ਸੁਖਜਿੰਦਰ ਰੰਧਾਵਾ ਦਾ ਵੱਡਾ ਹਮਲਾ, ਕਿਹਾ- ‘ਆਪ’ ਦਾ ਬੁਲਬੁਲਾ 2017 ਵਾਂਗ ਜਲਦ ਫਟੇਗਾ

01/24/2022 5:39:51 PM

ਜਲੰਧਰ (ਧਵਨ)– ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦਾ ਬੁਲਬੁਲਾ ਜਲਦ ਹੀ ਫਟਣ ਵਾਲਾ ਹੈ। ਉਨ੍ਹਾਂ ਕਿਹਾ ਕਿ 2017 ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਦਾ ਬੁਲਬੁਲਾ ਇਸੇ ਤਰ੍ਹਾਂ ਫਟ ਗਿਆ ਸੀ ਅਤੇ ਚੋਣ ਨਤੀਜੇ ਕਾਂਗਰਸ ਦੇ ਪੱਖ ਵਿਚ ਗਏ ਸਨ। ਰੰਧਾਵਾ ਨੇ ਕਿਹਾ ਕਿ ‘ਆਪ’ ਦੇ ਪੱਖ ’ਚ ਜੋ ਚੋਣ ਸਰਵੇਖਣ ਹੁਣ ਤਕ ਆ ਰਹੇ ਹਨ, ਉਨ੍ਹਾਂ ਨੂੰ ਉਹ ਸਵੀਕਾਰ ਨਹੀਂ ਕਰਦੇ ਕਿਉਂਕਿ ਅਜੇ ਤਕ ਚੋਣਾਂ ਤੋਂ ਪਹਿਲਾਂ ਹੋਏ ਸਰਵੇਖਣ ਹਮੇਸ਼ਾ ਗਲਤ ਸਾਬਤ ਹੋਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਕਾਂਗਰਸ ਨੇ ਸਮਾਜ ਦੇ ਸਾਰੇ ਵਰਗਾਂ ਲਈ ਕਦਮ ਚੁੱਕ ਕੇ ਉਨ੍ਹਾਂ ਦਾ ਦਿਲ ਜਿੱਤ ਲਿਆ ਹੈ। ਅੱਜ ਕੋਈ ਵੀ ਇਹ ਨਹੀਂ ਕਹਿ ਸਕਦਾ ਕਿ ਚੰਨੀ ਸਰਕਾਰ ਨੇ ਉਨ੍ਹਾਂ ਲਈ ਕੰਮ ਨਹੀਂ ਕੀਤਾ।

ਇਹ ਵੀ ਪੜ੍ਹੋ: ਪੰਜਾਬ ਤੋਂ ਇਲਾਵਾ ਯੂ.ਪੀ. 'ਚ ਵੀ ਚਰਚਾ ਦਾ ਵਿਸ਼ਾ ਬਣੀ ਵਿਧਾਨ ਸਭਾ ਸੀਟ ਨਵਾਂਸ਼ਹਿਰ

ਰੰਧਾਵਾ ਨੇ ਕਿਹਾ ਕਿ ‘ਆਪ’ ਨੇ ਭਾਵੇਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਅੱਗੇ ਕੀਤਾ ਹੈ ਪਰ ਉਹ ਮੰਚ ’ਤੇ ਚੰਗੇ ਕਲਾਕਾਰ ਹੋ ਸਕਦੇ ਹਨ, ਸਰਕਾਰ ਚਲਾਉਣੀ ਉਨ੍ਹਾਂ ਦੇ ਵੱਸ ਦੀ ਗੱਲ ਨਹੀਂ। ਉਂਝ ਵੀ ਪੰਜਾਬ ਇਕ ਸਰਹੱਦੀ ਸੂਬਾ ਹੈ, ਜਿੱਥੇ ਸੁਰੱਖਿਆ ਅਤੇ ਅਮਨ-ਸ਼ਾਂਤੀ ਬਣਾਈ ਰੱਖਣੀ ਬੇਹੱਦ ਜ਼ਰੂਰੀ ਹੈ। ਪਾਕਿਸਤਾਨ ਵੱਲੋਂ ਪੰਜਾਬ ’ਚ ਲਗਾਤਾਰ ਗੜਬੜ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਪੰਜਾਬ ਦੀ ਜਨਤਾ ਵੋਟ ਦੇਣ ਵੇਲੇ ਇਨ੍ਹਾਂ ਸਾਰੇ ਮੁੱਦਿਆਂ ’ਤੇ ਗੌਰ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੂਬੇ ’ਚ ਅਮਨ-ਸ਼ਾਂਤੀ ਦੀ ਸਥਾਪਨਾ ਲਈ ਆਪਣੇ ਨੇਤਾਵਾਂ ਦੀ ਕੁਰਬਾਨੀ ਦਿੱਤੀ ਹੈ। ਅੱਤਵਾਦ ਦੇ ਦੌਰ ’ਚ ਆਮ ਆਦਮੀ ਪਾਰਟੀ ਦੀ ਹੋਂਦ ਹੀ ਨਹੀਂ ਸੀ। ਇਹ ਬਾਹਰਲੇ ਲੋਕ ਪੰਜਾਬੀਆਂ ’ਤੇ ਰਾਜ ਨਹੀਂ ਕਰ ਸਕਦੇ।

ਇਹ ਵੀ ਪੜ੍ਹੋ: ਮੁਕੇਰੀਆਂ: ਵਿਆਹ ਤੋਂ ਪਰਤਦਿਆਂ ਰੇਲਿੰਗ ਨਾਲ ਟਕਰਾਈ ਕਾਰ, ਦਰਦਨਾਕ ਹਾਦਸੇ 'ਚ 2 ਨੌਜਵਾਨਾਂ ਸਣੇ 3 ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News