ਟਿਊਬਵੈਲਾਂ ''ਤੇ ਬਿੱਲਾਂ ਦਾ ਫੈਸਲਾ ''ਚਿੱਟੇ ਦਿਨ ਦਾ ਸਿਆਹ ਪਾਗਲਪਣ'' : ਸੁਖਬੀਰ
Friday, May 29, 2020 - 01:39 AM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਕੈਬਨਿਟ ਵੱਲੋਂ ਪੰਜਾਬ ਵਿਚ ਕਿਸਾਨਾਂ ਦੀਆਂ ਬੰਬੀਆਂ ਉੱਤੇ ਬਿੱਲ ਲਾਉਣ ਦੇ ਫੈਸਲੇ ਨੂੰ 'ਚਿੱਟੇ ਦਿਨ ਦਾ ਸਿਆਹ ਪਾਗਲਪਣ' ਕਰਾਰ ਦਿੰਦਿਆਂ ਕਿਹਾ ਹੈ ਕਿ ਸਹੀ ਮਾਨਸਿਕ ਸਥਿਤੀ ਵਾਲੇ ਕਿਸੇ ਵੀ ਵਿਅਕਤੀ ਨੂੰ ਇਹ ਗੱਲ ਕਦੇ ਸਮਝ ਨਹੀਂ ਆਏਗੀ ਕਿ ਕਾਂਗਰਸ ਸਰਕਾਰ ਉਸ ਸਮੇਂ ਕਿਸਾਨਾਂ 'ਤੇ ਬੋਝ ਪਾਉਣ ਬਾਰੇ ਸੋਚ ਵੀ ਕਿਵੇਂ ਸਕਦੀ ਹੈ ਜਦੋਂ ਕੁਦਰਤੀ ਆਫ਼ਤਾਂ, ਸਰਕਾਰੀ ਲਾਪ੍ਰਵਾਹੀ ਅਤੇ ਆਰਥਿਕਤਾ ਦੇ ਉਤਾਰ ਚੜ੍ਹਾਓ ਨੇ ਕਿਸਾਨੀ ਦੀ ਕਮਰ ਪਹਿਲਾਂ ਹੀ ਤੋੜ ਛੱਡੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਇਹ ਫੈਸਲਾ ਕਿਸਾਨਾਂ ਲਈ ਮੁਫਤ ਬਿਜਲੀ ਦੀ ਸਹੂਲਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚੁੱਕਿਆ ਪਹਿਲਾ ਕਦਮ ਹੈ, ਜੋ ਕਿ ਉਨ੍ਹਾਂ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਅਕਾਲੀ-ਭਾਜਪਾ ਸਰਕਾਰ ਵੱਲੋਂ 1997 ਵਿਚ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕਿਸਾਨਾਂ ਨੂੰ ਦਿਨ-ਦਿਹਾੜੇ ਚੌਰਾਹੇ ਵਿਚ ਫਾਹੇ ਲਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਵਨ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕੀਤੇ ਵਾਅਦਿਆਂ ਉੱਤੇ ਪੰਜਾਬੀਆਂ ਨਾਲ ਕੀਤਾ ਗਿਆ ਇੱਕ ਹੋਰ ਵਿਸ਼ਵਾਸਘਾਤ ਹੈ।
ਅਖੌਤੀ ਸਿੱਧੀ ਲਾਭ ਤਬਾਦਲਾ ਨੀਤੀ (ਡੀ. ਬੀ. ਟੀ.) ਦਾ ਹਵਾਲਾ ਦਿੰਦਿਆਂ ਬਾਦਲ ਨੇ ਕਿਹਾ ਕਿ ਇਸ ਨੀਤੀ ਦਾ ਅਸਲੀ ਅਰਥ ਇਹ ਹੈ ਕਿ ਹੁਣ ਕਿਸਾਨਾਂ ਦੀਆਂ ਬੰਬੀਆਂ ਉੱਤੇ ਬਿਜਲੀ ਦੇ ਮੀਟਰ ਲਗਾਏ ਜਾਣਗੇ ਅਤੇ ਉਨ੍ਹਾਂ ਨੂੰ ਬਿਲ ਭਰਨ ਲਈ ਮਜਬੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੋਂ ਤਕ ਬਾਅਦ ਵਿਚ ਇਨ੍ਹਾਂ ਬਿੱਲਾਂ ਦੀ ਰਕਮ ਦੀ ਵਾਪਸੀ ਦਾ ਸੰਬੰਧ ਹੈ, ਇਸ ਸਰਕਾਰ ਦਾ ਰਿਕਾਰਡ ਅਸੀਂ ਸਾਰੇ ਜਾਣਦੇ ਹਾਂ, ਜਿਹੜੀ ਕਿ ਆਪਣੇ ਕਰਮਚਾਰੀਆਂ ਨੂੰ ਮੈਡੀਕਲ ਅਤੇ ਦੂਜੇ ਭੱਤਿਆਂ ਦੀ ਅਦਾਇਗੀ ਕਰਨ ਵਿਚ ਵੀ ਨਾਕਾਮ ਰਹੀ ਹੈ ਅਤੇ ਜਿਸ ਲਈ ਸਰਕਾਰੀ ਕਰਮਚਾਰੀਆਂ ਨੂੰ ਤਨਖਾਹਾਂ ਤਕ ਦੇਣੀਆਂ ਮੁਸ਼ਕਿਲ ਹੋ ਰਹੀਆਂ ਹਨ। ਅਜਿਹੀ ਸਰਕਾਰ 'ਤੇ ਕੌਣ ਭਰੋਸਾ ਕਰ ਸਕਦਾ ਹੈ ਕਿ ਇਹ ਡੀ. ਬੀ. ਟੀ. ਰਾਹੀਂ ਕਿਸਾਨਾਂ ਨੂੰ ਬਿੱਲਾਂ ਦੇ ਪੈਸੇ ਵਾਪਸ ਕਰੇਗੀ?
ਉਨ੍ਹਾਂ ਕਿਹਾ ਕਿ ਜੇ ਕਾਂਗਰਸ ਸਰਕਾਰ ਨੇ ਕੈਬਨਿਟ ਦੇ ਇਸ ਫੈਸਲੇ ਨੂੰ ਅਮਲੀ ਰੂਪ ਦੇਣ ਦੀ ਕੋਸ਼ਿਸ਼ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਇਸ ਕਹਿਰ ਨੂੰ ਮੂਕ ਦਰਸ਼ਕ ਬਣ ਕੇ ਦੇਖਦਾ ਨਹੀਂ ਰਹੇਗਾ ਅਤੇ ਹਰ ਹਾਲਤ ਵਿਚ ਕਿਸਾਨੀ ਦੇ ਮੋਢੇ ਨਾਲ ਮੋਢਾ ਜੋੜ ਕੇ ਇਸ ਸਰਕਾਰੀ ਤਸ਼ੱਦਦ ਵਿਰੁੱਧ ਲੜੇਗਾ। ਇਸ ਮੁੱਦੇ 'ਤੇ ਪਾਰਟੀ ਦੇ ਰਣਨੀਤੀ ਦੀ ਰੂਪ ਰੇਖਾ ਤਹਿ ਕਰਨ ਲਈ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਫੈਸਲਿਆਂ ਬਾਰੇ ਸਰਵਉੱਚ ਕੋਰ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਤੁਰੰਤ ਸੱਦ ਲਈ ਹੈ। ਇਹ ਮੀਟਿੰਗ 30 ਮਈ ਨੂੰ ਚੰਡ੍ਹੀਗੜ੍ਹ ਵਿਖੇ ਹੋਏਗੀ। ਬਾਦਲ ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਕਾਂਗਰਸ ਪਾਰਟੀ ਅੰਦਰ ਕੁੱਝ ਅਜਿਹੇ ਲੋਕ ਹਨ, ਜਿਨ੍ਹਾਂ ਨੇ ਹਮੇਸ਼ਾ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰ ਅਕਾਲੀ ਦਲ ਸਾਡੇ ਕਿਸਾਨਾਂ ਨਾਲ ਹਮੇਸ਼ਾ ਚੱਟਾਨ ਵਾਂਗ ਖੜ੍ਹਦਾ ਰਿਹਾ ਹੈ। ਹੁਣ ਵੀ ਅਸੀਂ ਇਹੀ ਕਰਾਂਗੇ। ਅਸੀਂ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਹ ਆਪਣਾ ਫੈਸਲਾ ਬਦਲ ਲਵੇ ਜਾਂ ਫਿਰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨ ਲਈ ਤਿਆਰ ਰਹੇ।