ਪਿਤਾ ਦੀ ਨਹੀਂ ਹੁਣ ਪ੍ਰਧਾਨ ਦੀ ਮੰਨਣਗੇ ਪਰਮਿੰਦਰ ਢੀਂਡਸਾ
Wednesday, Mar 27, 2019 - 04:16 PM (IST)

ਸ਼ੇਰਪੁਰ (ਅਨੀਸ਼) : ਸੂਬੇ 'ਚ ਸਿਆਸੀ ਸੰਕਟ 'ਚੋਂ ਗੁਜ਼ਰ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਵਾਰ ਲੋਕ ਸਭਾ ਚੋਣਾਂ 'ਚ ਉਮੀਦਵਾਰ ਲੱਭਣ ਲਈ ਜੱਦੋ-ਜਹਿਦ ਕਰਨੀ ਪੈ ਰਹੀ ਹੈ। ਅਜਿਹਾ ਹੀ ਹਾਲ ਲੋਕ ਸਭਾ ਹਲਕਾ ਸੰਗਰੂਰ ਤੋਂ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਨੂੰ ਉਮੀਦਵਾਰ ਨਹੀ ਲੱਭ ਰਿਹਾ। ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਹਲਕਾ ਲਹਿਰਾ ਤੋਂ ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਚੋਣ ਲੜਾਉਣ ਦੇ ਚਾਹਵਾਨ ਹਨ। ਦੱਸ ਦਈਏ ਕਿ ਪਰਮਿੰਦਰ ਸਿੰਘ ਢੀਂਡਸਾ ਦੇ ਪਿਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਪਿਛਲੇ ਸਮੇਂ ਦੌਰਾਨ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਵੀ ਸਵਾਲ ਚੁੱਕੇ ਸਨ। ਇਸ ਤੋਂ ਇਲਾਵਾ ਸੁਖਦੇਵ ਸਿੰਘ ਢੀਂਡਸਾ ਵੱਲੋਂ ਲੋਕ ਸਭਾ ਚੋਣਾਂ ਲੜਨ ਤੋਂ ਸਾਫ ਇਨਕਾਰ ਕਰ ਦਿੱਤਾ ਸੀ। ਪਰ ਹੁਣ ਪਰਮਿੰਦਰ ਸਿੰਘ ਢੀਂਡਸਾ ਧਰਮ ਸੰਕਟ 'ਚੋਂ ਲੰਘ ਰਹੇ ਸਨ ਕਿ ਉਹ ਪਿਤਾ ਦੀ ਮੰਨਣ ਜਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ। ਹੁਣ ਪਰਮਿੰਦਰ ਸਿੰਘ ਢੀਂਡਸਾ ਨੇ ਸਪਸ਼ਟ ਕਰ ਦਿੱਤਾ ਹੈ ਕਿ ਜੇਕਰ ਪਾਰਟੀ ਨੂੰ ਕੋਈ ਲੋਕ ਸਭਾ ਹਲਕਾ ਸੰਗਰੂਰ ਤੋਂ ਕੋਈ ਯੋਗ ਉਮੀਦਵਾਰ ਨਹੀਂ ਮਿਲਦਾ ਤਾਂ ਉਹ ਚੋਣ ਲੜਨ ਲਈ ਤਿਆਰ ਹਨ। ਪਰਮਿੰਦਰ ਢੀਂਡਸਾ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਨ। ਪਰਮਿੰਦਰ ਢੀਂਡਸਾ ਨੇ ਸੁਖਬੀਰ ਬਾਦਲ ਨੂੰ ਇਹ ਵੀ ਅਪੀਲ ਕੀਤੀ ਕਿ ਉਨ੍ਹਾਂ ਦਾ ਨਾਂ ਅੰਤ 'ਚ ਵਿਚਾਰਿਆ ਜਾਵੇ।
ਜ਼ਿਕਰਯੋਗ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ 'ਚ ਪੈਂਦੇ ਸਾਰੇ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਸੀ ਪਰ ਉਸ ਸਮੇਂ ਉਨ੍ਹਾਂ ਨੇ ਉਮੀਦਵਾਰਾਂ ਦੇ ਪੱਤੇ ਨਹੀ ਖੋਲ੍ਹੇ। ਦੱਸਣਯੋਗ ਹੈ ਕਿ ਜੇਕਰ ਪਰਮਿੰਦਰ ਸਿੰਘ ਢੀਂਡਸਾ ਸੰਗਰੂਰ ਤੋਂ ਚੋਣ ਲੜਦੇ ਹਨ ਤਾਂ ਉਨ੍ਹਾਂ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨਾਲ ਹੋਵੇਗਾ ਅਤੇ ਭਗਵੰਤ ਮਾਨ ਨੇ 2014 ਦੀਆਂ ਚੋਣਾਂ 'ਚ ਸੁਖਦੇਵ ਸਿੰਘ ਢੀਂਡਸਾ ਨੂੰ ਵੱਡੇ ਫਰਕ ਨਾਲ ਹਰਾਇਆ ਸੀ।