ਸਿੱਖਾਂ ਦੇ ਜਜ਼ਬਾਤਾਂ ਦਾ ਅਪਮਾਨ ਕਰਨ ਲਈ ਕੈਪਟਨ ਸਿੱਖ ਕੌਮ ਤੋਂ ਮੰਗਣ ਮੁਆਫੀ : ਸੁਖਬੀਰ
Wednesday, Dec 26, 2018 - 05:24 PM (IST)
ਮਾਨਸਾ (ਸੰਦੀਪ ਮਿੱਤਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਨੂੰ ਸਿੱਖਾਂ ਦੇ ਜਜ਼ਬਾਤਾਂ ਦਾ ਅਪਮਾਨ ਕਰਨ ਅਤੇ '84 ਸਿੱਖ ਕਤਲੇਆਮ 'ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਭੂਮਿਕਾ ਦਾ ਪਰਦਾਫਾਸ਼ ਕਰਨ ਤੋਂ ਇਨਕਾਰ ਕਰਨ ਲਈ ਸਿੱਖ ਕੌਮ ਤੋਂ ਮੁਆਫੀ ਮੰਗਣ ਅਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਆਖਿਆ ਹੈ। ਮਾਨਸਾ ਜ਼ਿਲੇ 'ਚ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕੈਪਟਨ ਸਿੱਖ ਭਾਈਚਾਰੇ ਖ਼ਿਲਾਫ ਸਟੈਂਡ ਲੈ ਰਿਹਾ ਹੈ। ਕਿਸੇ ਵੀ ਸਿੱਖ ਤੋਂ ਅਜਿਹੇ ਵਿਵਹਾਰ ਦੀ ਉਮੀਦ ਨਹੀਂ ਕੀਤੀ ਜਾਂਦੀ, ਪੰਜਾਬ ਦੇ ਮੁੱਖ ਮੰਤਰੀ ਤੋਂ ਤਾਂ ਬਿਲਕੁਲ ਵੀ ਨਹੀਂ।
ਉਨ੍ਹਾਂ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਗਾਂਧੀ ਪਰਿਵਾਰ ਅਤੇ ਆਪਣੀ ਕੁਰਸੀ ਨੂੰ ਬਚਾਉਣ ਦੀ ਥਾਂ ਸਿੱਖ ਕੌਮ ਦਾ ਸਾਥ ਦੇਣ ਅਤੇ '84 ਕਤਲੇਆਮ ਦੇ ਪੀੜਤਾਂ ਲਈ ਇਨਸਾਫ ਲੈਣ 'ਚ ਮਦਦ ਕਰਨ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਖ਼ਿਲਾਫ ਦਿੱਤੇ ਤਾਜ਼ਾ ਫੈਸਲੇ 'ਚ ਦਿੱਲੀ ਹਾਈ ਕੋਰਟ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਦੀ ਸਿਆਸੀ ਪੁਸ਼ਤ ਪਨਾਹੀ ਕਰਨ ਅਤੇ 34 ਸਾਲਾਂ ਤਕ ਉਨ੍ਹਾਂ ਨੂੰ ਕਾਨੂੰਨ ਤੋਂ ਬਚਾਉਣ ਲਈ ਕਾਂਗਰਸ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਬਾਰੇ ਹੁਣ ਕੋਈ ਭੁਲੇਖਾ ਨਹੀਂ ਹੈ ਕਿ ਰਾਜੀਵ ਗਾਂਧੀ ਨੇ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਦੋਸ਼ੀਆਂ ਨੂੰ ਪਹਿਲਾਂ ਉਕਸਾਇਆ ਅਤੇ ਫਿਰ ਕਾਨੂੰਨ ਤੋਂ ਬਚਾਇਆ ਸੀ। ਬਤੌਰ ਸਿੱਖ ਅਤੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਇਹ ਕੈਪਟਨ ਅਮਰਿੰਦਰ ਦਾ ਫਰਜ਼ ਹੈ ਕਿ ਉਹ ਗਾਂਧੀ ਪਰਿਵਾਰ ਦਾ ਬਾਈਕਾਟ ਕਰਨ ਅਤੇ '84 ਕਤਲੇਆਮ ਦੇ ਸਾਰੇ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਲੜਾਈ 'ਚ ਸਿੱਖ ਸੰਗਤ ਦਾ ਸਾਥ ਦੇਣ। ਮੀਟਿੰਗ 'ਚ ਸੀਨੀਅਰ ਆਗੂਆਂ 'ਚ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸਰਦੂਲਗੜ੍ਹ ਦੇ ਵਿਧਾਇਕ ਦਿਲਰਾਜ ਸਿੰਘ ਭੂੰਦੜ, ਅਕਾਲੀ ਦਲ ਦੇ ਦਫਤਰ ਸਕੱਤਰ ਚਰਨਜੀਤ ਸਿੰਘ ਬਰਾੜ ਤੋਂ ਇਲਾਵਾ ਵੱਡੀ ਗਿÎਣਤੀ 'ਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
