9 ਨਵੰਬਰ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਪ੍ਰਧਾਨਗੀ PM ਮੋਦੀ ਕਰਨਗੇ : ਸੁਖਬੀਰ

Saturday, Sep 28, 2019 - 08:01 PM (IST)

9 ਨਵੰਬਰ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਪ੍ਰਧਾਨਗੀ PM ਮੋਦੀ ਕਰਨਗੇ : ਸੁਖਬੀਰ

ਚੰਡੀਗੜ੍ਹ,(ਅਸ਼ਵਨੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ 9 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਕੀਤੇ ਜਾ ਰਹੇ ਸਮਾਗਮ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਅੱਜ ਪੱਛਮੀ ਬੰਗਾਲ ਵਿਚ ਅਸਾਨਸੋਲ ਵਿਖੇ ਗੁਰੂ ਸਾਹਿਬ ਦੇ 550ਵੇਂ ਪਰਕਾਸ਼ ਪੁਰਬ ਸਮਾਗਮਾਂ ਦੇ ਸੰਦਰਭ 'ਚ ਹੋਏ ਇੱਕ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਰਾਸ਼ਟਰਪਤੀ ਵੱਲੋਂ 12 ਨਵੰਬਰ ਨੂੰ ਹੋਣ ਵਾਲੇ ਮੁੱਖ ਸਮਾਗਮ ਦੀ ਪ੍ਰਧਾਨਗੀ ਕੀਤੀ ਜਾਵੇਗੀ, ਜਦਕਿ ਵੱਖ-ਵੱਖ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ 11 ਨਵੰਬਰ ਨੂੰ ਹੋਣ ਵਾਲੇ ਸਮਾਗਮ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ 550ਵੀਂ ਸ਼ਤਾਬਦੀ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਇਕ ਨਵੰਬਰ ਤੋਂ 12 ਨਵੰਬਰ ਤਕ ਸਮਾਗਮ ਕਰਵਾਏ ਜਾਣਗੇ।
ਇਨ੍ਹਾਂ ਸਮਾਗਮਾਂ ਦੌਰਾਨ ਪੱਛਮੀ ਬੰਗਾਲ ਦੀ ਸੰਗਤ ਨੂੰ ਸੁਲਤਾਨਪੁਰ ਲੋਧੀ ਵਿਖੇ ਆਉਣ ਦਾ ਸੱਦਾ ਦਿੰਦਿਆਂ ਅਕਾਲੀ ਪ੍ਰਧਾਨ ਨੇ ਉਨ੍ਹਾਂ ਨੂੰ ਪਾਕਿਸਤਾਨ 'ਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ ਤੇ ਸ਼ਰਧਾਲੂ ਇਸ ਲਾਂਘੇ ਰਾਹੀਂ ਜਾ ਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਬਾਦਲ ਨੇ ਸੰਗਤ ਨੂੰ ਗੁਰੂ ਸਾਹਿਬ ਦੇ 'ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ' ਦੇ ਸੁਨੇਹੇ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਅਤੇ ਇਨ੍ਹਾਂ ਸਿੱਖਿਆਵਾਂ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਆਖਣ। ਉਨ੍ਹਾਂ ਕਿਹਾ ਕਿ 550ਵੇਂ ਪਰਕਾਸ਼ ਪੁਰਬ ਸਮਾਗਮਾਂ ਨੂੰ ਕਾਮਯਾਬ ਬਣਾਉਣ ਲਈ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ।


Related News