ਸੰਤ ਲੌਂਗੋਵਾਲ ਦੀ ਬਰਸੀ ਮੌਕੇ ਸੁਖਬੀਰ ਬਾਦਲ ਦੀ ਅਪੀਲ, ਕਿਹਾ- ''ਕਰ ਲਓ ਆਪਣਿਆਂ ਤੇ ਬੇਗਾਨਿਆਂ ਦੀ ਪਛਾਣ...''

Tuesday, Aug 20, 2024 - 08:48 PM (IST)

ਲੌਂਗੋਵਾਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਇਸ ਕਰ ਕੇ ਸੰਤਾਪ ਹੰਢਾ ਰਿਹੈ ਕਿਉਂਕਿ ਸਮੇਂ ਦੀਆਂ ਕੇਂਦਰ ਸਰਕਾਰਾਂ ਨੇ ਦਰਿਆਈ ਪਾਣੀਆਂ ’ਤੇ ਇਸ ਦੇ ਹੱਕ ਬਹਾਲ ਕਰਨ, ਪੰਜਾਬੀ ਬੋਲਦੇ ਇਲਾਕੇ ਇਸ ਨੂੰ ਦੇਣ ਅਤੇ ਰਾਜਧਾਨੀ ਸ਼ਹਿਰ ਚੰਡੀਗੜ੍ਹ ਦੇਣ ਸਮੇਂ ਸੂਬੇ ਦੀਆਂ ਵਾਜਬ ਮੰਗਾਂ ਮੰਨਣ ਤੋਂ ਇਨਕਾਰ ਕੀਤਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਸੰਤ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸੰਤ ਜੀ ਨੇ ਪੰਜਾਬ ਲਈ ਸਰਵਉੱਚ ਸ਼ਹਾਦਤ ਦਿੱਤੀ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨਾਲ ਅਤੇ ਸੂਬੇ ਨਾਲ ਕੀਤੇ ਵਾਅਦੇ ਲਾਗੂ ਕਰਨ ਤੋਂ ਨਾਂਹ ਕਰ ਦਿੱਤੀ। ਉਨ੍ਹਾਂ ਨੇ ਇਸ ਮੌਕੇ ਕਾਂਗਰਸ ਤੇ ਮਾਨ ਸਰਕਾਰ 'ਤੇ ਵੀ ਨਿਸ਼ਾਨਾ ਵਿਨ੍ਹਿਆ। 

PunjabKesari

ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਅਜਿਹਾ ਸਮਾਂ ਹੈ ਜਦੋਂ ਸਿੱਖ ਕੌਮ ਨੂੰ ਆਪਣਿਆਂ ਤੇ ਬੇਗਾਨਿਆਂ ਦੀ ਪਛਾਣ ਕਰਨੀ ਚਾਹੀਦੀ ਹੈ, ਜੋ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਖਿਲਾਫ਼ ਬੋਲਣ ਲਈ ਤਿਆਰ ਹੀ ਨਹੀਂ ਹਨ ਅਤੇ ਨਾ ਹੀ ਉਸ ਦੇ ਖਿਲਾਫ ਧਾਰਾ 295-ਏ ਤਹਿਤ ਮੁਕੱਦਮਾ ਚਲਾਉਣ ਦੀ ਆਗਿਆ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਲੋਕ ਖੁਦ ਇਹ ਸੋਚਣ ਕਿ ਉਨ੍ਹਾਂ ਨੇ ਭਗਵੰਤ ਮਾਨ ਨੂੰ ਇੰਨਾ ਵੱਡਾ ਫ਼ਤਵਾ ਦਿੱਤਾ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਸ ਨੇ ਸਭ ਕੁਝ ਵਿਸਾਰ ਦਿੱਤਾ ਤੇ ਹੜ੍ਹਾਂ ਦੀ ਮਾਰ ਵੇਲੇ ਵੀ ਤੁਹਾਡੀ ਸਾਰ ਲੈਣ ਨਹੀਂ ਆਇਆ।

ਲੋਕਾਂ ਨੂੰ ਪੰਥ ਨੂੰ ਕਮਜ਼ੋਰ ਕਰਨ ਵਾਲਿਆਂ ਨੂੰ ਠੁਕਰਾਉਣ ਦੀ ਅਪੀਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਤੁਸੀਂ ਆਪ ਸੁਣਿਆ ਹੈ ਕਿ ਕੱਲ੍ਹ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੇੜਾ ਨੇ ਕੀ ਕਿਹਾ। ਉਨ੍ਹਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਭਾਈ ਗੁਰਦੀਪ ਸਿੰਘ ਖੇੜਾ, ਬਲਵੰਤ ਸਿੰਘ ਰਾਜੋਆਣਾ ਅਤੇ ਦਵਿੰਦਰਪਾਲ ਸਿੰਘ ਭੁੱਲਰ ਵਰਗੇ ਬੰਦੀ ਸਿੰਘਾਂ ਨੂੰ ਪਹਿਲਾਂ ਜੇਲ੍ਹ ਵਿਚੋਂ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਜੋ ਕਿ ਸਜ਼ਾਵਾਂ ਪੂਰੀਆਂ ਹੋਣ ਮਗਰੋਂ ਵੀ 30-30 ਸਾਲ ਤੋਂ ਜੇਲ੍ਹਾਂ ਕੱਟ ਰਹੇ ਹਨ, ਜਦਕਿ ਦੂਜੇ ਸਿਰਫ਼ ਇਕ ਸਾਲ ਦੀ ਕੈਦ ਤੋਂ ਹੀ ਰਿਹਾਈ ਚਾਹੁੰਦੇ ਹਨ। 

PunjabKesari

ਉਨ੍ਹਾਂ ਕਿਹਾ ਕਿ ਇਕ ਵਿਅਕਤੀ ਜੋ ਸਿਰਫ਼ ਇਕ ਸਾਲ ਤੋਂ ਹੀ ਜੇਲ੍ਹ ਵਿਚ ਹੋਵੇ, ਉਹ ਪੰਥ ਦੀ ਅਗਵਾਈ ਕਿਵੇਂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਸੰਤ ਲੌਂਗੋਵਾਲ ਦੀ ਸ਼ਹਾਦਤ ਵਰਗੇ ਹਾਲਾਤ ਮੁੜ ਤੋਂ ਦੁਹਰਾਏ ਜਾਣ। ਉਨ੍ਹਾਂ ਕਿਹਾ ਕਿ ਭਾਈ ਖੇੜਾ ਨੇ ਸਿਮਰਨਜੀਤ ਸਿੰਘ ਮਾਨ ਵਰਗੇ ਅਖੌਤੀ ਆਗੂਆਂ ਨੂੰ ਬੇਨਕਾਬ ਕੀਤਾ ਹੈ ਜਿਨ੍ਹਾਂ ਨੇ ਆਪਣੇ ਸੌੜੇ ਹਿੱਤਾਂ ਵਾਸਤੇ ਪੰਥ ਨੂੰ ਵਰਤਿਆ ਪਰ ਕੌਮ ਵਾਸਤੇ ਕੱਖ ਵੀ ਨਹੀਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਹਰ ਕੋਈ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨਾ ਬਣਾ ਰਿਹਾ ਹੈ ਕਿਉਂਕਿ ਉਹ ਜਾਣਦੇ ਹਨ ਕਿ ਜੇਕਰ ਅਜਿਹਾ ਕੀਤਾ ਗਿਆ ਤਾਂ ਸਿੱਖ ਕੌਮ ਕਮਜ਼ੋਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਹੀ ਕਾਰਣ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਮਜ਼ੋਰ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਟੁਕੜੇ ਕੀਤੇ ਗਏ ਅਤੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾਈ ਗਈ। 

ਉਨ੍ਹਾਂ ਕਿਹਾ ਕਿ ਇਸ ਮਗਰੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਕਮੇਟੀ ’ਤੇ ਸਰਕਾਰ ਅਤੇ ਦਿੱਲੀ ਕਮੇਟੀ ’ਤੇ ਆਰ.ਐੱਸ.ਐੱਸ. ਤੇ ਭਾਜਪਾ ਨੇ ਕਬਜ਼ਾ ਕਰ ਲਿਆ। ਉਨ੍ਹਾਂ ਕਿਹਾ ਕਿ ਇਹੋ ਕੁਝ ਹੁਣ ਮੁਸਲਿਮ ਭਾਈਚਾਰੇ ਨਾਲ ਹੋ ਰਿਹਾ ਹੈ ਕਿਉਂਕਿ ਉਨ੍ਹਾਂ ਦੀ ਲੀਡਰਸ਼ਿਪ ਕਮਜ਼ੋਰ ਹੈ। ਉਨ੍ਹਾਂ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਸੀ ਤਾਂ ਉਸ ਵੇਲੇ ਕਿਸੇ ਨੂੰ ਵੀ ਸਿੱਖ ਕੌਮ ਦੇ ਅੰਦਰੂਨੀ ਮਸਲਿਆਂ ਵਿਚ ਦਖਲ ਦੇਣ ਦੀ ਇਜਾਜ਼ਤ ਨਹੀਂ ਸੀ ਅਤੇ ਅਸੀਂ ਇਹ ਦਖਲਅੰਦਾਜ਼ੀ ਰੋਕਣ ਵਾਸਤੇ ਸਾਨੂੰ ਇਕਜੁੱਟ ਹੋਣਾ ਪਵੇਗਾ।

PunjabKesari

ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਕਿਹਾ ਕਿ ਅਜਿਹਾ ਕਰਨਾ ਹੀ ਸੰਤ ਲੌਂਗੋਵਾਲ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਨੇ ਇਤਿਹਾਸਕ ਇਕੱਠ ਨੂੰ ਭਰੋਸਾ ਦੁਆਇਆ ਕਿ ਉਹ ਕਦੇ ਵੀ ਪੰਥ ਦੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰਨਗੇ ਭਾਵੇਂ ਜੋ ਮਰਜ਼ੀ ਹੋ ਜਾਵੇ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕਿਵੇਂ ਸੂਬੇ ਵਿਚ ਵਾਰ-ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਸਰਕਾਰ ਇਸ ਪਿਛਲੀ ਸਾਜ਼ਿਸ਼ ਨੂੰ ਬੇਨਕਾਬ ਕਰਨ ਵਾਸਤੇ ਕੱਖ ਵੀ ਨਹੀਂ ਕਰ ਰਹੀ।

PunjabKesari

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਐਮਰਜੰਸੀ ਵੇਲੇ ਉਨ੍ਹਾਂ ਵੱਲੋਂ ਮੋਰਚੇ ਦੀ ਅਗਵਾਈ ਕਰਨ ਵਿਚ ਨਿਭਾਈ ਭੂਮਿਕਾ ਉਜਾਗਰ ਕੀਤੀ। ਡਾ. ਦਲਜੀਤ ਸਿੰਘ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੰਘੀ ਢਾਂਚੇ ਦੀ ਮਜ਼ਬੂਤੀ ਵਾਸਤੇ ਅਤੇ ਬਿਨਾਂ ਕਿਸੇ ਲੋਭ ਤੇ ਲਾਲਚ ਦੇ ਪੰਥ ਤੇ ਪੰਜਾਬ ਲਈ ਡੱਟਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਹੱਥ ਮਜ਼ਬੂਤ ਕੀਤੇ ਜਾਣ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਇਕਬਾਲ ਸਿੰਘ ਝੂੰਦਾ, ਬਾਬਾ ਟੇਕ ਸਿੰਘ ਧਨੋਲਾ, ਵਿੰਨਰਜੀਤ ਸਿੰਘ ਗੋਲਡੀ, ਰਾਜਿੰਦਰ ਦੀਪਾ, ਜ਼ਹੀਦਾ ਸੁਲੇਮਾਨ, ਸਤਨਾਮ ਸਿੰਘ ਰਾਹੀ, ਕੁਲਵੰਤ ਸਿੰਘ ਕੀਤੂ, ਸਰਬਜੀਤ ਸਿੰਘ ਝਿੰਜਰ, ਗੁਰਪ੍ਰੀਤ ਸਿੰਘ ਰਾਜੂ ਖੰਨਾ ਆਦਿ ਨੇ ਵੀ ਸੰਬੋਧਨ ਕੀਤਾ।

ਇਹ ਵੀ ਪੜ੍ਹੋ- ਕੋਲਕਾਤਾ ਰੇਪ ਤੇ ਕਤਲ ਮਾਮਲੇ 'ਚ ਮਹਿਲਾ ਡਾਕਟਰ ਦੇ ਮਾਪਿਆਂ ਦਾ ਵੱਡਾ ਬਿਆਨ, ਕੀਤੇ ਕਈ ਅਹਿਮ ਖੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News