ਉਪ ਮੁੱਖ ਮੰਤਰੀ ''ਰੰਧਾਵਾ'' ਨੇ ਸ਼ਿਲੌਂਗ ਦੇ ਸਿੱਖਾਂ ਦੇ ਉਜਾੜੇ ਖ਼ਿਲਾਫ਼ ਆਵਾਜ਼ ਕੀਤੀ ਬੁਲੰਦ

Sunday, Oct 10, 2021 - 03:23 PM (IST)

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੇਘਾਲਿਆ ਸਰਕਾਰ ਵੱਲੋਂ ਸ਼ਿਲੌਂਗ ਵੱਸਦੇ ਸਿੱਖਾਂ ਨੂੰ ਉਜਾੜਨ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਸ. ਰੰਧਾਵਾ ਵੱਲੋਂ ਇਸ ਫ਼ੈਸਲੇ ਖ਼ਿਲਾਫ਼ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਜ਼ਾਹਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 2 ਸਾਲ ਪਹਿਲਾਂ ਸ. ਰੰਧਾਵਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫ਼ਦ ਵੱਲੋਂ ਸ਼ਿਲੌਂਗ ਦਾ ਦੌਰਾ ਕਰਕੇ ਉੱਥੇ ਵਸਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਮਿਲ ਕੇ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੇ ਉਜਾੜੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ। ਹਾਲ ਹੀ ਵਿੱਚ ਮੇਘਾਲਿਆ ਦੇ ਉਪ ਮੁੱਖ ਮੰਤਰੀ ਪ੍ਰਿਸਟਨ ਟਾਈਨਸੌਂਗ ਦੀ ਅਗਵਾਈ ਹੇਠ ਬਣੀ ਉੱਚ ਪੱਧਰੀ ਕਮੇਟੀ ਵੱਲੋਂ ਕੀਤੀਆਂ ਸਿਫਾਰਸ਼ਾਂ ਦੇ ਆਧਾਰ 'ਤੇ ਮੇਘਾਲਿਆ ਕੈਬਨਿਟ ਵੱਲੋਂ ਥੇਮ ਲਿਊ ਮਾਅਲੌਂਗ ਇਲਾਕੇ (ਪੰਜਾਬੀ ਲੇਨ) ਵਿੱਚ ਰਹਿੰਦੇ ਸਿੱਖਾਂ ਨੂੰ ਦੂਜੀ ਥਾਂ ਵਸਾਉਣ ਦੀ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਵਿਧਾਨ ਸਭਾ ਚੋਣਾਂ ਦੌਰਾਨ 'ਬਜ਼ੁਰਗ ਵੋਟਰ' ਘਰ ਬੈਠੇ ਪਾ ਸਕਣਗੇ ਵੋਟ

ਪੰਜਾਬ ਦੇ ਉਪ ਮੁੱਖ ਮੰਤਰੀ ਨੇ ਮੇਘਾਲਿਆ ਸਰਕਾਰ ਦੇ ਇਸ ਤਾਜ਼ਾ ਫ਼ੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਆਖਿਆ ਕਿ ਭੂ-ਮਾਫ਼ੀਆ ਦੇ ਦਬਾਅ ਹੇਠ ਦਹਾਕਿਆਂ ਤੋਂ ਸ਼ਿਲੌਂਗ ਰਹਿੰਦੇ ਸਿੱਖਾਂ ਨੂੰ ਉਜਾੜਨਾ ਘੋਰ ਬੇਇਨਸਾਫ਼ੀ ਹੈ ਅਤੇ ਪੰਜਾਬ ਸਰਕਾਰ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ 200 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸ਼ਿਲੌਂਗ ਵਿੱਚ ਵਸੇ ਇਨ੍ਹਾਂ ਸਿੱਖਾਂ ਦੇ ਸਿਵਲ ਅਧਿਕਾਰਾਂ ਦੀ ਕਿਸੇ ਵੀ ਕੀਮਤ 'ਤੇ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸ਼ਮੂਲੀਅਤ ਵਾਲੀ ਮੇਘਾਲਿਆ ਦੀ ਐਨ. ਡੀ. ਏ. ਸਰਕਾਰ ਇਹ ਫ਼ੈਸਲਾ ਤੁਰੰਤ ਵਾਪਸ ਲਵੇ। ਰੰਧਾਵਾ ਨੇ ਕਿਹਾ ਕਿ ਐਨ. ਡੀ. ਏ. ਸਰਕਾਰ ਪੂਰੇ ਦੇਸ਼ ਵਿੱਚ ਵਸਦੇ ਘੱਟ ਗਿਣਤੀਆਂ ਨੂੰ ਸੁਰੱਖਿਆ ਦਾ ਮਾਹੌਲ ਅਤੇ ਵਿਸ਼ਵਾਸ ਪੈਦਾ ਕਰਨ ਵਿੱਚ ਨਾਕਾਮ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਵਧਣਗੇ ਬਿਜਲੀ ਕੱਟ, ਦਿੱਲੀ ’ਚ ਬਲੈਕ ਆਊਟ ਦਾ ਖ਼ਤਰਾ

ਦੇਸ਼ ਵਿੱਚ ਘੱਟ-ਗਿਣਤੀ ਵਰਗ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ, ਜਿਸ ਦੀਆਂ ਤਾਜ਼ਾ ਉਦਾਹਰਣਾਂ ਜੰਮੂ-ਕਸ਼ਮੀਰ ਤੇ ਉਤਰ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ, ਜਿਸ ਵਿੱਚ ਸਭ ਨੂੰ ਬਰਾਬਰ ਦਾ ਅਧਿਕਾਰ ਮਿਲਿਆ ਹੈ। ਜ਼ਿਕਰਯੋਗ ਹੈ ਕਿ ਜੂਨ 2019 ਵਿੱਚ ਸ. ਰੰਧਾਵਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫ਼ਦ ਨੇ ਸ਼ਿਲੌਂਗ ਸਥਿਤ ਗੁਰੂ ਨਾਨਕ ਦਰਬਾਰ ਦਾ ਵੀ ਦੌਰਾ ਕੀਤਾ, ਜਿੱਥੇ ਗੁਰਦੁਆਰੇ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਵਫ਼ਦ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਇੱਥੋਂ ਜ਼ਬਰਦਸਤੀ ਉਠਾਇਆ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News