ਕਾਂਗਰਸ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ

12/06/2022 12:20:48 AM

ਚੰਡੀਗੜ੍ਹ : ਆਲ ਇੰਡੀਆ ਕਾਂਗਰਸ ਕਮੇਟੀ ਨੇ ਸੋਮਵਾਰ ਨੂੰ ਨਵੀਆਂ ਨਿਯੁਕਤੀਆਂ ਕੀਤੀਆਂ ਜਿਸ ਤਹਿਤ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਅਹਿਮ ਜ਼ਿੰਮੇਵਾਰੀ ਮਿਲੀ ਹੈ। ਕਾਂਗਰਸ ਨੇ ਸੋਮਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਨੂੰ ਪਾਰਟੀ ਦਾ ਜਨਰਲ ਸਕੱਤਰ ਅਤੇ ਛੱਤੀਸਗੜ੍ਹ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਦਾ ਪਾਰਟੀ ਇੰਚਾਰਜ ਬਣਾਇਆ ਹੈ। ਰਾਜ ਸਭਾ ਮੈਂਬਰ ਸ਼ਕਤੀ ਸਿੰਘ ਗੋਹਿਲ ਨੂੰ ਹਰਿਆਣਾ ਦਾ ਪਾਰਟੀ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - BJP-RSS ਵਾਲਿਆਂ ਨੂੰ ਬੋਲਣਾ ਹੀ ਪਵੇਗਾ "ਜੈ ਸੀਆਰਾਮ" : ਰਾਹੁਲ ਗਾਂਧੀ

ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਇਕ ਬਿਆਨ ਮੁਤਾਬਕ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ਼ੈਲਜਾ ਨੂੰ ਪੀ. ਐੱਲ. ਪੂਨੀਆ ਦੀ ਥਾਂ ਛੱਤੀਸਗੜ੍ਹ ਦਾ ਇੰਚਾਰਜ ਬਣਾਇਆ ਗਿਆ ਹੈ। ਰੰਧਾਵਾ ਨੂੰ ਅਜੇ ਮਾਕਨ ਦੀ ਜਗ੍ਹਾ ਰਾਜਸਥਾਨ ਦਾ ਇੰਚਾਰਜ ਬਣਾਇਆ ਗਿਆ ਹੈ।

ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਵਿਚਾਲੇ ਚੱਲ ਰਹੀ ਖਿੱਚੋਤਾਣ ਦੇ ਮੱਦੇਨਜ਼ਰ ਰੰਧਾਵਾ ਲਈ ਰਾਜਸਥਾਨ 'ਚ ਪਾਰਟੀ ਨੂੰ ਇਕਜੁੱਟ ਰੱਖ ਕੇ ਵੱਖ-ਵੱਖ ਮੁੱਦਿਆਂ ਨੂੰ ਹੱਲ ਕਰਨਾ ਵੱਡੀ ਚੁਣੌਤੀ ਹੋਵੇਗੀ। ਮਾਕਨ ਨੇ ਸਤੰਬਰ ਵਿਚ ਜੈਪੁਰ ਵਿਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਗਹਿਲੋਤ ਦਾ ਸਮਰਥਨ ਕਰਨ ਵਾਲੇ ਵਿਧਾਇਕਾਂ ਦੀ ਸਮਾਨੰਤਰ ਮੀਟਿੰਗ ਦੇ ਘਟਨਾਕ੍ਰਮ ਨੂੰ ਲੈ ਕੇ ਪਿਛਲੇ ਸਮੇਂ ਵਿਚ ਇੰਚਾਰਜ ਦਾ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਸੀ। ਰੰਧਾਵਾ ਨੂੰ ਕਾਂਗਰਸ ਦੀ ਸਟੀਅਰਿੰਗ ਕਮੇਟੀ ਦਾ ਮੈਂਬਰ ਵੀ ਬਣਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਬੀਬੀ ਜਗੀਰ ਕੌਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖਿਆ ਪੱਤਰ, SGPC ਨੂੰ ਇਹ ਹਦਾਇਤਾਂ ਦੇਣ ਦੀ ਮੰਗ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Anmol Tagra

This news is Content Editor Anmol Tagra