ਪ੍ਰਕਾਸ਼ ਸਿੰਘ ਬਾਦਲ ਦੇ ਚਲੇ ਜਾਣ ਨਾਲ ਸਿੱਖ ਪੰਥ, ਦੇਸ਼ ਤੇ ਪੰਜਾਬ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ : ਢੀਂਡਸਾ

Tuesday, Apr 25, 2023 - 10:59 PM (IST)

ਮੋਹਾਲੀ (ਪਰਦੀਪ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੇ ਇਸ ਜਹਾਨ ਤੋਂ ਚਲੇ ਜਾਣ ਨਾਲ ਸਿੱਖ ਪੰਥ, ਦੇਸ਼ ਅਤੇ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ, ਜਿਸ ਦੀ ਭਰਭਾਈ ਕਦੇ ਨਹੀਂ ਹੋ ਸਕਦੀ ਹੈ।

ਇਹ ਵੀ ਪੜ੍ਹੋ : ਪਿੰਡ ਦੇ ਸਰਪੰਚ ਤੋਂ ਲੈ ਕੇ 5 ਵਾਰ ਮੁੱਖ ਮੰਤਰੀ ਬਣਨ ਵਾਲੇ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ 'ਤੇ ਝਾਤ

ਆਪਣੇ ਸ਼ੋਕ ਸੰਦੇਸ਼ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਕਾਲੀ ਦਲ ਨੂੰ ਵੱਖਰੀ ਹੋਂਦ ਦੀ ਕਾਇਮੀ ਅਤੇ ਮੁਲਕ 'ਚ ਖੇਤਰੀ ਪਾਰਟੀਆਂ ਨੂੰ ਸ਼ਕਤੀਸ਼ਾਲੀ ਕਰਨ ਦੇ ਮੁੱਦਈ ਰਹੇ ਹਨ ਅਤੇ ਉਹ ਸਭ ਤੋਂ ਸ਼ਕਤੀਸ਼ਾਲੀ ਸਿੱਖ ਨੇਤਾ ਦੇ ਰੂਪ ਵਿੱਚ ਦੁਨੀਆ ਭਰ 'ਚ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨਾਲ ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਲੰਬਾ ਸਮਾਂ ਬਤੀਤ ਕੀਤਾ ਹੈ ਅਤੇ ਇਸ ਦੌਰਾਨ ਉਨ੍ਹਾਂ ਨਾਲ ਕਈ ਮਿੱਠੀਆਂ ਤੇ ਕੌੜੀਆਂ ਯਾਦਾਂ ਵੀ ਹਨ। ਉਨ੍ਹਾਂ ਪੁਰਾਣੇ ਦਿਨ ਯਾਦ ਕਰਦਿਆਂ ਕਿਹਾ ਕਿ ਅਸੀ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਇਕੱਠਿਆਂ ਲੰਬਾਂ ਸਮਾਂ ਜੇਲ੍ਹਾਂ ਵੀ ਕੱਟੀਆਂ ਤੇ ਕਈ ਸੰਘਰਸ਼ ਵੀ ਇਕੱਠੇ ਲੜੇ। ਉਨ੍ਹਾਂ ਪੰਜਾਬੀ ਸੂਬਾ ਮੋਰਚਾ, ਕਪੂਰੀ ਮੋਰਚਾ ਅਤੇ ਧਰਮ ਯੁੱਧ ਮੋਰਚਿਆਂ 'ਚ ਸਰਗਰਮੀ ਨਾਲ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ

ਢੀਂਡਸਾ ਨੇ ਕਿਹਾ ਕਿ ਸ. ਬਾਦਲ ਦੇ ਵਿਰੋਧੀ ਵੀ ਉਨ੍ਹਾਂ ਦੀ ਠਰੰਮੇ ਤੇ ਗਹਿਰਾਈ ਵਾਲੀ ਸਿਆਸਤ ਦੇ ਕਾਇਲ ਸਨ ਅਤੇ ਆਪਣੇ ਇਨ੍ਹਾਂ ਗੁਣਾਂ ਕਰਕੇ ਹੀ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਵੀ ਕੰਮ ਕਰਦੇ ਰਹੇ। ਢੀਂਡਸਾ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਭਾਰਤੀ ਰਾਜਨੀਤੀ ਦੇ ਇਕ ਅਜਿਹੇ ਯੁੱਗ ਦਾ ਅੰਤ ਹੋ ਗਿਆ ਹੈ, ਜਿਸ ਨੇ ਭਾਰਤ ਦੀ ਅਜ਼ਾਦੀ ਤੋਂ ਲੈ ਕੇ ਇਸ ਸਦੀ ਦੇ ਹਰ ਬਦਲਾਅ ਨੂੰ ਬਹੁਤ ਨੇੜੇ ਤੋਂ ਵੇਖਿਆ ਹੈ। ਵਾਹਿਗੁਰੂ ਅੱਗੇ ਅਰਦਾਸ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News