ਰੰਧਾਵਾ ਵਲੋਂ ਖੰਡ ਮਿੱਲਾਂ ਨੂੰ ਗੰਨਾ ਕਾਸ਼ਤਕਾਰਾਂ ਦੇ 13 ਕਰੋੜ ਜਾਰੀ ਕਰਨ ਦੇ ਨਿਰਦੇਸ਼

11/21/2019 8:41:23 AM

ਚੰਡੀਗੜ੍ਹ : ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਆਪਣੇ ਪੱਧਰ 'ਤੇ ਕਰੀਬ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਇਹ ਜਾਣਕਾਰੀ ਸਹਿਕਾਰਤਾ ਵਿਭਾਗ ਦੇ ਬੁਲਾਰੇ ਨੇ ਦਿੱਤੀ। ਇਥੇ ਜਾਰੀ ਪ੍ਰੈਸ ਬਿਆਨ 'ਚ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਹਿਕਾਰਤਾ ਮੰਤਰੀ ਦੀਆਂ ਹਦਾਇਤਾਂ ਤੋਂ ਬਾਅਦ 13 ਕਰੋੜ ਰੁਪਏ ਦੀ ਰਾਸ਼ੀ ਆਉਦੇ ਇਕ-ਦੋ ਦਿਨਾਂ 'ਚ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ 'ਚ ਜਮ੍ਹਾਂ ਹੋ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਪਿੜਾਈ ਸੀਜ਼ਨ 2018-19 ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਛੇਤੀ ਹੀ ਇਹ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰਤਾ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਆਉਂਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਸਪਲਾਈ ਲਈ ਆਨਲਾਈਨ ਸਿਸਟਮ ਲਾਗੂ ਕਰ ਦਿੱਤਾ ਗਿਆ ਹੈ। ਭੋਗਪੁਰ ਸਹਿਕਾਰੀ ਖੰਡ ਮਿੱਲ ਵੱਲੋਂ ਪਿੜਾਈ ਸੀਜ਼ਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਬਾਕੀ ਸਹਿਕਾਰੀ ਖੰਡ ਮਿੱਲਾਂ ਵੱਲੋਂ ਵੀ ਇਸੇ ਹਫਤੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਸਹਿਕਾਰਤਾ ਮੰਤਰੀ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਪਿੜਾਈ ਸ਼ੀਜਨ 2019-20 ਦੌਰਾਨ ਸਹਿਕਾਰੀ ਖੰਡ ਮਿੱਲਾਂ ਨੂੰ ਵੱਧ ਤੋਂ ਵੱਧ ਗੰਨੇ ਦੀ ਸਪਲਾਈ ਕਰਨ ਦੇ ਨਾਲ ਇਹ ਵੀ ਹਦਾਇਤ ਕੀਤੀ ਗਈ ਕਿ ਪਿੜਾਈ ਸ਼ੀਜਨ 2019-20 ਦੌਰਾਨ ਗੰਨੇ ਦੀ ਅਦਾਇਗੀ ਨਾਲੋ ਨਾਲ ਕੀਤੀ ਜਾਵੇ। ਇਸ ਤੋਂ ਇਲਾਵਾ ਗੰਨਾ ਕਾਸ਼ਤਕਾਰਾਂ ਨੂੰ ਕੇਨ ਜਾਰਡ ਵਿੱਚ ਪੂਰੀਆਂ ਸਹੂਲਤਾਂ ਦਾ  ਪ੍ਰਬੰਧ ਕੀਤਾ ਜਾਵੇ।


Babita

Content Editor

Related News