ਲੁਧਿਆਣਾ ''ਚ 13 ਦਸੰਬਰ ਨੂੰ ਵੱਡਾ ਇਕੱਠ ਕਰਨਗੇ ''ਸੁਖਦੇਵ ਢੀਂਡਸਾ'', ਜਾਣੋ ਕੀ ਹੈ ਕਾਰਨ

10/22/2020 12:19:38 PM

ਮੋਹਾਲੀ (ਪਰਦੀਪ) : ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੀ ਸੂਬਾ ਪੱਧਰੀ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਮੋਹਾਲੀ ਵਿਖੇ ਕੀਤੀ ਗਈ। ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ 'ਚ ਸੂਬੇ ਭਰ ਤੋਂ ਸੀਨੀਅਰ ਆਗੂ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ਜਾਰੀ ਪ੍ਰੈੱਸ ਬਿਆਨ 'ਚ ਸ. ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਸ਼ਤਾਬਦੀ ਸਮਾਰੋਹ 13 ਦਸੰਬਰ, 2020 ਨੂੰ ਲੁਧਿਆਣਾ ਜ਼ਿਲ੍ਹੇ 'ਚ ਵੱਡਾ ਇਕੱਠ ਕਰਕੇ ਮਨਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਲੁਧਿਆਣਾ ਜ਼ਿਲ੍ਹੇ 'ਚ ਭਾਰੀ ਇਕੱਠ ਕਰਕੇ ਅਕਾਲੀ ਦਲ ਦੇ ਇਤਿਹਾਸ ਬਾਰੇ ਆਮ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ।

ਇਸ ਮੀਟਿੰਗ 'ਚ ਮੁੱਖ ਤੌਰ 'ਤੇ ਪੰਜਾਬ ਦੇ ਸਿਆਸੀ ਸਮੀਕਰਨ 'ਤੇ ਚਰਚਾ ਕੀਤੀ ਗਈ ਅਤੇ ਪਾਰਟੀ ਦੀ ਮਹੱਤਵਪੂਰਨ ਭੂਮਿਕਾ ਬਾਰੇ ਵਿਚਾਰ-ਵਟਾਂਦਰੇ ਕੀਤੇ ਗਏ। ਮੀਟਿੰਗ ਦੇ ਸ਼ੁਰੂ 'ਚ ਅਕਾਲੀ ਆਗੂਆਂ ਨੇ ਕਿਸਾਨ ਧਰਨਿਆਂ 'ਚ ਆਪਣੀ ਜਾਨ ਨਿਛਾਵਰ ਕਰਨ ਵਾਲੇ ਕਿਸਾਨ ਆਗੂਆਂ ਨੂੰ ਸ਼ਰਧਾਂਜਲੀ ਪੇਸ਼ ਕੀਤੀ ਅਤੇ ਸਰਕਾਰ ਪਾਸੋਂ ਮੰਗ ਕੀਤੀ ਕਿ ਆਪਣੀ ਜਾਨ ਨਿਸ਼ਾਵਰ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਾਣਮੱਤਾ ਇਤਿਹਾਸ ਰਿਹਾ ਹੈ ਅਤੇ ਅਨੇਕਾਂ ਮਹਾਂਪੁਰਸ਼ਾਂ ਅਤੇ ਸੂਰਵੀਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਆਪਣੇ ਸਥਾਪਕਾਂ ਤੋਂ ਸੇਧ ਲੈਂਦਾ ਰਹੇਗਾ ਅਤੇ ਕਿਸਾਨਾਂ, ਮਜ਼ਦੂਰਾਂ, ਦਲਿਤਾਂ, ਆਮ ਸ਼ਹਿਰੀਆਂ ਸਮੇਤ ਸਾਰੇ ਤਬਕਿਆਂ ਦੇ ਲਈ ਸੰਘਰਸ਼ ਕਰਦਾ ਰਹੇਗਾ।

ਇਸ ਮੌਕੇ ਲਹਿਰਾਗਾਗਾ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾ, ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਬੀਰਦਵਿੰਦਰ ਸਿੰਘ, ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ, ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ, ਸਾਬਕਾ ਡਿਪਟੀ ਮੇਅਰ ਰੁੜਕੇਲਾ (ਉੜੀਸਾ) ਹਾਜ਼ਰ ਸਨ। 
 


Babita

Content Editor

Related News