ਰਾਹੁਲ ਗਾਂਧੀ ਨੂੰ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ : ਸੁਖਬੀਰ ਬਾਦਲ (ਵੀਡੀਓ)

08/25/2018 3:22:35 PM

ਚੰਡੀਗੜ੍ਹ (ਭਗਵਤ) : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਹੈ ਕਿ ਰਾਹੁਲ ਗਾਂਧੀ ਦੀ ਸੋਚ ਅਜੇ ਤੱਕ ਨਹੀਂ ਬਦਲੀ ਤੇ ਉਹ ਆਪਣੇ ਪਿਤਾ ਤੇ ਦਾਦੀ ਦਾ ਬਚਾਅ ਕਰਨ 'ਚ ਹੀ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਲੰਡਨ 'ਚ ਕਿਹਾ ਸੀ ਕਿ 1984 ਦੇ ਸਿੱਖ ਦੰਗਿਆਂ 'ਚ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ। ਸੁਖਬੀਰ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇੱਥੇ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਇਨਸਾਫ ਲਈ ਲੜਦਾ ਰਹੇਗਾ। 

ਸੁਖਬੀਰ ਬਾਦਲ ਨੇ ਰਾਹੁਲ ਗਾਂਧੀ ਵਲੋਂ 1984 ਸਿੱਖ ਨਸਲਕੁਸ਼ੀ 'ਤੇ ਦਿੱਤੇ ਵਿਵਾਦਤ ਬਿਆਨ 'ਤੇ ਬੋਲਦਿਆਂ ਕਿਹਾ ਕਿ ਰਾਹੁਲ ਗਾਂਧੀ ਕਾਤਲਾਂ ਨੂੰ ਬਚਾਉਣ ਲਈ ਜਿੰਨਾ ਮਰਜ਼ੀ ਜ਼ੋਰ ਲਾ ਲਵੇ, ਅਕਾਲੀ ਦਲ ਇਨ੍ਹਾਂ ਨੂੰ ਸਜ਼ਾ ਦਿਵਾ ਕੇ ਹੀ ਰਹੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂ ਵੀ ਕਹਿੰਦੇ ਹਨ ਕਿ ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਖੁਦ ਟਾਈਟਲਰ ਨੇ ਸਟਿੰਗ ਆਪ੍ਰੇਸ਼ਨ ਦੌਰਾਨ 100 ਸਿੱਖਾਂ ਨੂੰ ਮਾਰਨ ਦੀ ਗੱਲ ਕਬੂਲੀ। ਇਸ ਲਈ ਸਿੱਖ ਕੌਮ ਕਦੇ ਉਨ੍ਹਾਂ ਨੂੰ ਮੁਆਫ ਨਹੀਂ ਕਰੇਗੀ।