ਸੁਖਬੀਰ ਵਲੋਂ ਬਟਾਲਾ ’ਚ ਅਕਾਲੀ ਵਰਕਰ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਨਿਖੇਧੀ
Monday, May 25, 2020 - 11:32 PM (IST)
ਚੰਡੀਗੜ੍ਹ, (ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਅਕਾਲੀ ਵਰਕਰ ਮਨਜੋਤ ਸਿੰਘ ਦੇ ਬੇਰਹਿਮੀ ਨਾਲ ਕੀਤੇ ਕਤਲ ਅਤੇ ਇਕ ਐੱਨ. ਆਰ. ਆਈ. ਸਮੇਤ ਦੋ ਹੋਰ ਨੌਜਵਾਨਾਂ ’ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਤਾਲਾਬੰਦੀ ਦੌਰਾਨ ਪੰਜਾਬ ਅੰਦਰ ਸਿਆਸੀ ਕਤਲ ਬੇਰੋਕ ਜਾਰੀ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਟਾਲਾ ਜ਼ਿਲਾ ਲਗਾਤਾਰ ਸਿਆਸੀ ਕਤਲਾਂ ਦਾ ਭੰਵਰਜਾਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇਸ ਜ਼ਿਲੇ ਅੰਦਰ ਢਿੱਲਵਾਂ ਦੇ ਸਰਪੰਚ ਦਲਬੀਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਿਛਲੇ ਕੇਸ ਵਾਂਗ ਇਸ ਵਾਰ ਵੀ ਬਟਾਲਾ ਪੁਲਸ ਤੁਰੰਤ ਕਾਰਵਾਈ ਕਰਨ ’ਚ ਨਾਕਾਮ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਹੋਣ ਦੇ ਬਾਵਜੂਦ ਅਜੇ ਤਕ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਸੁਖਬੀਰ ਨੇ ਮਨਜੋਤ ਦਾ ਕਤਲ ਅਤੇ ਉਸ ਦੇ ਸਾਥੀਆਂ ’ਤੇ ਜਾਵਲੇਵਾ ਹਮਲਾ ਕਰਨ ਵਾਲਿਆਂ ਦੀ ਤੁਰੰਤ ਗ੍ਰਿਫ਼ਤਾਰ ਦੀ ਮੰਗ ਕੀਤੀ। ਉਨ੍ਹਾਂ ਮੁੱਖ ਮੰਤਰੀ ਨੂੰ ਉਨ੍ਹਾਂ ਕਾਂਗਰਸੀਆਂ ਨੂੰ ਨੁਕੇਲ ਪਾਉਣ ਲਈ ਕਿਹਾ ਜਿਹੜੇ ਸਿਆਸੀ ਕਿੜਾਂ ਕੱਢਣ ਲਈ ਕਾਨੂੰਨ ਨੂੰ ਆਪਣੇ ਹੱਥਾਂ ’ਚ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਦਿੱਤਾ ਤਾਂ ਅਕਾਲੀ ਦਲ ਦੁਖੀ ਪਰਿਵਾਰ ਦੀ ਇਨਸਾਫ਼ ਦੀ ਲੜਾਈ ਲੜੇਗਾ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣ ਦਾ ਵੀ ਭਰੋਸਾ ਦਿਵਾਇਆ।