ਸ਼੍ਰੋਮਣੀ ਅਕਾਲੀ ਦਲ ਵਲੋਂ ਸੁਖਦੇਵ ਢੀਂਡਸਾ ਤੇ ਪਰਮਿੰਦਰ ਢੀਂਡਸਾ ਮੁਅੱਤਲ

01/11/2020 8:27:33 PM

ਜਲੰਧਰ/ਚੰਡੀਗੜ੍ਹ,(ਲਾਭ ਸਿੰਘ ਸਿੱਧੂ, ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ ਅਤੇ ਦੋਵਾਂ ਦੇ ਵਰਤਾਓ ਦੀ ਜਵਾਬਦੇਹੀ ਲਈ ਉਨ੍ਹਾਂ ਨੂੰ ਦੋਸ਼-ਪੱਤਰ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਫੈਸਲਾ ਅੱਜ ਕੋਰ ਕਮੇਟੀ ਦੀ ਮੀਟਿੰਗ 'ਚ ਲਿਆ ਗਿਆ, ਜਿਸ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕੀਤੀ।

ਜ਼ਿਲਾ ਸੰਗਰੂਰ ਦੇ ਆਬਜ਼ਰਵਰ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੋਰ ਕਮੇਟੀ ਨੂੰ ਦੱਸਿਆ ਕਿ ਜ਼ਿਲਾ ਸੰਗਰੂਰ ਇਕਾਈ ਦੀ ਹਾਲ ਹੀ 'ਚ ਹੋਈ ਇਕ ਮੀਟਿੰਗ 'ਚ ਪਾਰਟੀ-ਵਿਰੋਧੀਆਂ ਸਰਗਰਮੀਆਂ ਲਈ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ 'ਚੋਂ ਕੱਢਣ ਦੀ ਸਿਫਾਰਿਸ਼ ਕਰਨ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਸੀ। ਪਾਰਟੀ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦੇ ਦੱਸਣ ਮੁਤਾਬਕ ਡੂੰਘੀ ਵਿਚਾਰ ਚਰਚਾ ਤੋਂ ਬਾਅਦ ਦੋਵੇਂ ਆਗੂਆਂ ਨੂੰ ਦੋਸ਼-ਪੱਤਰ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਵਰਤਾਓ ਬਾਰੇ ਸਪੱਸ਼ਟੀਕਰਨ ਦੇਣ ਲਈ ਦੋ ਹਫ਼ਤੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦੋਵੇਂ ਆਗੂਆਂ ਦਾ ਜਵਾਬ ਹਾਸਲ ਕਰਨ ਮਗਰੋਂ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਕੋਰ ਕਮੇਟੀ ਨੇ ਹਾਲ ਹੀ 'ਚ ਸਾਹਮਣੇ ਆਏ ਬਿਜਲੀ ਘੋਟਾਲੇ ਦੀ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਕਰਨ ਲਈ 15 ਜਨਵਰੀ ਨੂੰ ਰਾਜਪਾਲ ਨੂੰ ਵੀ ਮਿਲਣ ਦਾ ਫੈਸਲਾ ਕੀਤਾ ਹੈ। ਕੋਰ ਕਮੇਟੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਮੈਨੇਜਮੈਂਟਾਂ ਅਤੇ ਇਕ ਕੋਲਾ ਕੰਪਨੀ ਨੂੰ 3000 ਕਰੋੜ ਰੁਪਏ ਦਾ ਲਾਭ ਪਹੁੰਚਾਉਣ ਲਈ ਜਾਣਬੁਝ ਕੇ ਢਿੱਲ ਵਰਤੀ ਅਤੇ ਕੰਪਨੀਆਂ ਵਲੋਂ ਪੀ. ਐੱਸ. ਪੀ. ਸੀ. ਐੱਲ. ਖਿਲਾਫ਼ ਪਾਏ ਕੇਸਾਂ ਦੀ ਅਦਾਲਤ 'ਚ ਸਹੀ ਢੰਗ ਨਾਲ ਪੈਰਵੀ ਨਹੀਂ ਕੀਤੀ। ਇਹ ਵੀ ਫੈਸਲਾ ਕੀਤਾ ਗਿਆ ਕਿ ਪਾਰਟੀ ਆਗੂਆਂ ਦਾ ਇਕ ਵਫ਼ਦ ਕੱਲ੍ਹ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗਾ। ਇਸ ਮੁਲਾਕਾਤ ਦੌਰਾਨ ਵਫ਼ਦ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪਰਕਾਸ਼ ਪੁਰਬ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਅਤੇ ਉਸ ਨੂੰ ਰਿਹਾਅ ਕਰਨ ਅਤੇ ਪਾਕਿਸਤਾਨ 'ਚ ਸਿੱਖਾਂ ਅਤੇ ਸਿੱਖ ਗੁਰਧਾਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਾਕਿਸਤਾਨ ਨੂੰ ਕਹਿਣ ਸਮੇਤ ਸਾਰੇ ਮੁੱਦਿਆਂ ਨੂੰ ਉਠਾਇਆ ਜਾਵੇਗਾ।

ਕੋਰ ਕਮੇਟੀ ਵਲੋਂ ਕਾਂਗਰਸ ਸਰਕਾਰ ਦੁਆਰਾ ਸਮਾਜ ਦੇ ਸਾਰੇ ਵਰਗਾਂ ਨਾਲ ਕੀਤੇ ਵਾਅਦਾ-ਖ਼ਿਲਾਫੀ ਅਤੇ ਲੋਕਾਂ ਨਾਲ ਕੀਤੀਆਂ ਧੱਕੇਸ਼ਾਹੀਆਂ ਦੀ ਜਾਂਚ ਲਈ ਦੋ ਕਮੇਟੀਆਂ ਬਣਾਈਆਂ ਗਈਆਂ ਹਨ। ਇਸ ਵੀ ਫੈਸਲਾ ਕੀਤਾ ਗਿਆ ਹੈ ਕਿ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਜ਼ਿਲਾ ਪ੍ਰਧਾਨਾਂ ਨਾਲ ਮੁੱਖ ਦਫ਼ਤਰ ਵਿਖੇ ਮੀਟਿੰਗਾਂ ਕਰਨਗੇ ਅਤੇ ਹਲਕਾ ਪੱਧਰ 'ਤੇ ਸਰਕਲ ਡੈਲੀਗੇਟਸ ਨਾਲ ਗੱਲਬਾਤ ਕਰਨਗੇ। ਕੋਰ ਕਮੇਟੀ ਦੀ ਮੀਟਿੰਗ 'ਚ ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਜਥੇਦਾਰ ਤੋਤਾ ਸਿੰਘ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ, ਉਪਿੰਦਰਜੀਤ ਕੌਰ, ਸਿਕੰਦਰ ਸਿੰਘ ਮਲੂਕਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਚੀਮਾ, ਜਗੀਰ ਕੌਰ, ਸੁਰਜੀਤ ਸਿੰਘ ਰੱਖੜਾ ਅਤੇ ਬਲਦੇਵ ਸਿੰਘ ਮਾਨ ਨੇ ਭਾਗ ਲਿਆ।
 


Related News