'ਸੁਖਜਿੰਦਰ ਰੰਧਾਵਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤਾ ਜਾਵੇ ਤਲਬ'
Sunday, Dec 29, 2019 - 09:24 PM (IST)
ਅੰਮ੍ਰਿਤਸਰ,(ਦੀਪਕ)- ਪੰਜਾਬ ਦੇ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਤੁਲਨਾ ਕਰਨ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਰੰਧਾਵਾ ਨੇ ਅਜਿਹਾ ਕਰ ਕੇ ਸਿੱਖ ਹਿਰਦਿਆਂ ਨੂੰ ਡੂੰਘੀ ਸੱਟ ਮਾਰੀ ਹੈ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਮੰਡਲ ’ਚੋਂ ਬਰਖਾਸਤ ਕਰਨ ਅਤੇ ਸਿੰਘ ਸਾਹਿਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰ ਕੇ ਉਸ ਨੂੰ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਰੰਧਾਵਾ ਵੱਲੋਂ ਗੁਰੂ ਸਾਹਿਬ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਤੁਲਨਾ ਵਾਲੀ ਹੋਛੀ ਹਰਕਤ ਨੇ ਕਾਂਗਰਸੀਆਂ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਇਕ ਵਾਰ ਫਿਰ ਉਜਾਗਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੰਧਾਵਾ ਵੱਲੋਂ ਗੁਰੂ ਸਾਹਿਬ ਦਾ ਕੀਤਾ ਅਪਮਾਨ ਵੀ ਉਸੇ ਸਾਜ਼ਿਸ਼ ਦਾ ਹਿੱਸਾ ਹੈ, ਜੋ ਕਾਂਗਰਸ ਪਾਰਟੀ ਅਤੇ ਇਸ ਦੇ ਆਗੂਆਂ ਵੱਲੋਂ ਸਿੱਖੀ ਨੂੰ ਨਿਸ਼ਾਨਾ ਬਣਾਉਣ ਲਈ ਸਿੱਖਾਂ ਖਿਲਾਫ਼ ਲਗਾਤਾਰ ਰਚੀ ਜਾ ਰਹੀ ਹੈ।