ਸੁਖਬੀਰ ਨੇ ਟਕਸਾਲੀ ਅਕਾਲੀਆਂ ਨੂੰ ਸਰਗਰਮ ਕਰਨ ਲਈ ਬਣਾਈ 7 ਮੈਂਬਰੀ ਕਮੇਟੀ

Saturday, Sep 01, 2018 - 09:44 AM (IST)

ਸੁਖਬੀਰ ਨੇ ਟਕਸਾਲੀ ਅਕਾਲੀਆਂ ਨੂੰ ਸਰਗਰਮ ਕਰਨ ਲਈ ਬਣਾਈ 7 ਮੈਂਬਰੀ ਕਮੇਟੀ

ਚੰਡੀਗੜ੍ਹ (ਬਿਊਰੋ)— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਜ਼ਮੀਨੀ ਪੱਧਰ 'ਤੇ ਟਕਸਾਲੀ ਅਕਾਲੀ ਆਗੂਆਂ, ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਗਰਮ ਕਰਨ ਲਈ ਇਕ 7 ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ ਦੀ ਅਗਵਾਈ ਪਾਰਟੀ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਕਰਨਗੇ। ਕਮੇਟੀ ਦੇ ਬਾਕੀ ਮੈਂਬਰਾਂ 'ਚ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਸੇਵਾ ਸਿੰਘ ਸੇਖਵਾਂ, ਚਰਨਜੀਤ ਸਿੰਘ ਅਟਵਾਲ, ਤੋਤਾ ਸਿੰਘ ਅਤੇ ਬੀਬੀ ਜਗੀਰ ਕੌਰ ਸ਼ਾਮਲ ਹਨ।

ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਹਰਚਰਨ ਬੈਂਸ ਨੇ ਦੱਸਿਆ ਕਿ ਇਹ ਉਪਰਾਲਾ ਪਾਰਟੀ ਦੀ ਰੂਹ ਅਤੇ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਪੁਰਾਣੇ ਅਕਾਲੀ ਯੋਧਿਆਂ ਅਤੇ ਟਕਸਾਲੀ ਅਕਾਲੀ ਵਰਕਰਾਂ ਵਿਚਕਾਰ ਆਪਸੀ ਸਹਿਯੋਗ ਵਧਾਉਣ ਲਈ ਕੀਤਾ ਜਾ ਰਿਹਾ ਹੈ। ਪਾਰਟੀ ਸੂਬੇ ਵਿਚ ਜ਼ਮੀਨੀ ਪੱਧਰ 'ਤੇ ਜਾ ਕੇ ਟਕਸਾਲੀ ਆਗੂਆਂ ਅਤੇ ਵਰਕਰਾਂ ਨਾਲ ਰਾਬਤਾ ਬਣਾਏਗੀ। ਸਥਾਨਕ ਵਰਕਰਾਂ ਅਤੇ ਆਗੂਆਂ ਤੋਂ ਫੀਡਬੈਕ ਲੈਣ ਤੋਂ ਇਲਾਵਾ ਕਮੇਟੀ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣੇਗੀ ਅਤੇ ਜਿਥੇ ਵੀ ਸਮੱਸਿਆਵਾਂ ਨਜ਼ਰ ਆਉਂਦੀਆਂ ਹਨ, ਨੂੰ ਹੱਲ ਕਰੇਗੀ।

ਬੈਂਸ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚਾਹੁੰਦੇ ਹਨ ਕਿ ਪਾਰਟੀ ਨੂੰ ਆਪਣੇ ਪੁਰਾਣੇ ਅਕਾਲੀ ਯੋਧਿਆਂ ਦੇ ਤਜਰਬੇ ਅਤੇ ਸਿਆਣਪ ਦਾ ਫਾਇਦਾ ਲੈਣਾ ਚਾਹੀਦਾ ਹੈ। ਉਨ੍ਹਾਂ ਦਾ ਵਿਸ਼ਵਾਸ ਹੈ ਕਿ ਟਕਸਾਲੀ ਅਕਾਲੀਆਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਤੋਂ ਇਲਾਵਾ ਇਨ੍ਹਾਂ ਆਗੂਆਂ ਅਤੇ ਵਰਕਰਾਂ ਦੀਆਂ ਸੇਵਾਵਾਂ ਨੂੰ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ। ਇਸ ਤਰ੍ਹਾਂ ਕਮੇਟੀ ਵੱਲੋਂ ਟਕਸਾਲੀ ਅਕਾਲੀ ਵਰਕਰਾਂ ਦੀ ਇਕ ਸੂਚੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਸਨਮਾਨਿਤ ਕੀਤਾ ਜਾਵੇਗਾ। ਇਹ ਕਮੇਟੀ ਟਕਸਾਲੀ ਅਕਾਲੀ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਪਾਰਟੀ 'ਚ ਪਾਏ ਯੋਗਦਾਨ ਸਬੰਧੀ ਅੰਕੜੇ ਇਕੱਠੇ ਕਰ ਕੇ ਇਕ ਦਸਤਾਵੇਜ਼ ਤਿਆਰ ਕਰੇਗੀ।


Related News