ਜਾਣੋ ਕੀ ਹੈ ਪੂਰਾ ਮਾਮਲਾ,ਹੁਸ਼ਿਆਰਪੁਰ ਦੀ ਅਦਾਲਤ ’ਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

09/03/2022 6:27:10 PM

ਹੁਸ਼ਿਆਰਪੁਰ (ਅਮਰੀਕ) : ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਵਿਵਾਦਾਂ ’ਚ ਘਿਰੇ ਬਾਦਲ ਪਰਿਵਾਰ ਦੀਆਂ ਮੁਸ਼ਕਿਲਾਂ ਵੱਧਦੀਆਂ ਦਿਖਾਈ ਦੇ ਰਹੀਆਂ ਹਨ। ਅੱਜ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਇਕ ਵਾਰ ਫਿਰ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ੀ ’ਤੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਮਾਮਲਾ ਮਾਣਯੋਗ ਅਦਾਲਤ ਵਿਚ ਚੱਲ ਰਿਹਾ ਹੈ, ਇਸ ਲਈ ਉਹ ਇਸ ਮਸਲੇ ’ਤੇ ਕਿਸੇ ਵੀ ਤਰ੍ਹਾਂ ਦੀ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ ਹਨ। ਪੰਜਾਬ ਦੇ ਮੌਜੂਦਾ ਹਾਲਾਤ ’ਤੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਹਰ ਧਰਮ ਦਾ ਸਤਿਕਾਰ ਕਰਨਾ ਚਾਹੀਦਾ ਹੈ। 

ਇਹ ਵੀ ਪੜ੍ਹੋ : ਤਰਨਤਾਰਨ ’ਚ ਚਰਚ ਬੇਅਦਬੀ ਮਾਮਲੇ ’ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

ਬੀਤੇ ਦਿਨੀਂ ਤਰਨਤਾਰਨ ਸਥਿਤ ਚਰਚ ਵਿਚ ਬੇਅਦਬੀ ਅਤੇ ਭੰਨਤੋੜ ਦੀ ਘਟਨਾ ’ਤੇ ਦੀ ਨਿੰਦਾ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਮਾਮਲੇ ’ਚ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ’ਚੋਂ ਪਰਿਵਾਰਵਾਦ ਦਾ ਖ਼ਾਤਮਾ ਕਰਨ ਦੇ ਐਲਾਨ ਨਾਲ ਪਾਰਟੀ ਨੂੰ ਜ਼ਰੂਰ ਫਾਇਦਾ ਹੋਵੇਗਾ ਅਤੇ ਪਾਰਟੀ ਪੰਜਾਬ ’ਚ ਜ਼ਰੂਰ ਉਭਰੇਗੀ। 

ਇਹ ਵੀ ਪੜ੍ਹੋ : ਪੰਜਾਬ ’ਚ ਫਿਰ ਬਦਲੇਗਾ ਮੌਸਮ, ਜਲਦ ਮਿਲੇਗੀ ਗਰਮੀ ਤੋਂ ਰਾਹਤ, ਇਸ ਦਿਨ ਪਵੇਗਾ ਮੀਂਹ

ਕੀ ਕਹਿਣਾ ਹੈ ਮਾਮਲਾ

ਅਕਾਲੀ ਦਲ ਦੇ ਦੋਹਰੇ ਸੰਵਿਧਾਨ ਖ਼ਿਲਾਫ਼ ਪਟੀਸ਼ਨ ਦਾਇਰ ਕਰਨ ਵਾਲੇ ਬਲਵੰਤ ਸਿੰਘ ਖੇੜਾ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ ’ਤੇ ਪੂਰਾ ਭਰੋਸਾ ਹੈ ਅਤੇ ਮਾਣਯੋਗ ਅਦਾਲਤ ਦੋਹਰੇ ਸੰਵਿਧਾਨ ਨੂੰ ਲੈ ਕੇ ਬਾਦਲਾਂ ਵਲੋਂ ਕੀਤੀ ਗਈ ਧੋਖਾਧੜੀ ’ਤੇ ਉਨ੍ਹਾਂ ਨੂੰ ਜ਼ਰੂਰ ਸਜ਼ਾ ਦੇਵੇਗੀ। ਇਹ ਸਾਰੇ ਆਗੂ ਲਾਲੂ ਅਤੇ ਚੌਟਾਲਿਆਂ ਵਾਂਗ ਜੇਲ੍ਹ ਦੀਆਂ ਸਲਾਖਾਂ ਪਿੱਛੇ ਜਾਣਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਬਲਵੰਤ ਸਿੰਘ ਖੇੜਾ ਨੇ 2009 ਵਿਚ ਹੁਸ਼ਿਆਰਪੁਰ ਅਦਾਲਤ ਵਿਚ ਦੋਹਰੇ ਸੰਵਿਧਾਨ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਸੀ। ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ-ਵੱਖ ਪਾਰਟੀ ਸੰਵਿਧਾਨਾਂ ਨਾਲ ਸਬੰਧਤ ਹੈ। 2019 ਵਿਚ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਚੀਮਾ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਇਸ ਮਾਮਲੇ ਵਿਚ ਪਹਿਲਾਂ ਹੀ ਜ਼ਮਾਨਤ 'ਤੇ ਹਨ ਤੇ ਵੱਡੇ ਬਾਦਲ ਨੂੰ ਹਾਈਕੋਰਟ ਨੇ ਪੇਸ਼ੀ ਤੋਂ ਛੋਟ ਦਿੱਤੀ ਹੋਈ ਹੈ। 

ਇਹ ਵੀ ਪੜ੍ਹੋ : ਪੰਜਾਬ ਭਾਜਪਾ ਟੀਮ ’ਚ ਬਦਲਾਅ ਦੀਆਂ ਅਟਕਲਾਂ ਵਿਚਕਾਰ ਵਧੀ ਧੜੇਬੰਦੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh