ਸੁਖਦੇਵ ਢੀਂਡਸਾ ਦਾ ਵੱਡਾ ਬਿਆਨ, ਕਿਹਾ ਜਲਦ ਕਰਾਂਗੇ ਉਮੀਦਵਾਰਾਂ ਦਾ ਐਲਾਨ

Sunday, Dec 05, 2021 - 04:25 PM (IST)

ਸੁਖਦੇਵ ਢੀਂਡਸਾ ਦਾ ਵੱਡਾ ਬਿਆਨ, ਕਿਹਾ ਜਲਦ ਕਰਾਂਗੇ ਉਮੀਦਵਾਰਾਂ ਦਾ ਐਲਾਨ

ਮਾਛੀਵਾੜਾ (ਟੱਕਰ)–ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅੱਜ ਮਾਛੀਵਾੜਾ ਵਿਖੇ ਪੁਰਾਣੇ ਟਕਸਾਲੀ ਆਗੂ ਜਥੇਦਾਰ ਕੇਵਲ ਸਿੰਘ ਕੱਦੋਂ ਨੂੰ ਪਾਰਟੀ ’ਚ ਸ਼ਾਮਲ ਕਰਵਾਉਣ ਉਨ੍ਹਾਂ ਦੇ ਘਰ ਪਹੁੰਚੇ। ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਸੂਚੀ ਤਿਆਰ ਹੋ ਗਈ ਹੈ, ਜਿਸ ਦਾ ਐਲਾਨ ਅਗਲੇ ਹਫ਼ਤੇ ਕਰ ਦਿੱਤਾ ਜਾਵੇਗਾ। ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਇਹ ਵੀ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਪਾਰਟੀਆਂ ਨਾਲ ਗਠਜੋੜ ਹੋਵੇਗਾ, ਜੋ ਪਾਰਟੀਆਂ ਦੀਆਂ ਨੀਤੀਆਂ ਨੂੰ ਰਾਸ ਆਉਂਦਾ ਦਿਖਾਈ ਦੇਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਸ਼ੱਕ ਗਠਜੋੜ ਕਰਨ ਲਈ ਬਿਆਨਬਾਜ਼ੀ ਕਰ ਰਹੇ ਹਨ ਪਰ ਉਨ੍ਹਾਂ ਨਾਲ ਅਜੇ ਤਕ ਇਸ ਸਬੰਧੀ ਕੋਈ ਮੀਟਿੰਗ ਜਾਂ ਗੱਲਬਾਤ ਨਹੀਂ ਹੋਈ।

ਇਹ ਵੀ ਪੜ੍ਹੋ : ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਕੈਪਟਨ ਅਮਰਿੰਦਰ ਸਿੰਘ ਤਨਖਾਹੀਆ ਕਰਾਰ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਚਾਹੁੰਦਾ ਹੈ ਕਿ ਪੰਜਾਬ ਵਿਚ ਲੋਕ-ਹਿਤੈਸ਼ੀ ਪਾਰਟੀ ਬਣੇ, ਜਿਸ ਵਿਚ ਉਨ੍ਹਾਂ ਦਾ ਯੋਗਦਾਨ ਹੋਵੇ ਪਰ ਸਾਡੀ ਪਾਰਟੀ ਦਾ ਕੋਈ ਵੀ ਆਗੂ ਮੁੱਖ ਮੰਤਰੀ ਦਾ ਚਿਹਰਾ ਨਹੀਂ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਧਾਨ ਸਭਾ ਚੋਣਾਂ ’ਚ ਉਹ ਆਪਣੀ ਪਾਰਟੀ ਦਾ ਮੁੱਖ ਮੰਤਰੀ ਬਣਾਉਣਾ ਨਹੀਂ ਚਾਹੁੰਦੇ ਬਲਕਿ ਉਨ੍ਹਾਂ ਦਾ ਮੁੱਖ ਉਦੇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਕਾਲੀ ਦਲ ਦੇ ਕਬਜ਼ੇ ਤੋਂ ਮੁਕਤ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੇਗਾ ਅਤੇ ਬਾਦਲ ਵਿਰੁੱਧ ਝੰਡਾ ਬੁਲੰਦ ਕਰਨ ਵਾਲੇ ਸਾਰੇ ਸਿਆਸੀ, ਗੈਰ-ਸਿਆਸੀ ਆਗੂ ਅਤੇ ਸੰਤ ਸਮਾਜ ਦੇ ਆਗੂਆਂ ਨੂੰ ਨਾਲ ਲੈ ਕੇ ਇਹ ਚੋਣਾਂ ਜਿੱਤੇਗਾ।

ਇਹ ਵੀ ਪੜ੍ਹੋ : ਭਗਵੰਤ ਮਾਨ ਦਾ ਵੱਡਾ ਖ਼ੁਲਾਸਾ, ਭਾਜਪਾ ਦੇ ਵੱਡੇ ਲੀਡਰ ਨੇ ਫੋਨ ਕਰਕੇ ਦਿੱਤਾ ਆਫ਼ਰ

ਇਸ ਮੌਕੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਜਥੇਦਾਰ ਕੇਵਲ ਸਿੰਘ ਕੱਦੋਂ ਨੇ ਕਿਹਾ ਕਿ ਅੱਜ ਟਕਸਾਲੀ ਅਕਾਲੀ ਵਰਕਰ ਨਿਰਾਸ਼ ਹੋ ਕੇ ਘਰ ਬੈਠਾ ਹੈ ਕਿਉਂਕਿ ਸੁਖਬੀਰ ਸਿੰਘ ਬਾਦਲ ਵਰਕਰਾਂ ਨੂੰ ਅਣਗੌਲਿਆਂ ਕਰ ਕੇ ਸ਼ਰਮਾਏਦਾਰਾਂ ਦਾ ਆਗੂ ਬਣ ਗਿਆ ਹੈ, ਜਿਸ ਦਾ ਖਮਿਆਜ਼ਾ ਉਸ ਨੂੰ 2017 ਦੀਆਂ ਚੋਣਾਂ ’ਚ ਭੁਗਤਣਾ ਪਿਆ ਅਤੇ 2022 ਦੀਆਂ ਚੋਣਾਂ ’ਚ ਵੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਸੁਖਦੇਵ ਸਿੰਘ ਚੱਕ, ਅਜੈਬ ਸਿੰਘ ਸੁੱਖਾ, ਹਲਕਾ ਇੰਚਾਰਜ਼ ਤਰਲੋਚਨ ਸਿੰਘ ਘੁੰਗਰਾਲੀ, ਅਮਰਜੀਤ ਸਿੰਘ ਖੱਟੜਾ, ਹਰਦੀਪ ਸਿੰਘ ਖੱਟੜ, ਜਸਵਿੰਦਰ ਸਿੰਘ, ਗੁਰਵੀਰ ਸਿੰਘ ਖੰਨਾ, ਅਮਰੀਕ ਸਿੰਘ ਲਿਬੜਾ, ਸੁਖਵੰਤ ਸਿੰਘ ਟਿੱਲੂ, ਸੰਦੀਪ ਸਿੰਘ, ਅਮਰਜੀਤ ਸਿੰਘ ਬਾਲਿਓਂ, ਪ੍ਰੋ. ਬਲਜੀਤ ਸਿੰਘ ਬੌਂਦਲੀ, ਪਰਮਜੀਤ ਮਾਛੀਵਾੜਾ, ਬਲਦੇਵ ਸਿੰਘ ਧਾਲੀਵਾਲ, ਹਰਵਿੰਦਰ ਸਿੰਘ, ਗੁਰਮੀਤ ਸਿੰਘ ਰਾਠੌਰ, ਪ੍ਰਭਜੋਤ ਸਿੰਘ ਖੱਟੜਾ, ਅਵਤਾਰ ਸਿੰਘ ਢਿੱਲੋਂ, ਬੰਤ ਸਿੰਘ ਸਮਰਾਲਾ, ਰੇਨੂੰ ਬੈਂਸ ਅਤੇ ਰਣਜੀਤ ਕੌਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਕੈਪਟਨ-ਭਾਜਪਾ ਨਾਲ ਗਠਜੋੜ ਨੂੰ ਲੈ ਕੇ ਸੁਖਦੇਵ ਢੀਂਡਸਾ ਨੇ ਆਖੀ ਵੱਡੀ ਗੱਲ

ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣ ਲਈ ਹਮੇਸ਼ਾ ਆਵਾਜ਼ ਉਠਾਈ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਜਦੋਂ ਉਹ ਸ਼੍ਰੋਮਣੀ ਅਕਾਲੀ ਦਲ ਵਿਚ ਸਨ, ਤਾਂ ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਅੱਗੇ ਹਰੇਕ ਮੀਟਿੰਗ ’ਚ ਆਵਾਜ਼ ਉਠਾਈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਪਰ ਹਮੇਸ਼ਾ ਇਹ ਕਹਿ ਕੇ ਪੱਲ੍ਹਾ ਝਾੜ ਲਿਆ ਜਾਂਦਾ ਕਿ ‘ਸਿਟ’ ਇਸ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲ ਰਹੀਆਂ ਤਾਂ ਉਨ੍ਹਾਂ ਪਾਰਟੀਆਂ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਜਥੇਦਾਰ ਢੀਂਡਸਾ ਨੇ ਕਿਹਾ ਕਿ ਅੱਜ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਲਾਪਤਾ ਹਨ, ਉਸ ਸਬੰਧੀ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੀ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਚ ਨਾਮਜ਼ਦ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News