਜਾਬ ਦੀਆਂ ਸਿਆਸੀ ਜਮਾਤਾਂ  ਕਿਸਾਨ ਹਿਮਾਇਤੀ ਹਨ ਜਾਂ ਸਿਰਫ਼ ਰਾਜਨੀਤੀ ਕਰ ਰਹੀਆਂ ਹਨ?


author

Harnek Seechewal

Content Editor

Related News