ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਨੂੰ ਦਿੱਤਾ ਸਪੱਸ਼ਟੀਕਰਨ ਹੋਇਆ ਜਨਤਕ
Tuesday, Aug 06, 2024 - 01:59 AM (IST)
ਅੰਮ੍ਰਿਤਸਰ (ਸਰਬਜੀਤ) : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਸਪੱਸ਼ਟੀਕਰਨ ਜਨਤਕ ਕਰ ਦਿੱਤਾ ਗਿਆ ਹੈ। ਇਸ ਸਪੱਸ਼ਟੀਕਰਨ ਵਿਚ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਉਹ ਜਾਣੇ-ਅਣਜਾਣੇ ਵਿਚ ਹੋਈਆਂ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦੇ ਹਨ, ਭਾਵੇਂ ਉਹ ਪਰਿਵਾਰ ਕੋਲੋਂ ਹੋਈਆਂ ਜਾਂ ਪਾਰਟੀ ਕੋਲੋਂ। ਇਸ ਵਿਚ ਸੁਖਬੀਰ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਮੂਹ ਪੰਜਾਬੀਆਂ ਅਤੇ ਵਿਸ਼ੇਸ਼ ਕਰਕੇ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਹੈ। ਇਸ ਜਥੇਬੰਦੀ ਦੀ ਸਥਾਪਨਾ ਵੀ 14 ਦਸੰਬਰ, 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਈ ਸੀ ਅਤੇ ਸਥਾਪਨਾ ਤੋਂ ਲੈ ਕੇ ਅੱਜ ਤੱਕ ਇਹ ਮਹਾਨ ਜਥੇਬੰਦੀ 10 ਗੁਰੂ ਸਹਿਬਾਨ ਅਤੇ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫਲਸਫੇ ਤੋਂ ਸੇਧ ਲੈ ਕੇ ਸਰਬੱਤ ਦੇ ਭਲੇ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ ਅਤੇ ਰਹੇਗਾ।
ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਦਫ਼ਤਰ 'ਚ ਮੁਲਾਜ਼ਮਾਂ ਵਿਚਾਲੇ ਚੱਲੀਆਂ ਤਲਵਾਰਾਂ, ਇਕ ਸੇਵਾਦਾਰ ਦੀ ਮੌਤ
ਜਿਥੋਂ ਤੱਕ ਮੇਰੇ ਖ਼ਿਲਾਫ ਕੁਝ ਸੀਨੀਅਰ ਆਗੂਆਂ ਵੱਲੋਂ ਦਿੱਤੀ ਗਈ ਸ਼ਿਕਾਇਤ ਦਾ ਸਬੰਧ ਹੈ, ਉਸਦੇ ਸਪੱਸ਼ਟੀਕਰਨ ਤੋਂ ਪਹਿਲਾਂ ਮੈਂ ਕੁਝ ਮਹੱਤਵਪੂਰਨ ਤੱਥ ਤੁਹਾਡੇ ਧਿਆਨ ਵਿਚ ਲਿਆਉਣਾ ਚਾਹੁੰਦਾ ਹਾਂ ਕਿ ਕੁਝ ਦੁਖਦਾਈ ਘਟਨਾਵਾਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਸਾਲ 2007 ਤੋਂ ਲੈ ਕੇ ਅਕਤੂਬਰ 2015 ਤੱਕ ਵਾਪਰੀਆਂ ਸਨ। ਇਨ੍ਹਾਂ ਹਿਰਦੇਵੇਧਕ ਘਟਨਾਵਾਂ ਨੂੰ ਲੈ ਕੇ ਉਸ ਵੇਲੇ ਦੇ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤਤਕਾਲੀ ਜਥੇਦਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਕੋਲ 17 ਅਕਤੂਬਰ, 2015 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ 'ਤੇ ਹਾਜ਼ਰ ਹੋਏ ਸਨ। ਉਨ੍ਹਾਂ ਨੇ ਪਸ਼ਚਾਤਾਪ ਦੀ ਭਾਵਨਾ ਨਾਲ ਆਪਣੇ ਮਨ ਦੀ ਪੀੜ੍ਹਾ ਇਕ ਲਿਖਤੀ ਪੱਤਰ ਵਿਚ ਸਿੰਘ ਸਾਹਿਬ ਨੂੰ ਪੇਸ਼ ਕੀਤਾ ਸੀ। ਇਸ ਮੌਕੇ ਸੁਖਬੀਰ ਬਾਦਲ ਵਲੋਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵਲੋਂ ਦਿੱਤਾ ਗਿਆ ਪਸ਼ਚਾਤਾਪ ਪੱਤਰ ਵੀ ਨਾਲ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਜਾਅਲੀ ਸਰਟੀਫਿਕੇਟ ਦੇ ਆਧਾਰ 'ਤੇ ਅਧਿਆਪਕ ਬਣਨ ਵਾਲਿਆਂ 'ਤੇ ਵੱਡੀ ਕਾਰਵਾਈ
ਸੁਖਬੀਰ ਨੇ ਅੱਗੇ ਲਿਖਿਆ ਕਿ ਤਤਕਾਲੀ ਮੁੱਖ ਮੰਤਰੀ ਸਾਹਿਬ ਦੇ ਮਨ ਉਪਰ ਉਸ ਵੇਲੇ ਵਾਪਰ ਰਹੀਆਂ ਅਣਕਿਆਸੀਆਂ ਘਟਨਾਵਾਂ ਦਾ ਭਾਰੀ ਬੋਝ ਸੀ ਅਤੇ ਉਨ੍ਹਾਂ ਨੇ ਆਪਣੇ ਮਨ ਦੀ ਵੇਦਨਾ ਤਤਕਾਲੀ ਜਥੇਦਾਰ ਦੇ ਸਨਮੁੱਖ ਭਰੇ ਮਨ ਨਾਲ ਰੱਖੀ ਸੀ। ਸ੍ਰੀ ਅਕਾਲ ਤਖਤ ਸਾਹਿਬ ਬਖਸ਼ਿੰਦ ਗੁਰੂ ਦਾ ਬਖਸ਼ਿੰਦ ਤਖ਼ਤ ਹੈ। ਸਮਰੱਥ ਗੁਰੂ ਜਾਣੀ ਜਾਣ ਹੈ। ਤਰਕ ਤੇ ਦਲੀਲਾਂ ਉਥੇ ਹੁੰਦੀਆਂ ਹਨ ਜਿੱਥੇ ਕਿਸੇ ਨੂੰ ਸਮਝਾਉਣ ਦੀ ਲੋੜ ਹੋਵੇ ਜਾਂ ਕੁਝ ਲੁਕਾਉਣ ਦੀ ਮਨਸ਼ਾ ਹੋਵੇ। ਦਾਸ ਗੁਰੂ ਘਰ ਦਾ ਨਿਮਾਣਾ ਸੇਵਕ ਹੈ। ਹਮੇਸ਼ਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਿਹਾ ਹੈ। ਮੈਂ ਬਿਨਾਂ ਕਿਸੇ ਸਵਾਲ-ਜਵਾਬ ਦੇ ਸੱਚੇ ਦਿਲੋਂ ਵਾਹਿਗੁਰੂ ਅੱਗੇ ਜੋਦੜੀ ਕਰ ਰਿਹਾ ਹਾਂ। ਜੋ ਵੀ ਸਾਡੇ ਖ਼ਿਲਾਫ ਲਿਖ ਕੇ ਦਿੱਤਾ ਗਿਆ ਹੈ, ਦਾਸ ਉਸ ਲਈ ਗੁਰੂ ਦੇ ਮਹਾਨ ਤਖ਼ਤ 'ਤੇ ਹਾਜ਼ਰ ਹੋ ਕੇ ਗੁਰੂ ਸਾਹਿਬ ਅਤੇ ਗੁਰੂ ਪੰਥ ਪਾਸੋਂ ਬਿਨਾਂ ਸ਼ਰਤ ਖਿਮਾ ਜਾਚਨਾ ਕਰਦਾ ਹੈ। ਪਰਿਵਾਰ ਦਾ ਮੁਖੀ ਹੋਣ ਦੇ ਨਾਤੇ ਦਾਸ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦਾ ਹੈ। ਚਾਹੇ ਇਹ ਭੁੱਲਾਂ ਪਾਰਟੀ ਕੋਲੋਂ ਹੋਈਆਂ ਹਨ ਜਾਂ ਸਰਕਾਰ ਕੋਲੋਂ, ਦਾਸ ਚੇਤ-ਅਚਤ ਹੋਈਆਂ ਇਨ੍ਹਾਂ ਸਾਰੀਆਂ ਭੁੱਲਾਂ-ਚੁੱਕਾਂ ਲਈ ਖਿਮਾ ਦਾ ਜਾਚਕ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਮਤਿ ਪ੍ਰੰਪਰਾਵਾਂ ਅਨੁਸਾਰ ਜਾਰੀ ਕੀਤੇ ਪਰ ਹੁਕਮ ਨੂੰ ਦਾਸ ਅਤੇ ਮੇਰੇ ਸਾਥੀ ਖਿੜੇ ਮੱਥੇ ਪ੍ਰਵਾਨ ਕਰਨਗੇ। ਮੇਰੀ ਅਰਦਾਸ ਹੈ ਕਿ ਅਕਾਲ ਪੁਰਖ ਪੰਥ ਅਤੇ ਪੰਜਾਬ ਨੂੰ ਹਮੇਸ਼ਾਂ ਚੜ੍ਹਦੀਕਲਾ ਵਿੱਚ ਰੱਖੇ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਐੱਸ. ਐੱਚ. ਓ. ਅਮਨਜੋਤ ਕੌਰ 'ਤੇ ਡਿਊਟੀ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8