ਬਜਟ ਨੂੰ ਲੈ ਕੇ ਬੋਲੇ ਸੁਖਬੀਰ ਬਾਦਲ, ਕਿਹਾ-ਕਿਸਾਨਾਂ, ਗ਼ਰੀਬਾਂ ਅਤੇ ਨੌਜਵਾਨਾਂ ਲਈ ਹੈ ਨਿਰਾਸ਼ਾਜਨਕ

Wednesday, Feb 01, 2023 - 07:44 PM (IST)

ਬਜਟ ਨੂੰ ਲੈ ਕੇ ਬੋਲੇ ਸੁਖਬੀਰ ਬਾਦਲ, ਕਿਹਾ-ਕਿਸਾਨਾਂ, ਗ਼ਰੀਬਾਂ ਅਤੇ ਨੌਜਵਾਨਾਂ ਲਈ ਹੈ ਨਿਰਾਸ਼ਾਜਨਕ

ਚੰਡੀਗੜ੍ਹ (ਬਿਊਰੋ) : ਕੇਂਦਰੀ ਬਜਟ 2023 ਕਿਸਾਨਾਂ, ਗ਼ਰੀਬਾਂ ਅਤੇ ਨੌਜਵਾਨਾਂ ਲਈ ਨਿਰਾਸ਼ਾਜਨਕ ਹੈ ਅਤੇ ਇਸ ’ਚ ਪੰਜਾਬ ਵਿਚ ਖੇਤੀਬਾੜੀ ਤੇ ਸਨਅੱਤੀ ਖੇਤਰ ਨੂੰ ਸੁਰਜੀਤ ਕਰਨ ਵਾਸਤੇ ਕੁਝ ਵੀ ਨਹੀਂ ਕੀਤਾ ਗਿਆ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਅੱਜ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਬਾਦਲ ਨੇ ਕਿਹਾ ਕਿ ਨਾ ਕਿਸਾਨਾਂ ਦੀ ਆਮਦਨ ਦੁੱਗਣੀ ਹੋਈ ਅਤੇ ਨਾ ਹੀ ਘੱਟੋ-ਘੱਟ ਸਮਰਥਨ ਮੁੱਲ ’ਤੇ ਸਾਰੀਆਂ ਫ਼ਸਲਾਂ ਦੀ ਖਰੀਦ ਲਈ ਕੁਝ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਾ ਸਾਲ 2022 ਤੱਕ ਪੱਕੇ ਮਕਾਨਾਂ ਨੂੰ ਯਕੀਨੀ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਕੁਝ ਕੀਤਾ ਗਿਆ, ਨਾ ਹੀ ਹੁਣ ਮਹਿੰਗਾਈ ਨੂੰ ਕਾਬੂ ਕਰਨ, ਤੇਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਨੂੰ ਘਟਾਉਣ ਲਈ ਕੁਝ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੌਜਵਾਨ ਅਜੇ ਵੀ 16 ਕਰੋੜ ਨੌਕਰੀਆਂ ਦੀ ਉਡੀਕ ਕਰ ਰਹੇ ਹਨ ਕਿਉਂਕਿ ਵਾਅਦਾ ਕੀਤਾ ਗਿਆ ਸੀ ਕਿ ਹਰ ਸਾਲ 2 ਕਰੋੜ ਨੌਕਰੀਆਂ ਦਿੱਤੀਆਂ ਜਾਣਗੀਆਂ।

ਇਹ ਖ਼ਬਰ ਵੀ ਪੜ੍ਹੋ : ਰਾਜਪਾਲ ਪੁਰੋਹਿਤ ਵੱਲੋਂ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ ਨਾਲ ਅਹਿਮ ਮੀਟਿੰਗ, ਕਹੀਆਂ ਇਹ ਗੱਲਾਂ

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਬਜਟ ’ਚ ਪੰਜਾਬ ਲਈ ਵੀ ਕੁਝ ਨਹੀਂ ਹੈ। ਸਰਹੱਦੀ ਸੂਬੇ ਦੇ ਕਿਸਾਨਾਂ ਨੂੰ ਕੋਈ ਉਤਸ਼ਾਹਵਧਾਊ ਰਾਸ਼ੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨਾਲ ਨਜਿੱਠਣ ਲਈ ਫ਼ਸਲੀ ਵਿਭਿੰਨਤਾ ਲਈ ਕੋਈ ਫੰਡ ਨਹੀਂ ਦਿੱਤਾ ਗਿਆ ਅਤੇ ਦੇਸ਼ ਦੇ ਭੋਜਨ ਭੰਡਾਰ ’ਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਨੂੰ ਕੋਈ ਸਹਾਇਤਾ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਨਾ ਹੀ ਪੰਜਾਬ ਲਈ ਕੋਈ ਨਵੀਂ ਵੱਡੀ ਸੰਸਥਾ ਬਜਟ ’ਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਬਜਟ ’ਚ ਕੇਂਦਰ ਸਰਕਾਰ ਵੱਲੋਂ ਸਿਰਫ਼ ਤੇ ਸਿਰਫ਼ ਕਾਰਪੋਰੇਟ ਅਤੇ ਆਗਾਮੀ ਚੋਣਾਂ ਵਾਲੇ ਸੂਬਿਆਂ ’ਤੇ ਤਵੱਜੋਂ ਦੇ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਮਾਨ ਤੇ ਡੀ. ਜੀ. ਪੀ. ਨੂੰ ਇਸ ਪੰਜਾਬੀ ਗੀਤ ਖ਼ਿਲਾਫ਼ ਕੀਤੀ ਸ਼ਿਕਾਇਤ

ਸਰਕਾਰ ਵੱਲੋਂ ਮੋਟੇ ਅਨਾਜ ਯਾਨੀ ਬਾਜਰਾ, ਜਵਾਰ, ਜੌਂ ਆਦਿ ’ਤੇ ਜ਼ੋਰ ਦੇਣ ਬਾਰੇ ਬਾਦਲ ਨੇ ਕਿਹਾ ਕਿ ਇਹ ਤਾਂ ਹੀ ਸਫ਼ਲ ਹੋਵੇਗਾ, ਜੇਕਰ ਮੋਟੇ ਅਨਾਜ ਦੀ ਖਰੀਦ ਢੁੱਕਵੀਂ ਐੱਮ. ਐੱਸ. ਪੀ. ਅਨੁਸਾਰ ਕੀਤੀ ਜਾਵੇਗੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀ ਸਨਅੱਤ ਮਾੜੇ ਸਮੇਂ ਵਿਚੋਂ ਲੰਘ ਰਹੀ ਹੈ ਤੇ ਸੂਬੇ ਦੀ ਇੰਡਸਟਰੀ ਹੋਰ ਸੂਬਿਆਂ ’ਚ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪੰਜਾਬ ਵਿਚ ਇੰਡਸਟਰੀ ਵਾਸਤੇ ਕੋਈ ਐਲਾਨ ਨਹੀਂ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਟੈਕਸ ਰਿਆਇਤਾਂ ਕਾਰਨ ਪੰਜਾਬ ਦੀ ਇੰਡਸਟਰੀ ਪਹਾੜੀ ਸੂਬਿਆਂ ’ਚ ਹਿਜਰਤ ਕਰ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ : ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਇਕ ਹੋਰ ਘਰ ’ਚ ਪਏ ਵੈਣ 


author

Manoj

Content Editor

Related News