ਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ

Wednesday, Aug 12, 2026 - 07:04 PM (IST)

ਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ

ਗੁਰਦਾਸਪੁਰ (ਵੈੱਬ ਡੈਸਕ): ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਡੇਰਾ ਬਾਬਾ ਨਾਨਕ ਅਤੇ ਗੁਰਦਾਸਪੁਰ ਖੇਤਰ ਵਿਚ ਵਧ ਰਹੇ ਗੈਂਗਸਟਰ ਪ੍ਰਭਾਵ ਅਤੇ ਉਨ੍ਹਾਂ ਦੇ ਵਿੱਤੀ ਸਰੋਤਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। 

ਰੰਧਾਵਾ ਨੇ ਆਪਣੇ ਪੱਤਰ ਵਿਚ ਦੋਸ਼ ਲਾਇਆ ਹੈ ਕਿ ਜੇਲ੍ਹ ਵਿਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨੈੱਟਵਰਕ ਇਲਾਕੇ ਵਿਚ ਬਹੁਤ ਸਰਗਰਮ ਹੈ। ਉਨ੍ਹਾਂ ਖਾਸ ਤੌਰ 'ਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ 2 ਅਹੁਦੇਦਾਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਭਗਵਾਨਪੁਰੀਆ ਦੇ ਕਰੀਬੀ ਦੱਸਿਆ ਤੇ ਉਨ੍ਹਾਂ ਵੱਲੋਂ ਕਰਵਾਏ ਜਾ ਰਹੇ ਵੱਡੇ ਪੱਧਰ ਦੇ ਸਮਾਜਿਕ ਸਮਾਗਮਾਂ 'ਤੇ ਸਵਾਲ ਚੁੱਕੇ ਹਨ। ਰੰਧਾਵਾ ਅਨੁਸਾਰ, ਇਨ੍ਹਾਂ ਸਮਾਗਮਾਂ 'ਤੇ ਖਰਚਿਆ ਜਾ ਰਿਹਾ ਕਰੋੜਾਂ ਰੁਪਏ ਦਾ ਫੰਡ ਨਸ਼ਾ ਤਸਕਰੀ ਅਤੇ ਜਬਰੀ ਵਸੂਲੀ ਰਾਹੀਂ ਇਕੱਠਾ ਕੀਤਾ ਗਿਆ ਹੋ ਸਕਦਾ ਹੈ। ਸੰਸਦ ਮੈਂਬਰ ਨੇ ਦੋਸ਼ ਲਗਾਇਆ ਕਿ ਸੀਨੀਅਰ ਪੁਲਸ ਅਫ਼ਸਰ ਵੀ ਇਨ੍ਹਾਂ ਗਤੀਵਿਧੀਆਂ ਨੂੰ ਦੇਖ ਕੇ ਵੀ ਅਣਦੇਖਿਆ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜੱਗੂ ਭਗਵਾਨਪੁਰੀਆ ਜੇਲ੍ਹ ਅੰਦਰੋਂ ਹੀ ਅਫ਼ਸਰਾਂ ਨੂੰ ਧਮਕਾ ਰਿਹਾ ਹੈ ਅਤੇ ਆਪਣੇ ਰਿਸ਼ਤੇਦਾਰਾਂ ਨੂੰ ਸਿਆਸੀ ਅਹੁਦਿਆਂ 'ਤੇ ਬਿਠਾਉਣ ਲਈ ਦਬਾਅ ਪਾ ਰਿਹਾ ਹੈ। 

ਸੁਖਜਿੰਦਰ ਰੰਧਾਵਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਇਨ੍ਹਾਂ ਫੰਡਾਂ ਦੇ ਸਰੋਤਾਂ ਅਤੇ ਮਨੀ ਲਾਂਡਰਿੰਗ ਪੱਖਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ, ਇਨਕਮ ਟੈਕਸ ਵਿਭਾਗ ਸਬੰਧਤ ਵਿਅਕਤੀਆਂ ਦੇ ਆਮਦਨ ਸਰੋਤਾਂ ਅਤੇ ਉਨ੍ਹਾਂ ਦੇ ਅਸਲ ਖਰਚਿਆਂ ਦੀ ਪੜਤਾਲ ਕਰੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਉਨ੍ਹਾਂ ਸਰਕਾਰੀ ਅਫ਼ਸਰਾਂ ਦੀ ਭੂਮਿਕਾ ਦੀ ਜਾਂਚ ਹੋਵੇ ਜੋ ਜਾਣਬੁੱਝ ਕੇ ਇਸ ਅਪਰਾਧਿਕ-ਸਮਾਜਿਕ ਗਠਜੋੜ ਨੂੰ ਵਧਣ-ਫੁੱਲਣ ਵਿਚ ਮਦਦ ਕਰ ਰਹੇ ਹਨ। ਰੰਧਾਵਾ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਵਧ ਰਹੇ ਗੈਂਗਸਟਰ ਪ੍ਰਭਾਵ ਨੂੰ ਤੁਰੰਤ ਨਾ ਰੋਕਿਆ ਗਿਆ, ਤਾਂ ਇਹ ਇਲਾਕੇ ਦੀ ਅਮਨ-ਸ਼ਾਂਤੀ ਲਈ ਇਕ ਵੱਡਾ ਖ਼ਤਰਾ ਬਣ ਜਾਵੇਗਾ।
 


author

Anmol Tagra

Content Editor

Related News