BBMB ਸਮੇਤ ਕਈ ਮੁੱਦਿਆਂ ’ਤੇ ਚਰਚਾ ਲਈ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਨ ਦਿੱਲੀ ਪੁੱਜੇ ''ਸੁਖਦੇਵ ਢੀਂਡਸਾ''
Tuesday, Mar 01, 2022 - 09:57 AM (IST)
ਮੋਹਾਲੀ (ਪਰਦੀਪ) : ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਵਿਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਸਮੇਤ ਪੰਜਾਬ ਨਾਲ ਸਬੰਧਿਤ ਹੋਰਨਾਂ ਅਹਿਮ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਦਿੱਲੀ ਪੁੱਜ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆਂ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਇਹ ਮੁਲਾਕਾਤ ਕਾਫ਼ੀ ਸਕਾਰਾਤਮਕ ਰਹੇਗੀ ਅਤੇ ਬੀ. ਬੀ. ਐੱਮ. ਬੀ. ਵਿਚ ਪੰਜਾਬ ਦੀ ਪੱਕੀ ਨੁਮਾਇੰਦਗੀ ਨੂੰ ਬਰਕਰਾਰ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਜੇਲ੍ਹ ’ਚ ਗੁਰਬਾਣੀ ਦਾ ਪਾਠ ਕਰ ਰਹੇ 'ਮਜੀਠੀਆ', ਪੜ੍ਹ ਰਹੇ ਮਹਾਨ ਸ਼ਖਸੀਅਤਾਂ ਦੀਆਂ ਜੀਵਨੀਆਂ
ਉਨ੍ਹਾਂ ਕਿਹਾ ਕਿ ਉਹ ਅਮਿਤ ਸ਼ਾਹ ਨਾਲ ਪੰਜਾਬ ਨਾਲ ਸਬੰਧੀ ਹੋਰਨਾਂ ਅਹਿਮ ਮੁੱਦਿਆਂ ’ਤੇ ਵੀ ਗੱਲਬਾਤ ਕਰਨਗੇ, ਜਿਨ੍ਹਾਂ ਵਿਚ ਚੰਡੀਗੜ੍ਹ ਵਿਚ ਪੰਜਾਬ ਅਤੇ ਹਰਿਆਣਾ ਦੇ 60-40 ਅਨੁਪਾਤ ਨੂੰ ਸਹੀ ਢੰਗ ਨਾਲ ਲਾਗੂ ਕਰਨ ਅਤੇ ਪੰਜਾਬ ਦੀ ਹਿੱਸੇਦਾਰੀ ਵਧਾਉਣ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਨਾਲ ਦੇਸ਼ ਦਾ ਸੰਘੀ ਢਾਂਚਾ ਕਮਜ਼ੋਰ ਹੋਵੇਗਾ, ਇਸ ਕਰਕੇ ਕੇਂਦਰ ਸਰਕਾਰ ਨੂੰ ਆਪਣਾ ਇਹ ਫ਼ੈਸਲਾ ਤੁਰੰਤ ਵਾਪਸ ਲੈ ਲੈਣਾ ਚਾਹੀਦਾ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ਨੂੰ ਪਹਿਲਾਂ ਹੀ ਪਾਣੀ ਪੂਰਾ ਨਹੀਂ ਮਿਲ ਰਿਹਾ ਅਤੇ ਪੰਜਾਬ ਨਾਲ ਸੂਬਾ ਬਣਨ ਤੋਂ ਲੈ ਕੇ ਹੁਣ ਤੱਕ ਇਹ ਵਿਤਕਰਾ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਤੇ ਨਵੀਂ ਬਣ ਰਹੀ ਸਰਕਾਰ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਜਾਣੋ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਬੰਜਰ ਹੋ ਰਹੀ ਹੈ। ਪੰਜਾਬ ਦੇ ਵੱਡੇ ਹਿੱਸੇ ਵਿਚ ਪਾਣੀ ਦਾ ਪੱਧਰ ਕਾਫ਼ੀ ਹੇਠਾ ਜਾ ਚੁੱਕਾ ਹੈ ਅਤੇ ਪੰਜਾਬ ਦੇ ਜ਼ਿਆਦਾਤਾਰ ਬਲਾਕ ਡਾਰਕ ਜ਼ੋਨ ਬਣ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਪਾਣੀਆਂ ਨੂੰ ਰਾਜਸਥਾਨ ਅਤੇ ਦਿੱਲੀ ਨੂੰ ਮੁਫ਼ਤ ਵਿਚ ਲੁੱਟਿਆਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਬੀ. ਬੀ. ਐੱਮ. ਬੀ. ਵਿਚੋਂ ਨੁਮਾਇੰਦਗੀ ਖ਼ਤਮ ਕਰਨ ਨਾਲ ਸੂਬੇ ਦਾ ਪਾਣੀਆਂ ਸਮੇਤ ਹੈੱਡ ਵਰਕਸਾਂ ਉੱਪਰ ਕੰਟਰੋਲ ਦੇ ਅਧਿਕਾਰ ਖ਼ਤਮ ਹੋ ਜਾਣਗੇ। ਢੀਂਡਸਾ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਦਿੱਲੀ ਪੁੱਜ ਗਏ ਹਨ, ਜਿੱਥੇ ਉਹ ਇਨ੍ਹਾਂ ਸਾਰੇ ਮਸਲਿਆਂ ’ਤੇ ਗੱਲਬਾਤ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ