ਕੇਂਦਰ ਨੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਬੇਰਹਿਮੀ ਵਾਲਾ ਰਵੱਈਆ ਅਪਣਾਇਆ : ਸੁਖਬੀਰ
Saturday, Dec 26, 2020 - 01:00 AM (IST)
ਚੰਡੀਗੜ੍ਹ,(ਬਿਊਰੋ)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਇਕ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ’ਤੇ ਸ਼ਾਂਤੀਪੂਰਵਕ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਬੇਰਹਿਮੀ ਵਾਲਾ ਰਵੱਈਆ ਅਪਣਾਉਣ ਲਈ ਕੇਂਦਰ ਸਰਕਾਰ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੇ ਕੜਾਕੇ ਦੀ ਠੰਡ ਵਿਚ ਸ਼ਾਂਤੀਪੂਰਵਕ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਢਿੱਲਮੱਠ ਵਾਲਾ ਤੇ ਬੇਰਹਿਮੀ ਵਾਲਾ ਰਵੱਈਆ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਪਿਛਲੇ ਸੰਸਦੀ ਇਜਲਾਸ ਵਿਚ ਜਬਰੀ ਪਾਸ ਕਰਵਾਏ ਗਏ 3 ਖੇਤੀ ਕਾਨੂੰਨਾਂ ਖਿਲਾਫ ਆਵਾਜ਼ ਚੁੱਕਣ ’ਤੇ ਕਿਸਾਨਾਂ ਨੂੰ ਸਜ਼ਾ ਦੇਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ : ਪਹਿਲੀ ਵਾਰ ਟਵਿੱਟਰ ਦੇ ਟਰੈਂਡਿੰਗ ’ਚ ਆਏ ‘ਗੁਰਮੁਖੀ ਦੇ ਅੱਖਰ’
ਉਨ੍ਹਾਂ ਕਿਹਾ ਕਿ ਗੱਲਬਾਤ ਦਾ ਸ਼ਗੂਫਾ ਛੱਡਣ ਦਾ ਮਕਸਦ ਸਿਰਫ ਕਿਸਾਨਾਂ ਨੂੰ ਬਦਨਾਮ ਕਰਨਾ ਅਤੇ ਇਹ ਪ੍ਰਭਾਵ ਦੇਣਾ ਹੈ ਕਿ ਉਹ ਅੜੀਅਲ ਹਨ, ਜਦਕਿ ਸੱਚਾਈ ਇਹ ਹੈ ਕਿ ਇਹ ਕੇਂਦਰ ਹੀ ਹੈ ਜੋ ਦੇਸ਼ ਭਰ ਦੇ ਕਿਸਾਨਾਂ ਵਲੋਂ ਪ੍ਰਵਾਨ ਨਾ ਕੀਤੇ ਜਾ ਰਹੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰਕੇ ਅੜਬ ਰਵੱਈਆ ਅਪਣਾਈ ਬੈਠਾ ਹੈ। ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੰਜ਼ੀਦਗੀ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆੜ੍ਹਤੀਆਂ ਨੂੰ ਇਨਕਮ ਟੈਕਸ ਦੇ ਛਾਪਿਆਂ ਰਾਹੀਂ ਪੀੜ੍ਹਤ ਕਰਨ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ। ਚੰਗਾ ਹੋਵੇਗਾ ਜੇਕਰ ਕੇਂਦਰ ਸਰਕਾਰ ਸੰਸਦ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦ ਕੇ ਤਿੰਨੇ ਖੇਤੀ ਕਾਨੂੰਨ ਰੱਦ ਕਰ ਦੇਵੇ।
ਇਹ ਵੀ ਪੜ੍ਹੋ : ਕੇਂਦਰ ਦੀ ਚਿੱਠੀ 'ਤੇ ਕਿਸਾਨ ਜਥੇਬੰਦੀਆਂ ਦੀ ਬੈਠਕ ਹੁਣ ਕੱਲ, PM ਮੋਦੀ ਦੇ ਸੰਬੋਧਨ ਤੋਂ ਬਾਅਦ ਲਿਆ ਫੈਸਲਾ
ਬਾਦਲ ਨੇ ਮਨੁੱਖਤਾ ਦੀ ਦੁਹਾਈ ਦਿੰਦੇ ਹੋਏ ਕਿਹਾ ਕਿ ਪਿਛਲੇ ਇਕ ਮਹੀਨੇ ਵਿਚ 40 ਤੋਂ ਜ਼ਿਆਦਾ ਕਿਸਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਉਹ 6 ਮਹੀਨੇ ਪਹਿਲਾਂ ਇਨ੍ਹਾਂ ਕਾਨੂੰਨਾਂ ਦਾ ਆਰਡੀਨੈਂਸ ਜਾਰੀ ਕਰਨ ਦੇ ਵੇਲੇ ਤੋਂ ਵਿਰੋਧ ਕਰ ਰਹੇ ਹਨ ਅਤੇ ਸਰਕਾਰ ਪਿਛਲੇ 5 ਮਹੀਨਿਆਂ ਤੋਂ ਕਿਸਾਨਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਇਨਕਾਰੀ ਹੈ ਅਤੇ ਇਸ ਨੇ ਉਦੋਂ ਹੀ ਗੱਲਬਾਤ ਸ਼ੁਰੂ ਕੀਤੀ ਜਦੋਂ ਕਿਸਾਨਾਂ ਨੇ ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ। ਉਨ੍ਹਾਂ ਕਿਹਾ ਕਿ ਹੋਰ ਕਿੰਨੇ ਕਿਸਾਨ ਸ਼ਹਾਦਤ ਦੇਣ ਤਾਂ ਜੋ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣੇ ਅਤੇ ਇਸ ’ਤੇ ਕਾਰਵਾਈ ਕਰੇ। ਮਰਹੂਮ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਵਾਜਪਾਈ ਹਾਲਾਤ ਨੂੰ ਅਜਿਹਾ ਨਹੀਂ ਬਣਨ ਦਿੰਦੇ। ਮੌਜੂਦਾ ਐੱਨ. ਡੀ. ਏ. ਸਰਕਾਰ ਨੂੰ ਮਰਹੂਮ ਪ੍ਰਧਾਨ ਮੰਤਰੀ ਵਲੋਂ ਸਭ ਵਰਗਾਂ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਤੋਂ ਸਿੱਖਿਆ ਲੈਣੀ ਚਾਹੀਦੀ ਹੈ।