ਢਹਿ-ਢੇਰੀ ਹੋਈ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਸੁਖਬੀਰ ਬਾਦਲ ਕਰਨਗੇ 'ਪੰਜਾਬ ਬਚਾਓ ਦੌਰਾ'

Friday, Dec 16, 2022 - 08:46 PM (IST)

ਚੰਡੀਗੜ੍ਹ : ਪੰਜਾਬ ਵਿਚ  ਬਣੇ ਜੰਗਲ ਰਾਜ ਦੇ ਹਾਲਾਤਾਂ ਅਤੇ ਪ੍ਰਸ਼ਾਸਨ ਤੇ ਕਾਨੂੰਨ ਵਿਵਸਥਾ ਮੁਕੰਮਲ ਤੌਰ ’ਤੇ ਢਹਿ ਢੇਰੀ ਹੋਣ ਨਾਲ ਬਣੇ ਖੌਫ  ਦੇ ਮਾਹੌਲ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਰੇ ਜ਼ਿ‌ਲ੍ਹਿਆਂ ਦਾ "ਪੰਜਾਬ ਬਚਾਓ ਦੌਰਾ" ਕਰਨਗੇ ਤਾਂ ਜੋ ਲੋਕਾਂ ਵਿਚ ਵਿਸ਼ਵਾਸ ਮਜ਼ਬੂਤ ਕੀਤਾ ਜਾ ਸਕੇ। ਇਸ ਬਾਰੇ ਫ਼ੈਸਲਾ ਅੱਜ ਪਾਰਟੀ ਦੇ ਮੁੱਖ ਦਫਤਰ ਵਿਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ।

ਇਹ ਖ਼ਬਰ ਵੀ ਪੜ੍ਹੋ - ਸੜਕਾਂ ਦੀ ਮੁਰੰਮਤ ਨੂੰ ਲੈ ਕੇ ਮਾਨ ਸਰਕਾਰ ਨੇ ਮੁਅੱਤਲ ਕੀਤੇ ਦੋ ਇੰਜੀਨੀਅਰ, ਜਾਣੋ ਕੀ ਹੈ ਪੂਰਾ ਮਾਮਲਾ

ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਸੁਖਬੀਰ ਬਾਦਲ ਨੇ ਸੂਬੇ ਵਿਚ ਡਰ ਤੇ ਖੌਫ ਦੇ ਮਾਹੌਲ ਬਾਰੇ ਮੈਂਬਰਾਂ ਦੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਤੇ ਪੰਜਾਬ ਦਾ ਹੁਣ ਕੋਈ ਵਾਲੀ ਵਾਰਸ ਨਹੀਂ ਲਿਆ। ਆਮ ਆਦਮੀ ਪਾਰਟੀ ਦੀ ਸਰਕਾਰ ਖਾਸ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿਚ ਅਮਨ ਸ਼ਾਂਤੀ ਤੇ ਭਾਈਚਾਰ ਸਾਂਝ ਕਾਇਮ ਰੱਖਣ ਦੀ ਆਪਣੀ ਨੈਤਿਕ ਤੇ ਸੰਵਿਧਾਨਕ ਜ਼ਿੰਮੇਵਾਰੀ ਤੋਂ ਭੱਜ ਗਏ ਹਨ। ਬਾਦਲ ਨੇ ਕਿਹਾ ਕਿ  ਸੂਬੇ ਦੀ ਵਾਗੋਡਰ ਗੈਂਗਸਟਰਾਂ ਤੇ ਗੈਂਗਾਂ ਦੇ ਹੱਥ ਦੇ ਦਿੱਤੀ ਗਈ ਹੈ ਤੇ ਮੰਤਰੀ ਸਿਰਫ ਜਨਤਕ ਸਮਾਗਮਾਂ ਦੀਆਂ ਰਸਮਾਂ ਨਿਭਾਉਣ ਜੋਗੇ ਹੀ ਨਜ਼ਰ ਆ ਰਹੇ ਹਨ। ਪੁਲਸ ਤੇ ਅਫਸਰਸ਼ਾਹੀ ਵੱਖਰੇ ਹੀ ਵਹਿਣ ਵਿਚ ਹਨ।

ਇਹ ਖ਼ਬਰ ਵੀ ਪੜ੍ਹੋ - ਛੱਤੀਸਗੜ੍ਹ 'ਚ ਵੰਦੇ ਭਾਰਤ ਐਕਸਪ੍ਰੈੱਸ 'ਤੇ ਪਥਰਾਅ, PM ਮੋਦੀ ਨੇ ਐਤਵਾਰ ਨੂੰ ਕੀਤੀ ਸੀ ਰਵਾਨਾ

ਉਨ੍ਹਾਂ ਕਿਹਾ ਕਿ ਸਾਰੇ ਪੰਜਾਬੀ ਆਪਣੀ ਜਾਨ ਮਾਲ ਦੀ ਰਾਖੀ ਲਈ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਤੇ ਸ਼ਹਿਰੀ ਲੋਕ ਤਾਂ ਅੱਧੀ ਰਾਤ ਨੂੰ ਫਿਰੌਤੀਆਂ ਤੇ ਵਸੂਲੀਆਂ ਲਈ ਬੂਹੇ ਖੜਕਾਉਣ ਜਾਣ ਦੇ ਡਰੋਂ ਦਹਿਸ਼ਤ ਵਿਚ ਹਨ। ਉਨ੍ਹਾਂ ਕਿਹਾ ਕਿ  ਇਹ ਉਹ ਪੰਜਾਬ ਨਹੀਂ ਰਿਹਾ ਜਿਸ ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਵੇਲੇ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੁੰਦੀ ਸੀ।

ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ  ਨੇ ਕਿਹਾ ਕਿ ਮੀਟਿੰਗ ਵਿਚ ਚਾਰ ਸਾਹਿਬਜ਼ਾਦਿਆਂ ਅਤੇ ਇਤਿਹਾਸ ਦੇ ਹੋਰ ਬੇਖੌਫ ਜੰਗਜੂਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਮੀਟਿੰਗ ਵਿਚ ਅਕਾਲੀ ਦਲ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਹਰਭਜਨ ਸਿੰਘ ਮਸਾਣਾ (ਹਰਿਆਣਾ) ਦੇ ਸਤਿਕਾਰਯੋਗ ਪਿਤਾ ਦਲੀਪ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਅਤੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਵਾਸਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਇਹ ਖ਼ਬਰ ਵੀ ਪੜ੍ਹੋ - ਲਾੜਿਆਂ ਨੇ ਕਾਇਮ ਕੀਤੀ ਮਿਸਾਲ, ਦਾਜ 'ਚ ਹੋਈ ਲੱਖਾਂ ਰੁਪਏ ਦੀ ਪੇਸ਼ਕਸ਼ ਤਾਂ ਦਿੱਤਾ ਇਹ ਜਵਾਬ, ਖੱਟੀ ਵਾਹਵਾਹੀ

ਉਨ੍ਹਾਂ ਦੱਸਿਆ ਕਿ ਜਲੰਧਰ ਵਿਚ ਮਾਸੂਸ ਪਰਿਵਾਰਾਂ ਦੇ ਘਰਾਂ ਦੇ ਉਜਾੜੇ ਪਿੱਛੇ ਸਰਕਾਰ ਤੇ ਜ਼ਮੀਨ ਹੜੱਪ ਕਰਨ ਵਾਲੀਆਂ ਵੱਡੀਆਂ ਮੱਛੀਆਂ ਵਿਚ ਗੰਢਤੁੱਪ ਜ਼ਿੰਮੇਵਾਰ ਹੈ। ਜਿਹੜੇ ਘਰ ਲੋਕਾਂ ਨੇ ਬਹੁਤ ਮਿਹਨਤ ਨਾਲ ਦਹਾਕਿਆਂ ਤੋਂ ਬਣਾਏ ਸੀ, ਉਨ੍ਹਾਂ ਤੋਂ ਉਹ ਹੀ ਖੋਹ ਲਏ ਗਏ ਹਨ। ਜੇਕਰ ਕੋਈ ਕਾਨੂੰਨੀ ਮਾਮਲਾ ਬਣਦਾ ਵੀ ਸੀ ਤਾਂ ਵੀ ਸਰਕਾਰ ਨੇ ਬਹੁਤ ਜ਼ਿਆਦਾ ਅਸੰਵੇਦਨਸ਼ੀਲਤਾ ਵਿਖਾਈ ਤੇ ਬੱਚਿਆਂ, ਔਰਤਾਂ ਤੇ ਬਜ਼ੁਰਗਾਂ ਨੁੰ ਘਰਾਂ ਵਿਚੋਂ ਕੱਢ ਦਿੱਤਾ ਜੋ ਠੰਢ ਵਿਚ ਰਾਤਾਂ ਸੜਕਾਂ ’ਤੇ ਕੱਟ ਰਹੇ ਹਨ। ਸਰਕਾਰ ਇਹ ਘਰ ਇਨ੍ਹਾਂ ਵਿਚ ਰਹਿਣ ਵਾਲਿਆਂ ਨੂੰ ਸਸਤੀਆਂ ਦਰਾਂ ’ਤੇ ਅਲਾਟ ਕਰ ਸਕਦੀ ਸੀ ਜਾਂ ਫਿਰ ਇਨ੍ਹਾਂ ਤੋਂ ਘਰ ਖਾਲੀ ਕਰਵਾਉਣ ਤੋਂ ਪਹਿਲਾਂ ਇਨ੍ਹਾਂ ਨੂੰ ਬਦਲਵੇਂ ਮਕਾਨ ਦਿੱਤੇ ਜਾ ਸਕਦੇ ਸਨ।

ਇਹ ਖ਼ਬਰ ਵੀ ਪੜ੍ਹੋ - ਸੌਖੇ ਢੰਗ ਨਾਲ ਪੈਸੇ ਕਮਾਉਣ ਲਈ ਦਿਹਾੜੀਦਾਰਾਂ ਨੇ ਬਣਾ ਲਿਆ ਲੁਟੇਰਾ ਗੈਂਗ, ਕਰ'ਤੀਆਂ ਡੇਢ ਦਰਜਨ ਵਾਰਦਾਤਾਂ

ਜਲੰਧਰ ਵਿਚ ਗੁਰਦੁਆਰਾ ਸਾਹਿਬ ਵਿਚ ਸਿੱਖ ਰਹਿਤ ਮਰਿਆਦਾ ਵਿਚ ਵਿਘਨ ਪੈਣ ਦੇ ਮਾਮਲੇ ’ਤੇ ਡਾ. ਚੀਮਾ ਨੇ ਕਿਹਾ ਕਿ ਇਹ ਇਕ ਗੰਭੀਰ ਮਾਮਲਾ ਹੈ ਤੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅੱਜ ਇਸ ਮਾਮਲੇ ’ਤੇ ਰੋਪੜ ਵਿਚ ਚਰਚਾ ਕਰ ਰਹੀ ਹੈ। ਡਾ. ਚੀਮਾ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਲਾਲਪੁਰਾ ਵੱਲੋਂ ਘੱਟ ਗਿਣਤੀ ਭਾਈਚਾਰਿਆਂ ਦੇ ਬੱਚਿਆਂ ਨੂੰ ਸਕਾਲਰਸ਼ਿਪ ਦੀ ਰਾਸ਼ੀ ਨਾ ਮਿਲਣ ’ਤੇ ਚੁੱਪ ਵੱਟਣ ਦੀ ਵੀ ਨਿਖੇਧੀ ਕੀਤੀ।

ਇਸ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਪਰਮਜੀਤ ਸਿੰਘ ਸਰਨਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਰਦਾਰ ਇਕਬਾਲ ਸਿੰਘ ਝੂੰਦਾ, ਸਿਕੰਦਰ ਸਿੰਘ ਮਲੂਕਾ, ਵਿਰਸਾ ਸਿੰਘ ਵਲਟੋਹਾ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਰੱਖੜਾ, ਹੀਰਾ ਸਿੰਘ ਗਾਬੜੀਆ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ, ਅਨਿਲ ਜੋਸ਼ੀ, ਐਨ ਕੇ ਸ਼ਰਮਾ, ਗੁਰਪ੍ਰਤਾਪ ਸਿੰਘ ਵਡਾਲਾ, ਡਾ. ਸੁਖਵਿੰਦਰ ਸੁੱਖੀ ਤੇ ਬੀਬੀ ਸੁਨੀਤਾ ਚੌਧਰੀ ਨੇ ਵੀ ਸ਼ਮੂਲੀਅਤ ਕੀਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News