ਸੁਖਜਿੰਦਰ ਸਿੰਘ ਰੰਧਾਵਾ ਦੇ ਨਿਸ਼ਾਨੇ ''ਤੇ ਮੋਦੀ ਸਰਕਾਰ (ਵੀਡੀਓ)
Wednesday, Jan 09, 2019 - 06:35 PM (IST)
ਗੁਰਦਾਸਪੁਰ— ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਮੋਦੀ ਸਰਕਾਰ ਵੱਲੋਂ ਕੋਈ ਵੀ ਪੈਸੇ ਨਾ ਭੇਜਣ 'ਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਮੋਦੀ ਸਰਕਾਰ 'ਤੇ ਖੇਦ ਜਤਾਉਂਦੇ ਹੋਏ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਪ੍ਰਾਜੈਕਟ ਕੇਂਦਰ ਸਰਕਾਰ ਨੂੰ ਭੇਜਿਆ ਸੀ, ਉਸ ਸਮੇਂ ਸ੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਦਾ ਐਲਾਨ ਨਹੀਂ ਕੀਤਾ ਗਿਆ ਸੀ। ਬਾਅਦ 'ਚ ਜਦੋਂ ਐਲਾਨ ਕੀਤਾ ਗਿਆ ਸੀ ਤਾਂ ਅਸੀਂ 168 ਕਰੋੜ ਦਾ ਪ੍ਰਾਜੈਕਟ ਭੇਜਿਆ ਸੀ ਪਰ ਕੇਂਦਰ ਨੇ ਸਿਰਫ ਸੁਲਤਾਨਪੁਰ ਲੋਧੀ ਪ੍ਰਾਜੈਕਟ ਨੂੰ ਹੀ ਪਾਸ ਕੀਤਾ। ਉਨ੍ਹਾਂ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਇਤਿਹਾਸ 'ਚ ਵੱਖਰਾ ਮਹੱਤਵ ਰੱਖਦਾ ਹੈ ਅਤੇ ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਥੇ ਆਪਣੀ ਜ਼ਿੰਦਗੀ ਦਾ ਜ਼ਿਆਦਾਤਰ ਆਖਰੀ ਸਮਾਂ ਬਤੀਤ ਕੀਤਾ ਸੀ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਡੇਰਾ ਬਾਬਾ ਨਾਨਕ ਦੇ ਨੇੜੇ ਦੇ ਪਿੰਡਾਂ ਲਈ ਫੰਡ ਦਿੱਤਾ ਜਾਵੇਗਾ। ਡੇਰਾ ਬਾਬਾ ਨਾਨਕ ਲਈ ਅਜੇ ਤੱਕ 5 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਡੇਰਾ ਬਾਬਾ ਨਾਨਕ 'ਚ ਕੋਆਪਰੇਟਿਵ ਬੈਂਕ ਆਧੁਨਿਕ ਸਹੂਲਤਾਂ ਨਾਲ ਲੈਸ ਬਣਾਇਆ ਜਾਣਾ ਹੈ ਅਤੇ ਇਸ ਦੇ ਨਾਲ ਹੀ ਡੇਰਾ ਬਾਬਾ ਨਾਨਕ ਦੀਆਂ ਪੁਰਾਣੀਆਂ ਇਮਾਰਤਾਂ ਦਾ ਮੁੜ ਨਿਰਮਾਣ ਕੀਤਾ ਜਾਣਾ ਹੈ। ਉਨ੍ਹਾਂ ਨੇ ਐੱਨ. ਆਰ. ਆਈ. ਭਰਾਵਾਂ ਨੂੰ ਅੱਗੇ ਆਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਕ ਪਾਸੇ ਜਿੱਥੇ ਪੰਜਾਬ ਸਰਕਾਰ ਕੰਮ ਕਰ ਰਹੀ ਹੈ, ਉਥੇ ਹੀ ਐੱਨ. ਆਰ. ਆਈ. ਨੂੰ ਵੀ ਅੱਗੇ ਆ ਕੇ ਪੰਜਾਬ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਬਾਰੇ ਕੇਂਦਰ ਸਰਕਾਰ ਵੱਲੋਂ ਗੁਰੂ ਜੀ ਦੇ ਸਾਰੇ ਇਤਿਹਾਸਕ ਸਥਾਨਾਂ ਦੇ ਵਿਕਾਸ ਲਈ ਐਲਾਨ ਕੀਤਾ ਗਿਆ ਸੀ ਪਰ ਕੇਂਦਰ ਨੇ ਗੁਰੂ ਜੀ ਦਾ ਡੇਰਾ ਬਾਬਾ ਨਾਨਕ ਜ਼ਿਆਦਾਤਰ ਆਖਰੀ ਸਮਾਂ ਬਤੀਤ ਕੀਤਾ ਸੀ, ਉਸ ਦੇ ਵਿਕਾਸ ਲਈ ਕੇਂਦਰ ਸਰਕਾਰ ਨੇ ਅਜੇ ਤੱਕ ਇਕ ਵੀ ਪੈਸਾ ਨਹੀਂ ਦਿੱਤਾ।