ਮੰਤਰੀ ਦੇ ਅਹੁਦਿਆਂ ਦਾ ਸਾਨੂੰ ਲਾਲਚ ਨਹੀਂ, ਕੇਂਦਰ ਪੰਜਾਬ ਨੂੰ ਬਰਬਾਦ ਕਰਨ ਤੋਂ ਬਚੇ: ਸੁਖਜਿੰਦਰ ਰੰਧਾਵਾ

Saturday, Jan 08, 2022 - 11:13 AM (IST)

ਮੰਤਰੀ ਦੇ ਅਹੁਦਿਆਂ ਦਾ ਸਾਨੂੰ ਲਾਲਚ ਨਹੀਂ, ਕੇਂਦਰ ਪੰਜਾਬ ਨੂੰ ਬਰਬਾਦ ਕਰਨ ਤੋਂ ਬਚੇ: ਸੁਖਜਿੰਦਰ ਰੰਧਾਵਾ

ਜਲੰਧਰ (ਧਵਨ)- ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਮਹਿਕਮਾ ਵੀ ਹੈ, ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਮੰਤਰੀ ਦੇ ਅਹੁਦਿਆਂ ਦੀ ਲਾਲਸਾ ਨਹੀਂ ਰੱਖਦੀ। ਅਸੀਂ ਪੰਜਾਬ ਨੂੰ ਸੁਰੱਖਿਅਤ ਰੱਖਣਾ ਚਾਹੁੰਦੇ ਹਾਂ। ਰੰਧਾਵਾ ਨੇ ਪਿਛਲੇ ਦੋ ਦਿਨਾਂ ਤੋਂ ਸੂਬੇ ’ਚ ਰਾਸ਼ਟਰਪਤੀ ਰਾਜ ਲਾਉਣ ਸਬੰਧੀ ਚੱਲ ਰਹੀ ਚਰਚਾ ’ਤੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਬਰਬਾਦੀ ਵੱਲ ਨਾ ਧੱਕੇ। ਕੇਂਦਰ ਅਤੇ ਭਾਜਪਾ ਦੋਵਾਂ ਨੂੰ ਪੰਜਾਬ ’ਤੇ ਰਹਿਮ ਕਰਨ ਦੀ ਲੋੜ ਹੈ।  ਉੱਪ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਅਤੇ ਪੀ. ਏ. ਨੂੰ ਕੋਵਿਡ ਹੋ ਗਿਆ ਸੀ। ਮੁੱਖ ਮੰਤਰੀ ਨੇ ਭਾਰਤ ਸਰਕਾਰ ਨਾਲ ਗੱਲ ਕਰਕੇ ਇਜਾਜ਼ਤ ਲਈ ਸੀ ਕਿ ਉਹ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਵਾਂਗ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਸਰਕਾਰੀ ਪ੍ਰੋਗਰਾਮਾਂ ’ਚ ਸ਼ਾਮਲ ਹੋਣਗੇ।

ਰੰਧਾਵਾ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ। ਉਸ ਨੇ ਦੇਸ਼ ਦੀ ਖ਼ਾਤਿਰ ਅਣਗਿਣਤ ਕੁਰਬਾਨੀਆਂ ਕੀਤੀਆਂ ਹਨ। ਇਸ ਲਈ ਉਹ ਕੇਂਦਰ ਅਤੇ ਭਾਜਪਾ ਨੂੰ ਹੱਥ ਜੋੜ ਕੇ ਅਪੀਲ ਕਰਦੇ ਹਨ ਕਿ ਉਹ ਪੰਜਾਬ ਨੂੰ ਬਦਨਾਮ ਨਾ ਕਰਨ। ਪੰਜਾਬ ਪਹਿਲਾਂ ਹੀ ਲੰਮੇ ਸਮੇਂ ਤੋਂ ਸੰਤਾਪ ਭੋਗ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਪੁਲਸ ਵੱਲ ਉਂਗਲ ਉਠਾਈ ਜਾ ਰਹੀ ਹੈ ਤਾਂ ਉਹ ਇਹ ਵੀ ਮੰਗ ਕਰਨਗੇ ਕਿ ਕੇਂਦਰੀ ਸੁਰੱਖਿਆ ਏਜੰਸੀਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਇਹ ਕੇਂਦਰੀ ਏਜੰਸੀਆਂ ਹੀ ਸਨ, ਜਿਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਲੰਬੇ ਸੜਕੀ ਰਸਤੇ ਰਾਹੀਂ ਫਿਰੋਜ਼ਪੁਰ ਲਿਜਾਣ ਦਾ ਫ਼ੈਸਲਾ ਕੀਤਾ ਸੀ। ਪ੍ਰਧਾਨ ਮੰਤਰੀ ਲਈ ਇੰਨਾ ਲੰਬਾ ਸੜਕੀ ਰਸਤਾ ਚੁਣਨਾ ਉਚਿਤ ਨਹੀਂ ਸੀ।

ਇਹ ਵੀ ਪੜ੍ਹੋ: ਮੁੱਖ ਮੰਤਰੀ ਚੰਨੀ ਦੇ ਘਰ ’ਚ ਕੋਰੋਨਾ ਦੀ ਐਂਟਰੀ, ਪਤਨੀ ਤੇ ਪੁੱਤਰ ਦੀ ਰਿਪੋਰਟ ਆਈ ਪਾਜ਼ੇਟਿਵ

ਉਨ੍ਹਾਂ ਕਿਹਾ ਕਿ ਵਾਇਰਲ ਹੋ ਰਹੀਆਂ ਵੀਡੀਓਜ਼ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਵੀਡੀਓਜ਼ ਵਿੱਚ ਭਾਜਪਾ ਵਰਕਰ ਪਾਰਟੀ ਦੇ ਝੰਡੇ ਲੈ ਕੇ ਨਾਅਰੇਬਾਜ਼ੀ ਕਰਦੇ ਵਿਖਾਈ ਦੇ ਰਹੇ ਹਨ। ਉੱਪ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਖੇਡ ਭਾਜਪਾ ਵੱਲੋਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਖੇਡੀ ਗਈ ਹੈ ਜਾਂ ਇਸ ਦੇ ਪਿੱਛੇ ਕੋਈ ਹੋਰ ਇਰਾਦਾ ਹੈ ਪਰ ਉਹ ਭਾਜਪਾ ਨੂੰ ਅਜਿਹੇ ਨਾਜ਼ੁਕ ਮਾਮਲਿਆਂ 'ਤੇ ਸਿਆਸਤ ਨਾ ਕਰਨ ਦੀ ਅਪੀਲ ਕਰਦੇ ਹਨ ਕਿਉਂਕਿ ਇਸ ਦਾ ਸਿੱਧਾ ਅਸਰ ਪੰਜਾਬ ਤੇ ਪੈ ਸਕਦਾ ਹੈ।

ਮੇਰੀ ਦੇਸ਼ ਭਗਤੀ 'ਤੇ ਸਵਾਲ ਨਾ ਉਠਾਉਣ ਕੈਪਟਨ : ਡਿਪਟੀ ਸੀ. ਐੱਮ.
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ੇ ਦੀ ਮੰਗ 'ਤੇ ਪ੍ਰਤੀਕਿਰਿਆ ਦਿੰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਗ੍ਰਹਿ ਮੰਤਰੀ ਹੋਣ ਦੇ ਨਾਤੇ ਮੈਂ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾ ਰਿਹਾ ਹਾਂ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਤੁਹਾਡੇ ਪਰਿਵਾਰ ਦਾ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਉਹ ਅੰਗਰੇਜ਼ਾਂ ਦਾ ਪਿੱਠੂ ਰਿਹਾ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਕਿਸ ਦੇ ਸੰਬੰਧ ਰਹੇ ਹਨ, ਇਹ ਕਿਸੇ ਤੋਂ ਲੁਕਿਆ ਨਹੀਂ ਹੈ। ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੇਰੀ ਦੇਸ਼ ਭਗਤੀ 'ਤੇ ਸਵਾਲ ਨਹੀਂ ਚੁੱਕਣੇ ਚਾਹੀਦੇ। ਮੈਨੂੰ ਉਨ੍ਹਾਂ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਕੈਪਟਨ ਕਾਂਗਰਸ ਪਾਰਟੀ ਦੀਆਂ ਰੈਲੀਆਂ ਵਿੱਚ ਲੱਖਾਂ ਲੋਕਾਂ ਨੂੰ ਸੰਬੋਧਨ ਕਰਦੇ ਸਨ ਪਰ ਕੱਲ੍ਹ ਉਹ ਜਿੱਥੇ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ, ਉਥੇ ਹੀ ਸੀਟਾਂ ਖ਼ਾਲੀ ਪਈਆਂ ਹਨ।

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨੇ ਫੜੀ ਰਫ਼ਤਾਰ, 250 ਤੋਂ ਵਧੇਰੇ ਕੇਸ ਆਏ ਪਾਜ਼ੇਟਿਵ

ਜਿਸ ਦੇਸ਼ ਦਾ ਪ੍ਰਧਾਨ ਮੰਤਰੀ ਡਰ ਜਾਏ, ਉਹ ਦੇਸ਼ ਤਰੱਕੀ ਕਿਵੇਂ ਕਰੇਗਾ
ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿਸ ਦੇਸ਼ ਦਾ ਪ੍ਰਧਾਨ ਮੰਤਰੀ ਡਰ ਜਾਏ, ਉਹ ਦੇਸ਼ ਅੱਗੇ ਕਿਵੇਂ ਵਧ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਹਿ ਰਹੇ ਹਨ ਕਿ ਉਹ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾ ਕੇ ਆਏ ਹਨ। ਇਸ ਤੋਂ ਉਨ੍ਹਾਂ ਦਾ ਡਰ ਜ਼ਾਹਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕਾਂਗਰਸ ਦੇ ਕਈ ਪ੍ਰਧਾਨ ਮੰਤਰੀ ਹੋਏ ਹਨ ਜਿਨ੍ਹਾਂ ਨੇ ਦੇਸ਼ ਦੀ ਖਾਤਰ ਕਈ ਕੁਰਬਾਨੀਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੂੰ ਵੀ ਆਪਣਾ ਦਿਲ ਵੱਡਾ ਰੱਖਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੋਦੀ ਕੋਲ ਕੋਈ ਕਿਸਾਨ ਨਹੀਂ ਪਹੁੰਚਿਆ। ਜਦੋਂ ਸੁਨੀਲ ਜਾਖੜ ਨੇ ਇਸ ਮਾਮਲੇ 'ਚ ਟਵੀਟ ਕੀਤਾ ਤਾਂ ਰੰਧਾਵਾ ਨੇ ਕਿਹਾ ਕਿ ਉਹ ਸਾਡੇ ਸੀਨੀਅਰ ਨੇਤਾ ਹਨ, ਇਸ ਲਈ ਮੈਂ ਕੋਈ ਟਿੱਪਣੀ ਨਹੀਂ ਕਰਾਂਗਾ। ਮੈਂ ਹਮੇਸ਼ਾ ਮਰਿਆਦਾ ਵਿੱਚ ਰਹਿੰਦਾ ਹਾਂ। ਉਤਰਾਖੰਡ 'ਚ ਹਰੀਸ਼ ਰਾਵਤ ਦੇ ਮੰਚ 'ਤੇ ਇਕ ਵਿਅਕਤੀ ਦੇ ਚਾਕੂ ਲੈ ਕੇ ਆਉਣ 'ਤੇ ਰੰਧਾਵਾ ਨੇ ਸਵਾਲ ਕੀਤਾ ਕਿ ਕੀ ਇਸ ਲਈ ਭਾਜਪਾ ਵਰਕਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ?

ਇਹ ਵੀ ਪੜ੍ਹੋ: ਪਰਗਟ ਸਿੰਘ ਦੀ ਸਿੱਧੂ ਤੋਂ ਬਣਨ ਲੱਗੀ ਦੂਰੀ, ਖ਼ਫ਼ਾ ਹੋਣ ਮਗਰੋਂ ਹਾਈਕਮਾਨ ਤਕ ਫਿਰ ਪਹੁੰਚਾਈ ਸ਼ਿਕਾਇਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News