ਸੁਖਬੀਰ ਨੇ INLD ਨਾਲ ਸਮਝੌਤਾ ਕਰਕੇ ਪੰਜਾਬ ਦੇ ਪਾਣੀਆਂ ਦੇ ਹੱਕ ਗਿਰਵੀ ਰੱਖੇ :ਕੈਪਟਨ

10/17/2019 8:11:59 PM

ਜਲੰਧਰ,(ਧਵਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਕ ਪਾਸੇ ਭਾਜਪਾ ਦੇ ਨਾਲ ਤੇ ਦੂਜੇ ਪਾਸੇ ਹਰਿਆਣਾ ਦੇ ਇੰਡੀਅਨ ਲੋਕ ਦਲ ਨਾਲ ਗੱਠਜੋੜ ਕਰਨ ਦੀ ਨਿਖੇਧੀ ਕਰਦੇ ਹੋਏ ਕਿਹਾ ਹੈ ਕਿ ਅਜਿਹਾ ਕਰ ਕੇ ਸੁਖਬੀਰ ਨੇ ਪੰਜਾਬ ਦੇ ਪਾਣੀਆਂ ਦੇ ਅਧਿਕਾਰ ਇੰਡੀਅਨ ਲੋਕ ਦਲ ਕੋਲ ਗਿਰਵੀ ਰੱਖ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਦਾਖਾ ਤੇ ਹੋਰਨਾਂ ਥਾਵਾਂ 'ਤੇ ਰੋਡ ਸ਼ੋਅ ਕਰਦੇ ਹੋਏ ਕਿਹਾ ਕਿ ਇੰਡੀਅਨ ਨੈਸ਼ਨਲ ਲੋਕ ਦਲ ਦਾ ਪਾਣੀਆਂ ਦੇ ਮੁੱਦੇ ਬਾਰੇ ਸਟੈਂਡ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਚੌਟਾਲਾ ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਰੋਜ਼ਾਨਾ ਧਮਕੀਆਂ ਦਿੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਨੇ ਲੋਕ ਦਲ ਨੂੰ ਵਿਧਾਨ ਸਭਾ ਚੋਣਾਂ ਵਿਚ ਸਮਰਥਨ ਦੇ ਕੇ ਪੰਜਾਬ ਦੇ ਹਿੱਤਾਂ 'ਤੇ ਸੱਟ ਮਾਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਅਸਲ ਵਿਚ ਸੱਤਾ ਦੇ ਭੁੱਖੇ ਹਨ ਜਿਨ੍ਹਾਂ ਦਾ ਆਪਣਾ ਪੰਜਾਬ ਦੇ ਮੁੱਦਿਆਂ ਬਾਰੇ ਕੋਈ ਸਟੈਂਡ ਨਹੀਂ ਹੈ। ਸੁਖਬੀਰ ਦੀ ਪਹੁੰਚ ਨੇ ਅਕਾਲੀ ਦਲ ਤੇ ਭਾਜਪਾ ਵਿਚਕਾਰ ਅੰਦਰੂਨੀ ਮੱਤਭੇਦਾਂ ਨੂੰ ਵੀ ਉਜਾਗਰ ਕਰ ਦਿੱਤਾ ਹੈ ਤੇ ਹੁਣ ਦੋਵਾਂ ਵਿਚਕਾਰ ਆਪਸੀ ਸਬੰਧਾਂ ਦਾ ਟੁੱਟਣਾ ਤੈਅ ਹੈ। ਅਕਾਲੀ-ਭਾਜਪਾ ਗੱਠਜੋੜ ਜ਼ਿਆਦਾ ਦਿਨਾਂ ਤਕ ਨਹੀਂ ਚੱਲ ਸਕੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਖੁੱਲ੍ਹੇ ਦਰਸ਼ਨ-ਦੀਦਾਰ ਲਈ ਉਹ ਆਪਣੀ ਲੜਾਈ ਜਾਰੀ ਰੱਖਣਗੇ। ਲਾਂਘੇ ਰਾਹੀਂ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਤੋਂ 20 ਡਾਲਰਾਂ ਦੀ ਵਸੂਲੀ ਨਹੀਂ ਹੋਣੀ ਚਾਹੀਦੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ 'ਤੇ ਸ਼ਰਧਾਲੂਆਂ ਤੋਂ ਟੈਕਸਾਂ ਤੇ ਪਾਸਪੋਰਟਾਂ ਦੀ ਮੰਗ ਜਾਇਜ਼ ਨਹੀਂ ਹੈ। ਮੁੱਖ ਮੰਤਰੀ ਵਲੋਂ ਕੀਤੇ ਗਏ ਰੋਡ ਸ਼ੋਅ ਦੌਰਾਨ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਵੀ ਨਾਲ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਚਾਰੇ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਆਸਾਨੀ ਨਾਲ ਜਿੱਤ ਲਵੇਗੀ। ਬਰਗਾੜੀ ਵਿਚ ਹੋਈ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੀੜਤਾਂ ਨੂੰ ਇਨਸਾਫ ਦਿਵਾ ਕੇ ਰਹੇਗੀ ਅਤੇ ਇਸ ਦਿਸ਼ਾ ਵਿਚ ਵਿਸ਼ੇਸ਼ ਪੜਤਾਲੀਆ ਟੀਮ (ਐੱਸ. ਆਈ. ਟੀ.) ਵਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਨਸ਼ਿਆਂ ਦੇ ਮੁੱਦਿਆਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਪਾਕਿਸਤਾਨ ਵਲੋਂ ਨਸ਼ੀਲੇ ਪਦਾਰਥ ਭਾਰਤੀ ਪੰਜਾਬ ਵਿਚ ਭੇਜੇ ਜਾ ਰਹੇ ਹਨ ਅਤੇ ਨਾਲ ਹੀ ਹੁਣ ਨੇਪਾਲ, ਕਸ਼ਮੀਰ, ਦਿੱਲੀ ਅਤੇ ਕਾਂਡਲਾ ਤੋਂ ਵੀ ਨਸ਼ੀਲੇ ਪਦਾਰਥ ਪੰਜਾਬ ਵਿਚ ਆ ਰਹੇ ਹਨ। ਪੰਜਾਬ ਸਰਕਾਰ ਨੇ ਗੁਆਂਢੀ ਸੂਬਿਆਂ ਦੀਆਂ ਸਰਕਾਰਾਂ ਨਾਲ ਤਾਲਮੇਲ ਪੈਦਾ ਕਰ ਕੇ ਸਾਂਝੀ ਲੜਾਈ ਦੇਣ ਦਾ ਫੈਸਲਾ ਲਿਆ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੇ ਅਰਥਚਾਰੇ ਨੂੰ ਤਹਿਸ-ਨਹਿਸ ਕਰ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਾਖਾ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਫੂਲਕਾ ਨੇ ਲਗਾਤਾਰ ਅਣਦੇਖੀ ਕੀਤੀ ਸੀ।


Related News