ਮਾਮਲਾ ਸੁਖਨਾ ਝੀਲ ਨੇੜੇ ਉਸਾਰੀਆਂ ਦਾ : HC ਦੇ ਫੈਸਲੇ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਗਠਿਤ ਕੀਤੀ 6 ਮੈਂਬਰੀ ਕਮੇਟੀ

Friday, Mar 06, 2020 - 12:03 AM (IST)

ਮਾਮਲਾ ਸੁਖਨਾ ਝੀਲ ਨੇੜੇ ਉਸਾਰੀਆਂ ਦਾ : HC ਦੇ ਫੈਸਲੇ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਗਠਿਤ ਕੀਤੀ 6 ਮੈਂਬਰੀ ਕਮੇਟੀ

ਚੰਡੀਗੜ੍ਹ/ਜਲੰਧਰ,(ਅਸ਼ਵਨੀ, ਧਵਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਨਾ ਝੀਲ ਦੇ ਨਾਲ ਲਗਦੇ ਇਲਾਕੇ 'ਚ ਉਸਾਰੀਆਂ ਨੂੰ ਲੈ ਕੇ ਹਾਈ ਕੋਰਟ ਦੇ ਹੁਕਮਾਂ ਸਬੰਧੀ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਵਿਧਾਨਿਕ ਤੇ ਨਿਆਇਕ ਕਦਮ ਚੁੱਕੇਗੀ। ਉਨ੍ਹਾਂ ਨੇ ਇਸ ਸਬੰਧੀ ਵਿਆਪਕ ਰਣਨੀਤੀ ਘੜਨ ਲਈ ਇਕ 6 ਮੈਂਬਰੀ ਕਮੇਟੀ ਦਾ ਗਠਨ ਕਰਨ ਦੇ ਹੁਕਮ ਦਿੱਤੇ ਹਨ। ਇਸ ਮਸਲੇ 'ਤੇ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ 'ਚ ਸੁਖਨਾ ਝੀਲ ਦੁਆਲੇ ਬਣਾਏ ਘਰਾਂ 'ਚ ਰਹਿੰਦੇ ਹਜ਼ਾਰਾਂ ਲੋਕਾਂ ਨੂੰ ਉਜਾੜਣਾ ਵਾਜਬ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਸੁਖਨਾ ਝੀਲ ਦੇ ਇਲਾਕੇ 'ਚ ਉਸਾਰੀਆਂ ਨੂੰ ਢਾਹੁਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਜਵਾਬ 'ਚ ਜ਼ੋਰਦਾਰ ਢੰਗ ਨਾਲ ਪੈਰਵੀ ਕਰਨ ਲਈ ਹਰਿਆਣਾ ਦੇ ਐਡਵੋਕੇਟ ਜਨਰਲ ਨਾਲ ਤਾਲਮੇਲ ਕਰਨ ਲਈ ਆਖਿਆ।

ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਐਡਵੋਕੇਟ ਜਨਰਲ ਦੇ ਦਫ਼ਤਰ ਦੀ ਸਹਾਇਤਾ ਲਈ ਜੰਗਲਾਤ ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗਾਂ ਤੋਂ ਨੋਡਲ ਅਫ਼ਸਰ ਨਾਮਜ਼ਦ ਕਰਨ ਦੀ ਹਦਾਇਤ ਕੀਤੀ ਤਾਂ ਕਿ ਅਦਾਲਤ 'ਚ ਸੂਬੇ ਵਲੋਂ ਦਿੱਤੇ ਜਾਣ ਵਾਲੇ ਜਵਾਬ ਦੀ ਪੁਖਤਾ ਤਿਆਰੀ ਕੀਤੀ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਗਠਿਤ ਕੀਤੀ ਕਮੇਟੀ ਦੇ ਮੁਖੀ ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਹੋਣਗੇ ਜਦਕਿ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਤੋਂ ਇਲਾਵਾ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ, ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਫ਼ਤਹਿਜੰਗ ਸਿੰਘ ਬਾਜਵਾ ਤੇ ਕੰਵਰ ਸੰਧੂ ਅਤੇ ਅਮਨਦੀਪ ਸਿੰਘ ਇਸ ਦੇ ਮੈਂਬਰ ਹੋਣਗੇ। ਇਹ ਕਮੇਟੀ ਹਰਿਆਣਾ ਸਮੇਤ ਸਾਰੇ ਭਾਈਵਾਲਾਂ ਨਾਲ ਬਹੁ-ਪੜਾਵੀ ਰਣਨੀਤੀ ਘੜ ਕੇ ਭਵਿੱਖ 'ਚ ਚੁੱਕੇ ਜਾਣ ਵਾਲੇ ਕਦਮਾਂ ਦਾ ਫੈਸਲਾ ਕਰਨ ਲਈ ਐਡਵੋਕੇਟ ਜਨਰਲ ਦਫ਼ਤਰ, ਪੰਜਾਬ ਨਾਲ ਸਲਾਹ-ਮਸ਼ਵਰਾ ਕਰਕੇ ਸਾਂਝੀ ਰਣਨੀਤੀ ਤਿਆਰ ਕਰੇਗੀ। ਇਸ ਤੋਂ ਪਹਿਲਾਂ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਸਲੇ 'ਚ ਹਾਈ ਕੋਰਟ ਦੀ ਸਲਾਹ ਦੇ ਜਵਾਬ 'ਚ ਸੂਬੇ ਕੋਲ ਮੌਜੂਦ ਵੱਖ-ਵੱਖ ਰਸਤਿਆਂ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ, ਫਿਰੋਜ਼ਪੁਰ ਤੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਕਾਦੀਆ ਤੋਂ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ, ਖਰੜ ਦੇ ਵਿਧਾਇਕ ਕੰਵਰ ਸੰਧੂ, ਵਧੀਕ ਮੁੱਖ ਸਕੱਤਰ ਜੰਗਲਾਤ ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਸੰਜੇ ਕੁਮਾਰ, ਪ੍ਰਮੁੱਖ ਸਕੱਤਰ ਸ਼ਹਿਰੀ ਵਿਕਾਸ ਤੇ ਮਕਾਨ ਸਰਵਜੀਤ ਸਿੰਘ ਅਤੇ ਡਾਇਰੈਕਟਰ ਟਾਊਨ ਤੇ ਪਲਾਨਿੰਗ ਕਵਿਤਾ ਸਿੰਘ ਹਾਜ਼ਰ ਸਨ। ਰੈਜ਼ੀਡੈਂਟ ਐਸੋਸੀਏਸ਼ਨ ਵਲੋਂ ਅਮਨਦੀਪ ਸਿੰਘ ਨੇ ਨੁਮਾਇੰਦਗੀ ਕੀਤੀ।


Related News