ਮਿਲਾਵਟੀ ਦੁੱਧ ਬਣਾਉਣ ਵਾਲਿਆਂ ਖ਼ਿਲਾਫ਼ ਦਿੱਤੇ ਜਾਣਗੇ 307 ਦੇ ਪਰਚੇ, ਬਣਾਵਾਂਗੇ ਸਖ਼ਤ ਕਾਨੂੰਨ: ਸੁਖਬੀਰ ਬਾਦਲ

Friday, Oct 30, 2026 - 05:14 PM (IST)

ਮਿਲਾਵਟੀ ਦੁੱਧ ਬਣਾਉਣ ਵਾਲਿਆਂ ਖ਼ਿਲਾਫ਼ ਦਿੱਤੇ ਜਾਣਗੇ 307 ਦੇ ਪਰਚੇ, ਬਣਾਵਾਂਗੇ ਸਖ਼ਤ ਕਾਨੂੰਨ: ਸੁਖਬੀਰ ਬਾਦਲ

ਪਟਿਆਲਾ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਸਰਕਾਰ ਬਣਨ 'ਤੇ ਮਿਲਾਵਟਖੋਰੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਮਿਲਾਵਟੀ ਦੁੱਧ ਬਣਾਉਣ ਵਾਲਿਆਂ ਖ਼ਿਲਾਫ਼ 307 ਦੇ ਪਰਚੇ ਦਿੱਤੇ ਜਾਣਗੇ ਤੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਭੇਜਿਆ ਜਾਵੇਗਾ। 

ਉਹ ਅੱਜ ਵਪਾਰੀਆਂ ਨਾਲ ਗੱਲਬਾਤ ਕਰਨ ਲਈ ਪਟਿਆਲਾ ਪਹੁੰਚੇ ਸਨ। ਇਸ ਦੌਰਾਨ ਇਕ ਵਪਾਰੀ ਦੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਮਿਲਾਵਟਖ਼ੋਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਮਿਲਾਵਟੀ ਦੁੱਧ ਬਹੁਤ ਖ਼ਤਰਨਾਕ ਹੈ, ਜਿਸ ਨੂੰ ਬਣਾਉਣ ਲਈ ਕੈਮੀਕਲ ਆਦਿ ਦੀ ਵੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕ ਸਾਡੀ ਆਬਾਦੀ ਨੂੰ ਮਾਰਨ ਲੱਗੇ ਹੋਏ ਹਨ। ਅੱਜਕੱਲ ਇਸੇ ਦੁੱਧ ਨਾਲ ਮਠਿਆਈਆਂ ਵੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਿਲਾਵਟੀ ਦੁੱਧ ਵੇਚਣ ਵਾਲਿਆਂ ਖ਼ਿਲਾਫ਼ 307 ਦੇ ਪਰਚੇ ਦਿੱਤੇ ਜਾਣਗੇ। ਸੁਖਬੀਰ ਨੇ ਕਿਹਾ ਕਿ ਉਹ ਡੇਅਰੀ ਫ਼ਾਰਮਿੰਗ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪਸ਼ੂ ਖਰੀਦਣ ਲਈ 75 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। 

ਇਸ ਦੌਰਾਨ ਉਨ੍ਹਾਂ ਨੇ ਸਾਰੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਭਰੋਸਾ ਦਿਵਾਇਆ ਕਿ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਬਿਨਾਂ ਕਿਸੇ ਡਰ ਦੇ ਕੰਮ ਕਰਨ ਦਾ ਮਾਹੌਲ ਮਿਲਣਾ ਚਾਹੀਦਾ ਹੈ, ਤਾਂ ਹੀ ਸੂਬੇ ਵਿਚ ਵਪਾਰ ਵੱਧ-ਫੁੱਲ ਸਕਦਾ ਹੈ। 


author

Anmol Tagra

Content Editor

Related News