ਕੇਂਦਰ ਸਰਕਾਰ ਕਿਸਾਨੀ ਨੂੰ ਤਬਾਹ ਕਰਨ ''ਤੇ ਤੁਲੀ : ਰੰਧਾਵਾ

Monday, Jun 08, 2020 - 11:08 AM (IST)

ਧਰਮਕੋਟ (ਸਤੀਸ਼) : ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਅੱਜ ਧਰਮਕੋਟ 'ਚ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਨਿਵਾਸ ਸਥਾਨ ਪਿੰਡ ਲੋਹਗੜ੍ਹ ਵਿਖੇ ਪਹੁੰਚਣ 'ਤੇ ਕਾਂਗਰਸੀ ਆਗੂਆਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ। ਕੈਬਨਿਟ ਮੰਤਰੀ ਰੰਧਾਵਾ ਧਰਮਕੋਟ ਹਲਕੇ 'ਚ ਸਹਿਕਾਰਤਾ ਵਿਭਾਗ ਦੇ ਕੰਮਾਂ ਦਾ ਨਿਰੀਖਣ ਕਰਨ ਲਈ ਪਹੁੰਚੇ ਸਨ। ਇਸ ਮੌਕੇ ਪਿੰਡ ਲੋਹਗੜ੍ਹ ਵਿਖੇ ਪ੍ਰੈੱਸ ਦੌਰਾਨ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨੀ ਨੂੰ ਤਬਾਹ ਕਰਨ 'ਤੇ ਤੁਲੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ, ਜੋ ਕਿ ਆਰਥਿਕ ਪੱਖੋਂ ਬਹੁਤ ਹੀ ਮੰਦਹਾਲੀ ਵੱਲ ਜਾ ਰਹੀ ਹੈ, ਉਸ ਨੂੰ ਮੰਦਹਾਲੀ 'ਚੋਂ ਕੱਢਣ ਦੀ ਬਜਾਏ ਕੇਂਦਰ ਸਰਕਾਰ ਉਸ ਦੀ ਆਰਥਿਕ ਹਾਲਤ ਨੂੰ ਹੋਰ ਕਮਜ਼ੋਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ 'ਚ ਕੀਤਾ ਨਿਗੂਣਾ ਵਾਧਾ, ਜਿਸ ਨੂੰ ਪਹਿਲਾਂ ਹੀ ਮੁੱਖ ਮੰਤਰੀ ਪੰਜਾਬ ਵੱਲੋਂ ਰੱਦ ਕੀਤਾ ਜਾ ਚੁੱਕਾ ਹੈ ਕਿਉਂਕਿ ਇਹ ਨਾਂ ਮਾਤਰ ਵਾਧੇ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਵੀ ਕਮਜ਼ੋਰ ਹੋਵੇਗੀ, ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੇ ਲਾਗਤ ਮੁੱਲ ਵੀ ਨਹੀਂ ਮਿਲ ਰਹੇ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਉਨ੍ਹਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ ਅਤੇ ਹੋਰ ਵੀ ਸਹੂਲਤਾਂ ਦਿੱਤੀਆਂ ਗਈਆਂ ਹਨ। ਰੰਧਾਵਾ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। 


Babita

Content Editor

Related News