ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਸੁਖਬੀਰ ਬਾਦਲ, ਸੌਂਪਿਆ ਲਿਫਾਫਾ ਬੰਦ ਜਵਾਬ

Thursday, Jul 25, 2024 - 04:12 AM (IST)

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਸੁਖਬੀਰ ਬਾਦਲ, ਸੌਂਪਿਆ ਲਿਫਾਫਾ ਬੰਦ ਜਵਾਬ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਫਾਫਾ ਬੰਦ ਲਿਖਤੀ ਜਵਾਬ ਸੌਂਪਿਆ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਜਥੇਦਾਰ ਨੂੰ ਲਿਖਤੀ ਜਵਾਬ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਅਗਲਾ ਫ਼ੈਸਲਾ ਸਿੰਘ ਸਾਹਿਬਾਨਾਂ ਨੇ ਆਪਣੇ ਵਿਚਾਰਾਂ ਤੋਂ ਬਾਅਦ ਕਰਨਗੇ। ਇਸ ਦੌਰਾਨ ਜਦੋਂ ਪੱਤਰਕਾਰਾਂ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬੁਲਾਰੇ ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਵੀ ਉਨ੍ਹਾਂ ਦੇ ਨਾਲ ਨਜ਼ਰ ਆਏ। ਇਥੇ ਇਹ ਵੀ ਦੱਸਣਯੋਗ ਹੈ ਕਿ ਮੰਗਲਵਾਰ ਸ਼ਾਮ ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਕੋਰ ਕਮੋਟੀ ਨੂੰ ਭੰਗ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ

ਸੁਖਬੀਰ ਨੇ ਕਿਹਾ ਸੀ ਕਿ ਨਿਮਾਣੇ ਸਿੱਖ ਵਜੋਂ ਹੋਣਗੇ ਪੇਸ਼

ਪੰਜ ਸਿੰਘ ਸਾਹਿਬਾਨਾਂ ਵਲੋਂ 15 ਦਿਨਾਂ ਵਿਚ ਸਪੱਸ਼ਟੀਕਰਨ ਮੰਗੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਸੀ ਕਿ ਉਹ ਇਕ ਸ਼ਰਧਾਵਾਨ ਅਤੇ ਨਿਮਾਣੇ ਸਿੱਖ ਵੱਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਣਗੇ। ਉਨ੍ਹਾਂ ਕਿਹਾ ਕਿ ਮੇਰਾ ਰੋਮ-ਰੋਮ ਅਤੇ ਸੁਆਸ-ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ-ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ 'ਤੇ ਨਤਮਸਤਕ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਸਾਂਸਦਾਂ ਦਾ ਸੰਸਦ ਦੇ ਬਾਹਰ ਪ੍ਰਦਰਸ਼ਨ, ਵੜਿੰਗ ਬੋਲੇ 'ਪੰਜਾਬ ਨਾਲ ਫਿਰ ਧੋਖਾ ਹੋਇਆ'

ਪੰਜ ਸਿੰਘ ਸਾਹਿਬਾਨਾਂ ਨੇ ਮੰਗਿਆ ਸਪੱਸ਼ਟੀਕਰਨ

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਦੋਸ਼ਾਂ ਸਬੰਧੀ 15 ਦਿਨਾਂ ਵਿਚ ਸਪਸ਼ਟੀਕਰਨ ਦੇਣ ਲਈ ਕਿਹਾ ਹੈ। ਪੰਜ ਸਿੰਘ ਸਾਹਿਬਾਨ ਦੀ ਸੋਮਵਾਰ ਨੂੰ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਹੋਈ ਇਕੱਤਰਤਾ ਵਿਚ ਇਹ ਮਾਮਲਾ ਵਿਚਾਰਿਆ ਗਿਆ। ਇਸੇ ਤਰ੍ਹਾਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ਨੂੰ ਸਹੀ ਠਹਿਰਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ 90 ਲੱਖ ਦੇ ਇਸ਼ਤਿਹਾਰਾਂ ਬਾਰੇ ਸਪੱਸ਼ਟੀਕਰਨ ਮੰਗਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਤੋਂ ਪੰਜ ਪਿਆਰਿਆਂ ਵਿਚੋਂ ਗਿਆਨੀ ਮੰਗਲ ਸਿੰਘ ਸ਼ਾਮਲ ਸਨ।

ਇਹ ਵੀ ਪੜ੍ਹੋ : ਮਾਝੇ-ਦੁਆਬੇ ਲਈ CM ਮਾਨ ਨੇ ਕੀਤਾ ਵੱਡਾ ਐਲਾਨ, ਪੋਸਟ ਪਾ ਕੇ ਦਿੱਤੀ ਜਾਣਕਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News