ਹੁਣ ਸੁਖਪਾਲ ਖਹਿਰਾ ਘੇਰਣਗੇ ਕੈਪਟਨ ਦਾ ਘਰ

07/12/2019 6:38:42 PM

ਜਲੰਧਰ : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਜਲੰਧਰ 'ਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਆਪਣੇ ਪਾਰਟੀ ਵਰਕਰਾਂ ਦੇ ਨਾਲ 22 ਜੁਲਾਈ ਨੂੰ ਚੰਡੀਗੜ੍ਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ 'ਚ ਬਿਜਲੀ ਦੇ ਰੇਟ ਦਿਨੋਂ-ਦਿਨ ਵੱਧ ਰਹੇ ਹਨ ਅਤੇ ਨਸ਼ਾ ਰੋਕਣ 'ਚ ਵੀ ਪੰਜਾਬ ਸਰਕਾਰ ਨਾਕਾਮ ਸਾਬਤ ਹੋਈ ਹੈ ਜਦਕਿ ਭ੍ਰਿਸ਼ਟਾਚਾਰ, ਰੇਤ ਮਾਫੀਆ ਦਾ ਸੂਬੇ 'ਚ ਬੋਲਬਾਲਾ ਹੈ ਅਤੇ ਕਾਂਗਰਸ ਸਰਕਾਰ ਹਰ ਫ੍ਰੰਟ 'ਤੇ ਫੇਲ੍ਹ ਸਾਬਤ ਹੋਈ ਹੈ। 

ਸੁਖਪਾਲ ਖਹਿਰਾ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਸਿਮਰਜੀਤ ਸਿੰਘ ਬੈਂਸ ਅਤੇ ਡਾ. ਧਰਮਵੀਰ ਗਾਂਧੀ ਨੂੰ ਵੀ ਸੱਦਾ ਦੇਣਗੇ ਤਾਂ ਜੋ ਆਮ ਜਨਤਾ ਨਾਲ ਜੁੜੇ ਮੁੱਦਿਆਂ 'ਤੇ ਸਾਰੀਆਂ ਪਾਰਟੀਆਂ ਇਕ ਹੋ ਕੇ ਸਰਕਾਰ ਦਾ ਵਿਰੋਧ ਕਰਨ। ਅੱਗੇ ਬੇਲਦੋ ਹੋਏ ਖਹਿਰਾ ਨੇ ਕਿਹਾ ਕਿ ਉਨ੍ਹਾਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਸੱਦਾ ਦਿੱਤਾ ਸੀ ਪਰ ਅਜੇ ਤਕ ਉਨ੍ਹਾਂ ਵਲੋਂ ਕੋਈ ਜਵਾਬ ਨਹੀਂ ਆਇਆ ਹੈ। 

ਐੱਸ. ਵਾਈ. ਐੱਲ. ਦੇ ਮੁੱਦੇ 'ਤੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਸੁਪਰੀਮ ਕੋਰਟ ਪਹਿਲਾਂ ਹੀ ਪੰਜਾਬ ਦੇ ਖਿਲਾਫ ਫੈਸਲਾ ਸੁਣਾ ਚੁੱਕੀ ਹੈ। ਇਸ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਨੂੰ ਆਲ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ ਤਾਂ ਜੋ ਪੰਜਾਬ ਦਾ ਪਾਣੀ ਸੂਬੇ ਵਿਚ ਰਹਿ ਸਕੇ ਅਤੇ ਇਸ ਦਾ ਕੋਈ ਢੁਕਵਾਂ ਹੱਲ ਲੱਭਿਆ ਜਾ ਸਕੇ। ਖਹਿਰਾ ਨੇ ਕਿਹਾ ਕਿ ਇਸ ਮਾਮਲੇ 'ਚ ਕਾਂਗਰਸ ਅਤੇ ਅਕਾਲੀ ਦਲ ਚੁੱਪ ਕਿਉਂ ਹੈ, ਕਰਨਾਟਕ ਸਰਕਾਰ ਵਾਂਗ ਉਨ੍ਹਾਂ ਨੂੰ ਵੀ ਖੁੱਲ੍ਹ ਕੇ ਸੁਪਰੀਮ ਕੋਰਟ ਦੇ ਫੈਸਲੇ ਦਾ ਵਿਰੋਧ ਕਰਨਾ ਚਾਹੀਦਾ ਹੈ।


Gurminder Singh

Content Editor

Related News