ਬਾਦਲਾਂ ਦੀ ਟੱਕਰ ਲਈ ''ਟਕਸਾਲੀ ਦਲ'' ਦਾ ਐਲਾਨ

12/16/2018 6:33:21 PM

ਅੰਮ੍ਰਿਤਸਰ : ਸੁਖਬੀਰ ਬਾਦਲ ਦੀ ਪ੍ਰਧਾਨਗੀ ਤੋਂ ਖਫਾ ਬਾਗੀ ਹੋਏ ਟਕਸਾਲੀਆਂ ਨੇ ਆਖਿਰ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਟਕਸਾਲੀਆਂ ਵਲੋਂ ਇਸ ਪਾਰਟੀ ਨੂੰ 'ਸ਼੍ਰੋਮਣੀ ਅਕਾਲੀ ਦਲ ਟਕਸਾਲੀ' ਦਾ ਨਾਂ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਨੇ ਅਰਦਾਸ ਕਰਕੇ ਇਸ ਨਵੀਂ ਪਾਰਟੀ ਦਾ ਐਲਾਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿਚ ਟਕਸਾਲੀ ਆਗੂਆਂ ਨੇ ਸ਼ਿਰਕਤ ਕੀਤੀ। 

PunjabKesari
ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਨਵੀਂ ਪਾਰਟੀ ਦਾ ਪ੍ਰਧਾਨ ਥਾਪਿਆ ਗਿਆ ਹੈ। ਸੇਵਾ ਸਿੰਘ ਸੇਖਵਾਂ ਵਲੋਂ ਬ੍ਰਹਮਪੁਰਾ ਦੇ ਨਾਂ ਦੀ ਪੇਸ਼ਕਸ਼ ਕੀਤੀ ਗਈ, ਜਿਸ 'ਤੇ ਡਾ. ਰਤਨ ਸਿੰਘ ਅਜਨਾਲਾ ਨੇ ਸਹਿਮਤੀ ਪ੍ਰਗਟਾਈ। 

PunjabKesari
ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨਗੇ ਅਤੇ ਆਪਣੀ ਪਾਰਟੀ ਦਾ ਸੁਨੇਹਾ ਪਹੁੰਚਾਉਣਗੇ। ਬ੍ਰਹਮਪੁਰਾ ਨੇ ਕਿਹਾ ਕਿ ਪੁਰਾਣੇ ਜਥੇਦਾਰਾਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਹੀ ਅਹੁਦੇਦਾਰਾਂ ਦਾ ਐਲਾਨ ਕੀਤਾ ਜਾਵੇਗਾ।

ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਟਕਸਾਲੀ ਲੀਡਰਾਂ ਨੇ ਆਪਣੇ ਸੈਂਕੜੇ ਸਮਰਥਕਾਂ ਨਾਲ ਦਰਬਾਰ ਸਾਹਿਬ ਵਿਚ ਆਪਣਾ ਸ਼ਕਤੀ ਪ੍ਰਦਰਸ਼ਨ ਕਰਕੇ ਕੀਤੀ। ਇਸ ਦੌਰਾਨ ਸੇਵਾ ਸਿੰਘ ਸੇਖਵਾਂ ਨੇ ਆਪਣੇ ਸੰਬੋਧਨ ਦੌਰਾਨ ਬੇਸ਼ੱਕ ਕਿਸੇ ਵਿਅਕਤੀ ਵਿਸ਼ੇਸ਼ 'ਤੇ ਸਿਆਸੀ ਵਾਰ ਕਰਨ ਤੋਂ ਗੁਰੇਜ਼ ਕੀਤਾ ਪਰ ਉਨ੍ਹਾਂ ਦਾ ਇਸ਼ਾਰਾ ਬਾਦਲ ਪਰਿਵਾਰ ਵੱਲ ਸੀ। ਸੇਖਵਾਂ ਨੇ ਮੁੜ ਤੋਂ 1920 'ਚ ਸਥਾਪਤ ਕੀਤੇ ਗਏ ਅਕਾਲੀ ਦਲ ਦੀ ਭਾਵਨਾ ਨੂੰ ਆਪਣੀ ਪਾਰਟੀ ਵਿਚ ਲਿਆਉਣ ਦਾ ਦਾਅਵਾ ਵੀ ਕੀਤਾ।


Gurminder Singh

Content Editor

Related News