ਸੁਖਬੀਰ ਬਾਦਲ ਦੀ ਚੰਨੀ ਸਰਕਾਰ ਨੂੰ ਚਿਤਾਵਨੀ, ਝੂਠਾ ਕੇਸ ਦਰਜ ਕੀਤਾ ਤਾਂ ਸ਼ੁਰੂ ਕਰਾਂਗੇ ਜੇਲ੍ਹ ਭਰੋ ਅੰਦੋਲਨ

Friday, Nov 26, 2021 - 10:49 PM (IST)

ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ’ਚ ਫਸਾਉਣ ਦੀ ਕਾਂਗਰਸ ਦੀ ਸਾਜ਼ਿਸ਼ ਦੇ ਖਿਲਾਫ ਰੋਸ ਪ੍ਰਗਟਾਉਣ ਲਈ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਭਲਕੇ ਇਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਗ੍ਰਿਫਤਾਰੀਆਂ ਦੇਣਗੇ। ਇਥੇ ਪਾਰਟੀ ਦੀ ਕੋਰ ਕਮੇਟੀ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਭਲਕੇ ਦੁਪਹਿਰ ਵੇਲੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਗ੍ਰਿਫਤਾਰੀਆਂ ਦੇਣਗੇ। ਇਸ ਮਗਰੋਂ ਜ਼ਿਲ੍ਹਾ ਪੱਧਰ ’ਤੇ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਕਾਂਗਰਸ ਪਾਰਟੀ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਖਿਲਾਫ ਝੂਠਾ ਕੇਸ ਦਰਜ ਕਰਨ ਦੀ ਸਾਜ਼ਿਸ਼ ਬੇਨਕਾਬ ਹੋਣ ਤੋਂ ਬਾਅਦ ਰਚੀ ਗਈ ਦੂਜੀ ਸਾਜ਼ਿਸ਼ ਦੇ ਵੇਰਵੇ ਸਾਂਝੇ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਕੋਲ ਪੱਕੀ ਖਬਰ ਹੈ ਕਿ ਮੁੱਖ ਮੰਤਰੀ ਨੇ ਡੀ. ਜੀ. ਪੀ. ਨੂੰ ਮਜੀਠੀਆ ਦੇ ਖਿਲਾਫ ਝੂਠਾ ਕੇਸ ਦਰਜ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਮੁੱਖ ਮੰਤਰੀ ਦੀ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਹੋਈ ਮੀਟਿੰਗ ਤੋਂ ਬਾਅਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕੀ ਕਮੇਟੀ ਰਾਹੀਂ ਨਵੇਂ ਰੂਪ 'ਚ ਲਾਗੂ ਹੋਣਗੇ ਖੇਤੀ ਕਾਨੂੰਨ? PM ਮੋਦੀ ਦੇ ਇਸ ਬਿਆਨ ਨੂੰ ਸਮਝਣਾ ਜ਼ਰੂਰੀ

ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਾਲ-ਨਾਲ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਾਥੀ ਤੇ ਹੋਰ ਅਫਸਰ ਫੌਜਦਾਰੀ ਅਪਰਾਧ ਦੀ ਸਾਜ਼ਿਸ਼ ’ਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ’ਤੇ ਕੇਸ ਚਲਾਉਣਾ ਬਣਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗੱਠਜੋੜ ਸਰਕਾਰ ਬਣਨ ’ਤੇ ਸਾਰੇ ਝੂਠੇ ਕੇਸਾਂ ਦੀ ਜਾਂਚ ਲਈ ਕਮਿਸ਼ਨ ਗਠਿਤ ਕੀਤਾ ਜਾਵੇਗਾ ਤੇ ਉਨ੍ਹਾਂ ਮੰਗ ਵੀ ਕੀਤੀ ਕਿ ਨਸ਼ਿਆਂ ਦੇ ਸਾਰੇ ਕੇਸ ਦੀ ਜਾਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ। ਬਾਦਲ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਚੰਨੀ ਤੇ ਸਿੱਧੂ ਸਰਕਾਰ ਦੀ ਹਾਰ ਮੁਹਾਜ਼ ’ਤੇ ਅਸਫਤਾ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਅਕਾਲੀ ਆਗੂਆਂ ਦੇ ਖਿਲਾਫ ਬਦਲਾਖੋਰੀ ਕਰਨ ਦੀ ਦੌੜ ਵਿਚ ਇਕ-ਦੂਜੇ ਨੂੰ ਨੀਵਾਂ ਵਿਖਾਉਣ ’ਤੇ ਤੁਲੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਸ ਨੂੰ ਅਕਾਲੀ ਦਲ ਲਈ ਚੁਣੌਤੀ ਵਜੋਂ ਲੈਂਦੇ ਹਾਂ ਤੇ ਖੁੱਲ੍ਹਦਿਲੀ ਨਾਲ ਇਸ ਨੂੰ ਸਵੀਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਕਿਸੇ ਵੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਕਿਸੇ ਵੀ ਪੁਲਸ ਥਾਣੇ ਵਿਚ ਮਜੀਠੀਆ ਖਿਲਾਫ ਕੋਈ ਕੇਸ ਦਰਜ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿਚ ਅਰਵਿੰਦ ਕੇਜਰੀਵਾਲ ਵਰਗੇ, ਜਿਨ੍ਹਾਂ ਨੇ ਉਨ੍ਹਾਂ ’ਤੇ ਦੋਸ਼ ਲਗਾਏ ਸਨ, ਉਹ ਵੀ ਜੇਲ੍ਹ ਜਾਣ ਦੇ ਡਰੋਂ ਮੁਆਫੀਆਂ ਮੰਗ ਗਏ। ਉਨ੍ਹਾਂ ਕਿਹਾ ਕਿ ਹੁਣ ਨਵੀਂ ਸੱਤਾ ਦੇ ਨਸ਼ੇ ਵਿਚ ਚੂਰ ਚੰਨੀ ਉਸ ਰਾਹ ਪੈ ਕੇ ਵਿਖਾਉਣ ਜਿਥੇ ਹੋਰ ਫੇਲ੍ਹ ਹੋ ਗਏ। ਪਾਰਟੀ ਨੇ ਐਲਾਨ ਕੀਤਾ ਕਿ ਅਜਿਹੀਆਂ ਘਟੀਆ ਤਰਕੀਬਾਂ ਤੇ ਬਦਲਾਖੋਰੀ ਦੀਆਂ ਕਾਰਵਾਈਆਂ ਅਕਾਲੀ ਦਲ ਨੂੰ ਸਰਕਾਰ ਦੀਆਂ ਅਸਫਲਤਾਵਾਂ ਉਜਾਗਰ ਕਰਨ ਤੇ ਲੋਕਪ੍ਰਿਅਤਾ ਹਾਸਲ ਕਰਨ ਲਈ ਖੋਖਲੇ ਐਲਾਨਾਂ, ਜੋ ਲਾਗੂ ਹੀ ਨਹੀਂ ਹੋ ਸਕੇ, ਦੇ ਦੋਗਲੇਪਣ ਨੂੰ ਬੇਨਕਾਬ ਕਰਨ ਤੋਂ ਰੋਕ ਨਹੀਂ ਸਕਦੀਆਂ।

ਇਹ ਵੀ ਪੜ੍ਹੋ : ਮਨੀਸ਼ ਸਿਸੋਦੀਆ ਦੀ ਪਰਗਟ ਸਿੰਘ ਨੂੰ ਚੁਣੌਤੀ, ਕਿਹਾ- ਦਿੱਲੀ ਤੇ ਪੰਜਾਬ ਦੇ ਸਿੱਖਿਆ ਢਾਂਚੇ 'ਤੇ ਕਰੋ ਡਿਬੇਟ

ਇਸ ਦੌਰਾਨ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੀ ਜਿੱਤ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਜਿੱਤ ਨੇ ਦੁਨੀਆ ਭਰ ਵਿਚ ਵਿਲੱਖਣ ਮਿਸਾਲ ਪੇਸ਼ ਕੀਤੀ ਹੈ, ਜਿਥੇ ਜਿੱਤ ਦਾ ਟੀਚਾ ਸ਼ਾਂਤੀਪੂਰਨ ਤੇ ਲੋਕਤੰਤਰੀ ਤਰੀਕੇ ਨਾਲ ਪ੍ਰਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਦੱਸਣਾ ਚਾਹੁੰਦੇ ਹਾਂ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਅਕਾਲੀ ਦਲ ਦੀ ਗੱਲ ਸੁਣੀ ਹੁੰਦੀ ਤਾਂ ਫਿਰ ਇਹ ਦਿਨ ਨਾ ਵੇਖਣੇ ਪੈਂਦੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਕਿਸਾਨੀ ਸੰਘਰਸ਼ ਵਿਚ ਆਪਣਾ ਪੂਰਾ ਯੋਗਦਾਨ ਪਾਇਆ ਹੈ ਤੇ ਐੱਨ. ਡੀ. ਏ. ਨਾਲੋਂ ਗੱਠਜੋੜ ਵੀ ਤੋੜਿਆ, ਕੇਂਦਰੀ ਵਜ਼ਾਰਤ ਵੀ ਛੱਡੀ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਆਪਣਾ ਪਦਮ ਵਿਭੂਸ਼ਣ ਵੀ ਮੋੜ ਦਿੱਤਾ। ਉਨ੍ਹਾਂ ਨੇ ਕਿਸਾਨ ਅੰਦੋਲਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਏ ਯੋਗਦਾਨ ਨੂੰ ਵੀ ਚੇਤੇ ਕੀਤਾ ਤੇ ਮੰਗ ਕੀਤੀ ਕਿ ਕੇਂਦਰ ਸਰਕਾਰ ਐੱਮ. ਐੱਸ. ਪੀ. ਨੂੰ ਕਾਨੂੰਨੀ ਹੱਕ ਬਣਾਵੇ ਤੇ ਕਿਸਾਨ ਖਿਲਾਫ ਸੰਘਰਸ਼ ਦੌਰਾਨ ਦਰਜ ਹੋਏ ਸਾਰੇ ਕੇਸ ਵਾਪਸ ਲਵੇ। ਕੋਰ ਕਮੇਟੀ ਦੀ ਇਸ ਮੀਟਿੰਗ ’ਚ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਜਗਮੀਤ ਸਿੰਘ ਬਰਾੜ, ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜ੍ਹੀਆ, ਸਿਕੰਦਰ ਸਿੰਘ ਮਲੁਕਾ, ਸੁਰਜੀਤ ਸਿੰਘ ਰੱਖੜਾ, ਬਲਦੇਵ ਮਾਨ, ਸ਼ਰਨਜੀਤ ਸਿੰਘ ਢਿੱਲੋਂ ਤੇ ਹਰਮੀਤ ਸਿੰਘ ਕਾਲਕਾ ਨੇ ਵੀ ਹਿੱਸਾ ਲਿਆ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News