ਕਰਜ਼ਾ ਮੁਆਫੀ ਮਾਮਲਿਆਂ ''ਚ ਕੋਈ ਊਣਤਾਈ ਨਹੀਂ : ਰੰਧਾਵਾ
Wednesday, Feb 13, 2019 - 10:53 AM (IST)

ਚੰਡੀਗੜ੍ਹ (ਭੁੱਲਰ)— ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਪਿੰਡ ਸਮਾਘ 'ਚ ਕਿਸਾਨਾਂ ਦੀ ਕਰਜ਼ਾ ਮੁਆਫੀ ਸਬੰਧੀ ਮੀਡੀਆ ਦੇ ਇਕ ਹਿੱਸੇ 'ਚ ਆਈਆਂ ਖਬਰਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਵਿਭਾਗ ਵੱਲੋਂ ਨਿਯਮਾਂ ਅਨੁਸਾਰ ਯੋਗ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ। ਸਹਿਕਾਰਤਾ ਮੰਤਰੀ ਨੇ ਬੀਤੇ ਦਿਨ ਇਥੇ ਜਾਰੀ ਪ੍ਰੈੱਸ ਬਿਆਨ 'ਚ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਪੱਖਪਾਤ ਦੇ ਹੁਣ ਤੱਕ 4500 ਕਰੋੜ ਰੁਪਏ ਦੇ ਕਿਸਾਨੀ ਕਰਜ਼ੇ ਮੁਆਫ ਕੀਤੇ ਜਾ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਕਿਰਸਾਨੀ ਨੂੰ ਆਰਥਿਕ ਸੰਕਟ 'ਚੋਂ ਕੱਢਣ ਲਈ ਇਹ ਯੋਜਨਾ ਆਰੰਭੀ ਗਈ ਸੀ, ਜੋ ਕਿ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ ਅਤੇ ਉਹ ਇਸੇ ਕਾਰਨ ਇਹੋ ਜਿਹੀਆਂ ਗੁੰਮਰਾਹਕੁੰਨ ਗੱਲਾਂ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਮਾਘ ਵਿਚ ਇਸ ਦੌਰ 'ਚ 37 ਕਿਸਾਨਾਂ ਨੂੰ 27.92 ਲੱਖ ਰੁਪਏ ਦੀ ਕਰਜ਼ਾ ਰਾਹਤ ਦੇ ਸਰਟੀਫਿਕੇਟ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਾਹਮਣੇ ਆਏ ਮਾਮਲਿਆਂ ਦੀ ਜਾਂਚ ਪੜਤਾਲ ਤੋਂ ਬਾਅਦ ਕਰਜ਼ਾ ਮੁਆਫੀ ਦੀ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋਈ ਹੈ, ਜਿਸ ਵਿਚ ਕੋਈ ਊਣਤਾਈ ਨਹੀਂ ਹੈ।