ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨ ਜਥੇਬੰਦੀਆਂ ਨਾਲ ਸਿੱਧੀ ਗੱਲ ਕਰਨ ਦੀ ਅਪੀਲ
Saturday, Oct 10, 2020 - 01:26 AM (IST)
ਚੰਡੀਗੜ੍ਹ, (ਬਿਊਰੋ)– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ ਤੇ ਹੋਰ ਜਥੇਬੰਦੀਆਂ, ਜਿਨ੍ਹਾਂ ਦੇ ਹਿਤ ਪ੍ਰਭਾਵਿਤ ਹੁੰਦੇ ਹੋਣ, ਨਾਲ ਸਿੱਧੀ ਗੱਲ ਕਰ ਕੇ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਅਜਿਹਾ ਹੱਲ ਪੇਸ਼ ਕਰਨ ਜੋ ਸਭ ਨੂੰ ਪ੍ਰਵਾਨ ਹੋਵੇ।
ਪ੍ਰਧਾਨ ਮੰਤਰੀ ਨੂੰ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਨਾ ਭੱਜਣ ਦੀ ਸਲਾਹ ਦਿੰਦਿਆਂ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ‘ਜਨ ਕੀ ਬਾਤ’ ਸੁਣਨੀ ਚਾਹੀਦੀ ਹੈ, ਜੋ ਉਨ੍ਹਾਂ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸੁਣੀ ਸੀ, ਜਦੋਂ ਉਨ੍ਹਾਂ ਨੇ ਮੁੱਖ ਮੰਤਰੀਆਂ ਦੀ ਸਲਾਹਕਾਰ ਕਮੇਟੀ ਦੇ ਮੁਖੀ ਹੋਣ ਨਾਤੇ ਐੱਮ. ਐੱਸ. ਪੀ. ਨੂੰ ਕਾਨੂੰਨ ਬਣਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਐੱਨ. ਡੀ. ਏ. ਸਰਕਾਰ ਸਿਰਫ ਕਾਰਪੋਰੇਟ ਘਰਾਣਿਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਖੇਤੀਬਾੜੀ ਮੰਤਰਾਲਾ ਵੱਲੋਂ ਸਕੱਤਰ ਪੱਧਰ ਦੇ ਅਧਿਕਾਰੀ ਨਾਲ ਗੱਲਬਾਤ ਦੀ ਪੇਸ਼ਕਸ਼ ਸਿੱਧੇ ਤੌਰ ’ਤੇ ਰੱਦ ਕਰ ਦਿੱਤੀ ਹੈ, ਕਿਉਂਕਿ ਇਕ ਅਫ਼ਸਰਸ਼ਾਹੀ ਟੇਬਲ ’ਤੇ ਬਹਿ ਕੇ ਕੋਈ ਹੱਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਹ ਜ਼ਰੂਰ ਸਮਝਣਾ ਚਾਹੀਦਾ ਹੈ ਕਿ ਪਹਿਲਾਂ ਹੀ ਪਾਣੀ ਪੁਲਾਂ ਤੋਂ ਲੰਘ ਰਿਹਾ ਹੈ। ਪੰਜਾਬ ਅਤੇ ਹਰਿਆਣਾ ਤੇ ਹੋਰ ਥਾਂਵਾਂ ਦੇ ਕਿਸਾਨ ਸਿੱਧੇ ਸੰਘਰਸ਼ ’ਤੇ ਉਤਰ ਆਏ ਹਨ ਤੇ ਉਨ੍ਹਾਂ ਨੇ ਮਹਾਮਾਰੀ ਦੇ ਵੇਲੇ ਆਪਣੀਆਂ ਜਾਨਾਂ ਵੀ ਜੋਖ਼ਮ ਵਿਚ ਪਾ ਦਿੱਤੀਆਂ ਹਨ ਕਿਉਂਕਿ ਉਹ ਇਸ ਗੱਲ ਨੂੰ ਸਮਝਦੇ ਹਨ ਕਿ 3 ਖੇਤੀ ਕਾਨੂੰਨ ਉਨ੍ਹਾਂ ਦੀਆਂ ਭਵਿੱਖੀ ਪੀੜੀਆਂ ਨੂੰ ਤਬਾਹ ਕਰ ਦੇਣਗੇ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਪ੍ਰਧਾਨ ਮੰਤਰੀ ਨੂੰ ਖ਼ੁਦ ਮਾਮਲੇ ਵਿਚ ਦਖ਼ਲ ਦੇਣਾ ਚਾਹੀਦਾ ਹੈ ਅਤੇ ਕਿਸਾਨਾਂ ਤੇ ਸਿਆਸੀ ਪਾਰਟੀਆਂ ਸਮੇਤ ਹੋਰਨਾਂ ਨਾਲ ਸਿੱਧੀ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਗੱਲਬਾਤ ਤੋਂ ਬਾਅਦ 3 ਖੇਤੀ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ ਅਤੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਨਵਾਂ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।
ਬਾਦਲ ਨੇ ਕਿਹਾ ਕਿ ਜਿੱਥੋਂ ਤੱਕ ਸ਼੍ਰੋਮਣੀ ਅਕਾਲੀ ਦਲ ਦਾ ਸਵਾਲ ਹੈ, ਉਹ ਜਿਣਸਾਂ ਦੀ ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਅਨੁਸਾਰ ਖ਼ਰੀਦ ਲਈ ਲਿਖਤੀ ਭਰੋਸਾ ਦੇਣ ਦੇ ਹੱਕ ਵਿਚ ਹੈ ਤੇ ਇਸ ਮਗਰੋਂ ਇਸ ਬਾਰੇ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਕੌਮੀ ਪੱਧਰ ’ਤੇ ਕਿਸਾਨ ਪੱਖੀ ਫ਼ਰੰਟ ਬਣਾਉਣ ਦੀ ਪਹਿਲਕਦਮੀ ਕਰੇਗਾ ਤੇ ਹੋਰ ਹਮਖ਼ਿਆਲੀ ਖੇਤਰੀ ਪਾਰਟੀਆਂ ਨਾਲ ਤਾਲਮੇਲ ਕਰੇਗਾ ਤਾਂ ਜੋ ਇਸ ਮੰਗ ਦਾ ਤਰਕਸੰਗਤ ਹੱਲ ਨਿਕਲ ਸਕੇ। ਬਾਦਲ ਨੇ ਕਿਹਾ ਕਿ ਉਹ ਕਿਸਾਨਾਂ ਦਾ ਮੁੱਦਾ ਦਿੱਲੀ ਵਿਚ ਹਮਖ਼ਿਆਲੀ ਖੇਤਰੀ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮਿਲ ਕੇ ਚੁੱਕਣਗੇ।