ਭਾਜਪਾ ਵੱਲੋਂ ਇਕੱਲੇ ਚੋਣ ਲੜਣ ਦੇ ਅਮਿਤ ਸ਼ਾਹ ਦੇ ਦਿੱਤੇ ਬਿਆਨ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ
Saturday, Mar 14, 2026 - 04:59 PM (IST)
ਮਾਛੀਵਾੜਾ ਸਾਹਿਬ (ਟੱਕਰ)- ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ-ਸੁਖਬੀਰ ਬਾਦਲ ਲਿਆਓ’ ਵਿਧਾਨ ਸਭਾ ਹਲਕਾ ਸਾਹਨੇਵਾਲ ਦੀ ਇਕ ਰੈਲੀ ਕੂੰਮਕਲਾਂ ਅਨਾਜ ਮੰਡੀ ਵਿਖੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੀਤੀ ਗਈ, ਜਿਸ 'ਚ ਲੋਕਾਂ ਦਾ ਭਰਵਾਂ ਇਕੱਠ ਵੇਖਣ ਨੂੰ ਮਿਲਿਆ। ਇਸ ਮੌਕੇ ਮੋਗਾ ਵਿਖੇ ਭਾਜਪਾ ਦੀ ਰੈਲੀ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇਕੱਲੇ ਚੋਣ ਲੜਨ ਦੇ ਕੀਤੇ ਐਲਾਨ 'ਤੇ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੰਦੇ ਕਿਹਾ ਕਿ ਉਹ ਇਸ ਦਾ ਸਵਾਗਤ ਕਰਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ 92 ਸੀਟਾਂ ਨਾਲ ਜਿਤਾ ਸਕਦੇ ਹਨ ਤਾਂ ਇਸ ਵਾਰ ਸ਼੍ਰੋਮਣੀ ਅਕਾਲੀ ਇਕੱਲੇ ਲੋਕਾਂ ਦੇ ਭਰਵੇਂ ਸਮਰਥਨ ਸਦਕਾ 100 ਸੀਟਾਂ ’ਤੇ ਜਿੱਤ ਪ੍ਰਾਪਤ ਕਰਕੇ ਵਿਖਾਏਗਾ।
ਇਹ ਵੀ ਪੜ੍ਹੋ: ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼ ਤੱਕ ਸਾਵਧਾਨ ਰਹਿਣ ਇਹ ਜ਼ਿਲ੍ਹੇ

ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤੰਜ ਕੱਸਦੇ ਸੁਖਬੀਰ ਬਾਦਲ ਨੇ ਕਿਹਾ ਕਿ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੇ ਪੈਨਸ਼ਨਰਾਂ ਨੂੰ ਡੀ. ਏ. ਅਤੇ ਬਕਾਇਆ ਪੈਨਸ਼ਨ ਤੁਰੰਤ ਜਾਰੀ ਕੀਤੀ ਜਾਵੇ, ਜਿਸ ਦਾ ਉਹ ਸਵਾਗਤ ਕਰਦੇ ਹਨ। ਉਨ੍ਹਾਂ 'ਆਪ' ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਆਸ਼ੀ ’ਤੇ ਖ਼ਰਚਣ ਦੀ ਬਜਾਏ ਪੈਨਸ਼ਨਰਾਂ ਨੂੰ ਤੁਰੰਤ ਇਹ ਰਾਸ਼ੀ ਜਾਰੀ ਕਰੇ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਪੰਜਾਬ ਕਰਜ਼ੇ ਵਿਚ ਡੋਬ ਦਿੱਤਾ ਹੈ, ਇਸ ਲਈ ਲੋਕ ਸੂਬੇ ਨੂੰ ਬਚਾਉਣ ਲਈ ਅਕਾਲੀ ਦਲ ਦੀ ਸਰਕਾਰ ਲਿਆਉਣ।
ਇਹ ਵੀ ਪੜ੍ਹੋ: ਪੰਜਾਬ 'ਚ ਬਣਾਓ ਖੇਤਰੀ ਪਾਰਟੀ ਦੀ ਸਰਕਾਰ, ਲਿਆ ਦੇਵਾਂਗੇ ਪੂਰੇ ਨਜ਼ਾਰੇ: ਸੁਖਬੀਰ ਬਾਦਲ
ਇਸ ਮੌਕੇ ਸਾਬਕਾ ਮੰਤਰੀ ਅਤੇ ਹਲਕਾ ਸਾਹਨੇਵਾਲ ਦੇ ਇੰਚਾਰਜ ਸ਼ਰਨਜੀਤ ਸਿੰਘ ਢਿੱਲੋਂ ਨੇ ਰੈਲੀ ਨੂੰ ਸੰਬੋਧਨ ਕਰਦੇ ਕਿਹਾ ਕਿ ਜੋ ਹਲਕੇ ਦਾ ਵਿਕਾਸ ਅਕਾਲੀ ਸਰਕਾਰ ਸਮੇਂ ਹੋਇਆ, ਜਿਸ ਵਿਚ ਮੱਤੇਵਾੜਾ ਪੁਲ, ਕੂੰਮਕਲਾਂ ਹਸਪਤਾਲ, ਨਵੀਆਂ ਸੜਕਾਂ ਦਾ ਨਿਰਮਾਣ, ਪਿੰਡਾਂ ਵਿਚ ਸੀਵਰੇਜ ਸਿਸਟਮ, ਸਾਹਨੇਵਾਲ ਦੇ ਰੇਲਵੇ ਪੁਲ ਅਤੇ ਹੋਰ ਵਿਕਾਸ ਦੇ ਕੰਮ ਕਰਵਾਏ ਹਨ ਜਿਸ ਨੂੰ ਲੋਕ ਯਾਦ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ 5 ਸਾਲ ਕਾਂਗਰਸ ਅਤੇ 4 ਸਾਲਾਂ 'ਆਪ' ਦੇ ਕਾਰਜਕਾਲ ਦੌਰਾਨ ਹਲਕਾ ਸਾਹਨੇਵਾਲ ਵਿਕਾਸ ਪੱਖੋਂ ਬਹੁਤ ਪਛੜ ਗਿਆ, ਇਸ ਲਈ ਉਹ ਮੰਗ ਕਰਦੇ ਹਨ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਇਸ ਹਲਕੇ ਦੀਆਂ ਪ੍ਰਮੁੱਖ ਸਮੱਸਿਆਵਾਂ ਹੱਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਹਲਕਾ ਸਾਹਨੇਵਾਲ ਨੂੰ ਆਉਣ ਵਾਲੇ ਸਮੇਂ ’ਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵੱਡੀ ਸਕਿੱਲ ਯੂਨੀਵਰਸਿਟੀ ਦਿੱਤੀ ਜਾਵੇ। ਇਸ ਮੌਕੇ ਨੌਜਵਾਨ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਲੋਕਾਂ ਦਾ ਭਰਵਾਂ ਇਕੱਠ ਹੋਣ ’ਤੇ ਹਲਕਾ ਸਾਹਨੇਵਾਲ ਦੇ ਲੋਕਾਂ ਦਾ ਧੰਨਵਾਦ ਪ੍ਰਗਟਾਇਆ ਅਤੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਸ ਸਰਕਾਰ ਦੇ ਹੁਣ ਕੁਝ ਗਿਣਵੇਂ ਦਿਨ ਰਹਿ ਗਏ ਹਨ ਅਤੇ ਇਸ ਦੀਆਂ ਧੱਕੇਸ਼ਾਹੀਆਂ ਦਾ ਅੰਤ ਹੋਣ ਵਾਲਾ ਹੈ। ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਕੇ. ਐੱਸ. ਮੱਖਣ, ਜਥੇਦਾਰ ਗੁਰਚਰਨ ਸਿੰਘ ਮੇਹਰਬਾਨ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਕੁੜੀ ਦੀ CCTV ਨੇ ਖੋਲ੍ਹਿਆ ਵੱਡਾ ਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
