ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਨੂੰ ਰਿਹਾਅ ਕਰੋ, ਨਾ ਕਿ ਚੁਣੇ ਹੋਏ ਲੋਕਾਂ ਨੂੰ : ਸੁਖਬੀਰ

09/25/2019 9:42:43 AM

ਚੰਡੀਗੜ੍ਹ (ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀਆਂ ਸਜ਼ਾਵਾਂ ਪੂਰੀ ਕਰਨ ਮਗਰੋਂ ਜੇਲਾਂ 'ਚ ਸੜ ਰਹੇ ਸਾਰੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਕੈਦੀਆਂ ਦੀ ਰਿਹਾਈ ਲਈ ਚੋਣਵੀਂ ਪਹੁੰਚ ਅਪਣਾਏ ਜਾਣ ਦੇ ਵਿਰੁੱਧ ਹਨ।ਪ੍ਰੈੱਸ ਬਿਆਨ ਜਾਰੀ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਭਾਵੇਂਕਿ ਸਾਡੀ ਪਹਿਲ ਇਹ ਹੈ ਕਿ ਜੇਲਾਂ ਵਿਚ ਗੈਰ-ਕਾਨੂੰਨੀ ਤੌਰ 'ਤੇ ਬੰਦ ਸਾਰੇ ਸਿੱਖਾਂ ਦੀ ਰਿਹਾਈ ਹੋਵੇ ਪਰ ਇਸ ਦੇ ਨਾਲ ਹੀ ਅਸੀਂ ਚਾਹੁੰਦੇ ਹਾਂ ਕਿ ਦੇਸ਼ ਭਰ ਵਿਚ ਉਨ੍ਹਾਂ ਸਾਰੇ ਕੈਦੀਆਂ ਦੀ ਰਿਹਾਈ ਹੋਵੇ, ਜਿਹੜੇ ਕਾਨੂੰਨੀ ਤੌਰ 'ਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰੀ ਬੈਠੇ ਹਨ।

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਚਿੱਠੀ ਲਿਖ ਕੇ ਅਪੀਲ ਕੀਤੀ ਸੀ ਕਿ ਉਹ ਇਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਜਲਦੀ ਰਿਹਾਈ ਕਰਵਾਉਣ ਵਾਸਤੇ ਨਿੱਜੀ ਤੌਰ 'ਤੇ ਦਖ਼ਲ ਦੇਣ। ਬਾਦਲ ਦਾ ਅੱਜ ਦਾ ਬਿਆਨ ਅਜਿਹੀਆਂ ਰਿਪੋਰਟਾਂ ਦੇ ਮੱਦੇਨਜ਼ਰ ਆਇਆ ਹੈ ਕਿ ਪੰਜਾਬ ਸਰਕਾਰ ਨੇ ਚੋਣਵੀਂ ਪਹੁੰਚ ਰਾਹੀਂ ਸਿੱਖ ਕੈਦੀਆਂ ਦੀ ਰਿਹਾਈ ਲਈ ਅਪੀਲ ਕੀਤੀ ਹੈ। ਅਕਾਲੀ ਦਲ ਦੀ ਮੰਗ ਪੂਰੀ ਤਰ੍ਹਾਂ ਸੰਵਿਧਾਨ ਅਤੇ ਕਾਨੂੰਨ ਦੇ ਨਿਯਮਾਂ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਅਤੇ ਕਾਨੂੰਨ ਦੇ ਇਹ ਨਿਯਮ ਪ੍ਰਭਾਵਿਤ ਵਿਅਕਤੀਆਂ ਦੇ ਸਿਆਸੀ ਪਿਛੋਕੜ ਦੇ ਆਧਾਰ ਉੱਤੇ ਕਿਸੇ ਨਾਲ ਕੋਈ ਵਿਤਕਰਾ ਕੀਤੇ ਬਿਨਾਂ ਸਾਰਿਆਂ ਉਤੇ ਬਰਾਬਰ ਲਾਗੂ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ ਅਤੇ ਬਰਾਬਰ ਹੀ ਰਹਿਣਾ ਚਾਹੀਦਾ ਹੈ। ਇਸ ਤਰ੍ਹਾਂ ਦਾ ਕੋਈ ਪ੍ਰਭਾਵ ਨਹੀਂ ਜਾਣਾ ਚਾਹੀਦਾ ਕਿ ਸਰਕਾਰ ਨੇ ਕੁੱਝ ਸਿੱਖਾਂ ਨੂੰ ਬੰਦੀ ਬਣਾਏ ਰੱਖਣ ਅਤੇ ਕੁੱਝ ਨੂੰ ਰਿਹਾਅ ਕਰਨ ਸਬੰਧੀ ਪੱਖਪਾਤੀ ਪਹੁੰਚ ਅਪਣਾਈ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਇਸ ਸਬੰਧੀ ਪਾਰਟੀ ਦੀ ਗੁਜ਼ਾਰਿਸ਼ ਨੂੰ ਜ਼ਰੂਰ ਸੁਣਨਗੇ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਸਿੱਖਾਂ ਨੂੰ ਇਨਸਾਫ ਦਿਵਾਉਣ ਦੀ ਪਿਰਤ ਜਾਰੀ ਰੱਖੇਗੀ ਅਤੇ ਅਸੀਂ ਜਲਦੀ ਹੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਦੀ ਰਿਹਾਈ ਦੀ ਖੁਸ਼ਖ਼ਬਰੀ ਸੁਣਾਂਗੇ।

rajwinder kaur

This news is Content Editor rajwinder kaur