ਇਹ ਚੋਣਾਂ ਸਰਕਾਰ ਬਣਾਉਣ ਵਾਲੀਆਂ ਨਹੀਂ, ਪੰਜਾਬ ਬਚਾਉਣ ਵਾਲੀਆਂ: ਸੁਖਬੀਰ ਸਿੰਘ ਬਾਦਲ

Friday, Mar 27, 2026 - 02:58 PM (IST)

ਇਹ ਚੋਣਾਂ ਸਰਕਾਰ ਬਣਾਉਣ ਵਾਲੀਆਂ ਨਹੀਂ, ਪੰਜਾਬ ਬਚਾਉਣ ਵਾਲੀਆਂ: ਸੁਖਬੀਰ ਸਿੰਘ ਬਾਦਲ

ਗੁਰਦਾਸਪੁਰ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਪੰਜਾਬ ਬਚਾਓ ਰੈਲੀ ਕਰਵਾਈ ਗਈ। ਇਸ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਭਵਿੱਖ ਨੂੰ ਬਚਾਉਣ ਲਈ ਅਕਾਲੀ ਦਲ ਦਾ ਸਾਥ ਦੇਣ ਦਾ ਸੱਦਾ ਦਿੱਤਾ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਾਡਾ ਆਪਣਾ ਘਰ ਹੈ ਅਤੇ ਇਸ ਦੀ ਤਰੱਕੀ ਨਾਲ ਹੀ ਸਾਡੀਆਂ ਅਗਲੀਆਂ ਪੀੜ੍ਹੀਆਂ ਦਾ ਭਵਿੱਖ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਸਰਕਾਰ ਬਣਾਉਣ ਵਾਲੀਆਂ ਨਹੀਂ, ਪੰਜਾਬ ਬਚਾਉਣ ਵਾਲੀਆਂ ਹਨ। ਉਨ੍ਹਾਂ ਨੇ ਸਾਰਿਆਂ ਨੂੰ ਪੰਜਾਬ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਵੀ ਕੀਤੀ।

ਸੁਖਬੀਰ ਬਾਦਲ ਨੇ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ 25 ਸਾਲ ਰਾਜ ਕੀਤਾ ਪਰ ਪੰਜਾਬ ਨੂੰ ਕੋਈ ਵੱਡੀ ਸੌਗਾਤ ਨਹੀਂ ਦਿੱਤੀ, ਸਗੋਂ ਸੂਬੇ ਦਾ ਪਾਣੀ ਕਾਨੂੰਨ ਦੇ ਖ਼ਿਲਾਫ਼ ਜਾ ਕੇ ਰਾਜਸਥਾਨ ਨੂੰ ਦੇ ਦਿੱਤਾ। 'ਆਪ' ਸਰਕਾਰ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ ਝੂਠੇ ਵਾਅਦੇ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ 'ਆਪ' ਸਰਕਾਰ ਨੇ ਕਾਨੂੰਨ ਬਦਲ ਕੇ ਪੰਜਾਬ ਦੀਆਂ ਸਰਕਾਰੀ ਨੌਕਰੀਆਂ ਦੂਜੇ ਰਾਜਾਂ ਦੇ ਲੋਕਾਂ ਲਈ ਖੋਲ੍ਹ ਦਿੱਤੀਆਂ ਹਨ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਦਿੱਲੀ ਦੀਆਂ ਪਾਰਟੀਆਂ ਨੇ ਸਿੱਖਾਂ ਦੇ ਪਵਿੱਤਰ ਅਸਥਾਨਾਂ ਜਿਵੇਂ ਤਖਤ ਸ੍ਰੀ ਹਜ਼ੂਰ ਸਾਹਿਬ, ਪਟਨਾ ਸਾਹਿਬ ਅਤੇ ਦਿੱਲੀ ਗੁਰਦੁਆਰਾ ਕਮੇਟੀ 'ਤੇ ਸਰਕਾਰੀ ਕਬਜ਼ੇ ਕਰਵਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਥ ਦੀ ਫ਼ੌਜ ਹੈ ਅਤੇ ਇਸ ਨੂੰ ਮਜ਼ਬੂਤ ਕਰਨਾ ਪੰਜਾਬ ਦੀ ਹੋਂਦ ਲਈ ਜ਼ਰੂਰੀ ਹੈ।

ਅਕਾਲੀ ਦਲ ਪ੍ਰਧਾਨ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਣਨ 'ਤੇ ਪੰਜਾਬ ਵਿਚ ਲੱਗਣ ਵਾਲੀਆਂ ਫੈਕਟਰੀਆਂ ਵਿਚ 75% ਨੌਕਰੀਆਂ ਪੰਜਾਬ ਦੇ ਬੱਚਿਆਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਟਾਟਾ ਅਤੇ ਮਹਿੰਦਰਾ ਵਰਗੀਆਂ ਕੰਪਨੀਆਂ ਦੇ ਸਹਿਯੋਗ ਨਾਲ ਇਕ ਵਰਲਡ ਸਕਿੱਲ ਯੂਨੀਵਰਸਿਟੀ ਬਣਾਈ ਜਾਵੇਗੀ, ਜਿੱਥੇ ਹਰ ਸਾਲ ਇਕ ਲੱਖ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਆਪਣਾ ਕੰਮ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਦਾ ਵਿਆਜ-ਮੁਕਤ ਕਰਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਬਜ਼ੁਰਗਾਂ ਦੀ ਪੈਨਸ਼ਨ ਵਧਾ ਕੇ 3100 ਰੁਪਏ, ਸ਼ਗਨ ਸਕੀਮ 1 ਲੱਖ ਰੁਪਏ ਕਰਨ ਦਾ ਵਾਅਦਾ ਕੀਤਾ ਤੇ ਨਾਲ ਹੀ ਆਟਾ-ਦਾਲ ਸਕੀਮ ਤਹਿਤ 30 ਕਿੱਲੋ ਕਣਕ ਮੁੜ ਸ਼ੁਰੂ ਕਰਨ ਦਾ ਵੀ ਭਰੋਸਾ ਦਿਵਾਇਆ। ਉਨ੍ਹਾਂ ਨੇ ਡੇਅਰੀ ਫਾਰਮਿੰਗ ਅਤੇ ਪਸ਼ੂ ਪਾਲਣ ਲਈ 75% ਸਬਸਿਡੀ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਹਰ ਜ਼ਿਲ੍ਹੇ ਵਿਚ ਇਕ ਮੈਡੀਕਲ ਕਾਲਜ ਅਤੇ ਜਾਨਵਰਾਂ ਦਾ ਕਾਲਜ ਖੋਲ੍ਹਣ ਦਾ ਵੀ ਵਾਅਦਾ ਕੀਤਾ। ਸੁਖਬੀਰ ਬਾਦਲ ਨੇ ਅਖੀਰ ਵਿਚ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਦੇ 1000-1000 ਰੁਪਏ ਜਾਂ ਕਿਸੇ ਲਾਰੇ ਵਿਚ ਨਾ ਆਉਣ ਅਤੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਉਣ ਤਾਂ ਜੋ ਪੰਜਾਬ ਨੂੰ ਤਰੱਕੀ ਦੀ ਲੀਹ 'ਤੇ ਪਾਇਆ ਜਾ ਸਕੇ।


author

Anmol Tagra

Content Editor

Related News