ਅਕਾਲੀ ਦਲ ਨੇ ਪਾਰਟੀ ਵਰਕਰਾਂ ਨੂੰ ਘਰ-ਘਰ ਜਾ ਕੇ ਮੈਂਬਰ ਬਣਾਉਣ ਲਈ ਆਖਿਆ
Friday, Jul 19, 2019 - 02:00 PM (IST)
ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰ-ਘਰ ਜਾ ਕੇ ਨਵੇਂ ਮੈਂਬਰਾਂ ਦੀ ਭਰਤੀ ਕਰਨ। ਇਸ ਦੇ ਨਾਲ ਇਹ ਵੀ ਕਿਹਾ ਹੈ ਕਿ ਵਾਧੂ ਕਾਪੀਆਂ ਦੀ ਜ਼ਰੂਰਤ ਹੋਣ 'ਤੇ ਇਹ ਪਾਰਟੀ ਦੇ ਮੁੱਖ ਦਫ਼ਤਰ 'ਚੋਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਅਕਾਲੀ ਦਲ ਵਾਸਤੇ ਨਵੇਂ ਮੈਂਬਰਾਂ ਦੀ ਭਰਤੀ ਕਰਨ ਲਈ ਲੋੜੀਦੀਆਂ ਕਾਪੀਆਂ ਸਾਰੇ ਜ਼ਿਲਾ ਪ੍ਰਧਾਨਾਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਭੇਜੀਆਂ ਜਾ ਚੁੱਕੀਆਂ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਮੈਂਬਰਸ਼ਿਪ ਵਾਸਤੇ ਕਾਪੀਆਂ ਲੈਣ ਲਈ ਉਪਰੋਕਤ ਆਗੂਆਂ ਤੱਕ ਪਹੁੰਚ ਕਰ ਸਕਦੇ ਹਨ ਅਤੇ ਜੇਕਰ ਉਨ੍ਹਾਂ ਨੂੰ ਵਾਧੂ ਕਾਪੀਆਂ ਦੀ ਲੋੜ ਜਾਪਦੀ ਹੈ ਤਾਂ ਉਹ ਮੁੱਖ ਦਫ਼ਤਰ 'ਚੋਂ ਲੈ ਸਕਦੇ ਹਨ। ਬਰਾੜ ਨੇ ਕਿਹਾ ਕਿ ਇਹ ਸਾਰੇ ਕਦਮ ਅਕਾਲੀ ਦਲ ਪ੍ਰਧਾਨ ਦੇ ਨਿਰਦੇਸ਼ਾਂ ਉੱਤੇ ਚੁੱਕੇ ਜਾ ਰਹੇ ਹਨ, ਜੋ ਚਾਹੁੰਦੇ ਹਨ ਕਿ ਮੈਂਬਰਸ਼ਿਪ ਮੁਹਿੰਮ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ ਹੈ। ਇਸ ਨਾਲ ਭਰਤੀ ਦੀ ਪ੍ਰਕਿਰਿਆ 'ਚ ਵਧੇਰੇ ਪਾਰਦਰਸ਼ਤਾ ਆਵੇਗੀ ਅਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਮੈਂਬਰਸ਼ਿਪ ਕਾਪੀਆਂ ਦੀ ਭਾਰੀ ਮੰਗ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂਬਰਸ਼ਿਪ ਮੁਹਿੰਮ ਪੂਰੇ ਜ਼ੋਰਾਂ ਨਾਲ ਚੱਲ ਰਹੀ ਹੈ ਅਤੇ ਵੱਧ ਤੋਂ ਵੱਧ ਨਵੇਂ ਮੈਂਬਰਾਂ ਦੀ ਭਰਤੀ ਕਰਨ ਬਾਰੇ ਪਾਰਟੀ ਵਰਕਰਾਂ ਅੰਦਰ ਬਹੁਤ ਜ਼ਿਆਦਾ ਉਤਸ਼ਾਹ ਹੈ। ਭਰਤੀ ਮੁਹਿੰਮ 30 ਅਗਸਤ ਤੱਕ ਜਾਰੀ ਰਹੇਗੀ।