ਅਕਾਲੀ-ਬਸਪਾ ਸਰਕਾਰ ਬਣਨ ’ਤੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਕੀਤੀ ਜਾਵੇਗੀ ਮੁੜ ਸ਼ੁਰੂ : ਸੁਖਬੀਰ ਬਾਦਲ
Tuesday, Nov 09, 2021 - 05:54 PM (IST)
ਬਠਿੰਡਾ/ਸਾਲਾਸਰ ਧਾਮ, (ਚੁਰੂ) (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪੰਜਾਬ ’ਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਇਸ ‘ਧਾਮ’ ਦੇ ਨਾਲ-ਨਾਲ ਸਾਰੇ ਧਰਮਾਂ ਦੇ ਪੂਜਾ ਅਸਥਾਨਾਂ ਨੂੰ ਕਵਰ ਕੀਤਾ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਤੌਰ ’ਤੇ ਸੂਬੇ ਦੇ ਮਾਲਵਾ ਖੇਤਰ ਦੇ ਸੀਨੀਅਰ ਆਗੂਆਂ ਸਮੇਤ ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਸਾਲਾਸਰ ਬਾਲਾਜੀ ਧਾਮ ਮੰਦਰ ਅਤੇ ਮਾਤਾ ਅੰਜਨੀ ਮੰਦਰ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਦੀ ਕਾਮਨਾ ਤੋਂ ਇਲਾਵਾ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਨਾਲ-ਨਾਲ ਸਰਬ ਸਾਂਝੀਵਾਲਤਾ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਮੰਦਰ ਪ੍ਰਬੰਧਕਾਂ ਨੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ-ਨਾਲ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਵੀ ਸਨਮਾਨ ਕੀਤਾ। ਸੁਖਬੀਰ ਸਿੰਘ ਬਾਦਲ ਨੇ ਤਸਵੀਰਾਂ ਖਿਚਵਾਉਣ ਤੋਂ ਇਲਾਵਾ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਬਾਦਲ ਨੇ ਕਿਹਾ ਕਿ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਸੀ, ਜਿਸ ਦੇ ਤਹਿਤ ਪੰਜਾਬੀਆਂ ਨੂੰ ਵੈਸ਼ਣੋ ਦੇਵੀ, ਮਾਤਾ ਚਿੰਤਪੁਰਨੀ, ਸਾਲਾਸਰ, ਅਜਮੇਰ ਸ਼ਰੀਫ, ਹਜ਼ੂਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ’ਤੇ ਪੰਜਾਬੀਆਂ ਨੂੰ ਲਿਜਾਣ ਲਈ ਰੇਲ ਗੱਡੀਆਂ ਤੇ ਬੱਸਾਂ ਚੱਲਦੀਆਂ ਸਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 'ਕਰਤਾਰਪੁਰ ਲਾਂਘਾ' ਖੋਲ੍ਹਣ ਦੀ ਮੁੜ ਕੀਤੀ ਅਪੀਲ
ਇਹ ਸੇਵਾ ਕੁਝ ਬਜ਼ੁਰਗ ਔਰਤਾਂ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨਾਲ ਸੰਪਰਕ ਕਰਨ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ ਅਤੇ ਉਨ੍ਹਾਂ ਕਿਹਾ ਕਿ ਉਹ ਸ੍ਰੀ ਹਜ਼ੂਰ ਸਾਹਿਬ ਜਾਣਾ ਚਾਹੁੰਦੀਆਂ ਹਨ ਪਰ ਉਨ੍ਹਾਂ ਕੋਲ ਕੋਈ ਸਾਧਨ ਨਹੀਂ ਸੀ। ਪੰਜਾਬ ਸਰਕਾਰ ਨੇ ਸ਼ਰਧਾਲੂਆਂ ਨੂੰ ਇਹ ਸੇਵਾ ਮੁਫ਼ਤ ਪ੍ਰਦਾਨ ਕੀਤੀ ਸੀ। ਹਾਲਾਂਕਿ 2017 ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ ਨੂੰ ਤੁਰੰਤ ਰੋਕ ਦਿੱਤਾ ਗਿਆ ਸੀ। ਬਾਦਲ ਨੇ ਕਿਹਾ ਕਿ ਅਸੀਂ ਅਗਲੀ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ ਤੋਂ ਤੁਰੰਤ ਬਾਅਦ ਇਸ ਨੂੰ ਦੁਬਾਰਾ ਸ਼ੁਰੂ ਕਰਾਂਗੇ। ਪਾਰਟੀ ਦੇ ਸੀਨੀਅਰ ਆਗੂਆਂ ਨੇ ਅਕਾਲੀ ਦਲ ਦੇ ਪ੍ਰਧਾਨ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬ ਦੇ ਹਰ ਧਾਰਮਿਕ ਭਾਈਚਾਰੇ ਨੂੰ ਬਣਦਾ ਸਤਿਕਾਰ ਦੇਣ ਦੀ ਨੀਤੀ ਦੇ ਅਨੁਸਾਰ ਹੈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਨਾਲ ਆਏ ਸੀਨੀਅਰ ਆਗੂਆਂ ’ਚ ਸਿਕੰਦਰ ਸਿੰਘ ਮਲੂਕਾ, ਅਨਿਲ ਜੋਸ਼ੀ, ਐੱਨ. ਕੇ. ਸ਼ਰਮਾ, ਸਰੂਪ ਚੰਦ ਸਿੰਗਲਾ, ਪ੍ਰੇਮ ਅਰੋੜਾ, ਪ੍ਰਕਾਸ਼ ਚੰਦ ਗਰਗ, ਜੀਤ ਮਹਿੰਦਰ ਸਿੱਧੂ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਹਰਪ੍ਰੀਤ ਸਿੰਘ, ਪ੍ਰੇਮ ਅਰੋੜਾ, ਗੁਲਜ਼ਾਰ ਸਿੰਘ, ਹੰਸ ਰਾਜ ਜੋਸਨ, ਹਰਦੀਪ ਸਿੰਘ ਡਿੰਪੀ ਢਿੱਲੋਂ, ਮਨਤਾਰ ਸਿੰਘ ਬਰਾੜ, ਤੀਰਥ ਸਿੰਘ ਮਾਹਲਾ, ਪ੍ਰਕਾਸ਼ ਸਿੰਘ ਭੱਟੀ, ਗੁਰਦੇਵ ਸਿੰਘ ਮਾਣੂੰਕੇ, ਵਰਦੇਵ ਸਿੰਘ ਨੋਨੀ ਮਾਨ, ਬਰਜਿੰਦਰ ਸਿੰਘ ਮੱਖਣ ਬਰਾੜ, ਸਤਨਾਮ ਸਿੰਘ ਰਾਹੀ, ਕੁਲਵੰਤ ਸਿੰਘ ਕੀਟੂ, ਦਿਲਰਾਜ ਭੂੰਦੜ ਸ਼ਾਮਲ ਸਨ।