#Metoo ''ਚ ਫਸਿਆ ਕੈਪਟਨ ਦਾ ਮੰਤਰੀ, ਸੁਖਬੀਰ ਨੇ ਜਨਤਕ ਕੀਤਾ ਨਾਂ

10/25/2018 6:25:47 PM

ਚੰਡੀਗੜ੍ਹ(ਬਿਊਰੋ)— ਚੰਡੀਗੜ੍ਹ(ਬਿਊਰੋ)— ਪੰਜਾਬ ਦੇ ਮੰਤਰੀ ਮੰਡਲ ਦੇ ਇਕ ਮੈਂਬਰ ਵਿਰੁੱਧ ਮਹਿਲਾ ਆਈ.ਏ.ਐੱਸ. ਅਧਿਕਾਰੀ ਵਲੋਂ ਇਤਰਾਜ਼ਯੋਗ ਸੰਦੇਸ਼ ਭੇਜਣ ਦੇ ਲਗਾਏ ਦੋਸ਼ਾਂ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐੱਚ.ਟੀ. ਅਖਬਾਰ ਦਾ ਹਵਾਲਾ ਦਿੰਦੇ ਹੋਏ ਟਵਿਟਰ ਜ਼ਰੀਏ ਕੈਪਟਨ ਅਮਰਿੰਦਰ ਸਿੰਘ ਦੇ ਕੈਬਨਿਟ ਸਾਥੀ ਦਾ ਨਾਂ ਜਨਤਕ ਕਰ ਦਿੱਤਾ ਹੈ। ਉਨ੍ਹਾਂ ਲਿਖਿਆ ਹੈ ਕਿ ਕੈਪਟਨ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੋਸ਼ੀ ਮੰਤਰੀ ਖਿਲਾਫ ਕਾਰਵਾਈ ਕਰਨ ਤੋਂ ਝਿਜਕ ਕਿਉਂ ਰਹੇ ਹਨ?

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮਹਿਲਾ ਆਈ. ਏ. ਐੱਸ. ਅਧਿਕਾਰੀ ਨੂੰ ਇਤਰਾਜ਼ਯੋਗ ਸੰਦੇਸ਼ ਭੇਜਣ ਵਾਲੇ ਕੈਬਨਿਟ ਮੰਤਰੀ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ ਤੇ ਇਸ ਨੂੰ ਰਫਾ-ਦਫਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।  ਬਾਦਲ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਰਾਹੁਲ ਗਾਂਧੀ ਵੀ ਪਿਛਲੇ ਇਕ ਮਹੀਨੇ ਤੋਂ ਇਸ ਮੁੱਦੇ 'ਤੇ ਚੁੱਪੀ ਧਾਰੇ ਬੈਠੇ ਹਨ। ਬਾਦਲ ਨੇ ਕਿਹਾ ਕਿ ਇਸ ਘਟਨਾ ਨੇ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਦੇ ਦੋਗਲੇ ਚਿਹਰੇ ਦਾ ਵੀ ਪਰਦਾਫਾਸ਼ ਕਰ ਦਿੱਤਾ ਹੈ।

ਉਥੇ ਹੀ ਹਰਸਿਮਰਤ ਕੌਰ ਬਾਦਲ ਨੇ ਵੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕੈਪਟਨ ਦੇ ਰਾਜ ਵਿਚ ਆਮ ਔਰਤਾਂ ਤਾਂ ਕੀ ਮਹਿਲਾ ਆਈ.ਏ.ਐੱਸ. ਅਧਿਕਾਰੀ ਵੀ ਸੁਰੱਖਿਅਤ ਨਹੀਂ ਹਨ। ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਦੋਸ਼ੀ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ।