ਬੈਂਸ ਤੋਂ ਬਾਅਦ ਖਹਿਰਾ ਦੀ ਨਵਜੋਤ ਸਿੱਧੂ ਨੂੰ ਵੱਡੀ ਪੇਸ਼ਕਸ਼

06/12/2019 6:49:55 PM

ਚੰਡੀਗੜ੍ਹ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਤੋਂ ਬਾਅਦ ਹੁਣ ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਵੀ ਨਵਜੋਤ ਸਿੱਧੂ ਨੂੰ ਪੀ. ਡੀ. ਏ. 'ਚ ਆਉਣ ਦਾ ਸੱਦਾ ਦਿੱਤਾ ਹੈ। ਚੰਡੀਗੜ੍ਹ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਪਾਲ ਖਹਿਰਾ ਨੇ ਕਿਹਾ ਕਿ ਜੇਕਰ ਸਿੱਧੂ ਨੂੰ ਕਾਂਗਰਸ ਵਿਚ ਬਣਦਾ ਮਾਣ ਸਨਮਾਨ ਨਹੀਂ ਦਿੱਤਾ ਜਾਂਦਾ ਤਾਂ ਉਹ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦਾ ਹਿੱਸਾ ਬਣ ਸਕਦੇ ਹਨ ਅਤੇ ਉਨ੍ਹਾਂ ਗਠਜੋੜ ਵਿਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਦੌਰਾਨ ਸੁਖਪਾਲ ਖਹਿਰਾ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਦੀ ਅਜੇ ਤਕ ਨਵਜੋਤ ਸਿੱਧੂ ਨਾਲ ਗੱਲਬਾਤ ਨਹੀਂ ਹੋਈ ਹੈ।  ਅੱਗੇ ਬੋਲਦੇ ਹੋਏ ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਕ ਰਣਨੀਤੀ ਦੇ ਤਹਿਤ ਸਿੱਧੂ ਖਿਲਾਫ ਕਾਰਵਾਈ ਕਰ ਰਹੇ ਹਨ। ਖਹਿਰਾ ਨੇ ਕਿਹਾ ਕਿ ਕੈਪਟਨ ਜਾਣ ਬੁੱਝ ਕੇ ਨਵਜੋਤ ਸਿੱਧੂ ਦੀ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਪਰ ਸਿੱਧੂ ਨੂੰ ਕਿਸੇ ਵੀ ਕੀਮਤ 'ਤੇ ਆਪਣੇ ਸਿੱਧਾਂਤਾਂ ਨਾਲ ਸਮਝੌਤਾ ਨਹੀਂ ਕਰਨਾ ਚਾਹੀਦਾ। 

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਵੀ ਨਵਜੋਤ ਸਿੱਧੂ ਨੂੰ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦਾ ਹਿੱਸਾ ਬਣਨ ਦੀ ਪੇਸ਼ਕਸ਼ ਕੀਤੀ ਸੀ। ਇੰਨਾ ਹੀ ਨਹੀਂ ਬੈਂਸ ਨੇ ਇਥੋਂ ਤੱਕ ਆਖ ਦਿੱਤਾ ਸੀ ਕਿ ਜੇਕਰ ਸਿੱਧੂ ਜਮਹੂਰੀ ਗੱਠਜੋੜ ਦਾ ਹਿੱਸਾ ਬਣਦੇ ਹਨ ਤਾਂ ਉਹ ਉਨ੍ਹਾਂ ਨੂੰ 2022 ਦੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ 'ਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਨਗੇ। 

ਇਥੇ ਇਹ ਵੀ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਨਵਜੋਤ ਸਿੱਧੂ ਦਾ ਵਿਭਾਗ ਬਦਲ ਦਿੱਤਾ ਗਿਆ ਸੀ, ਜਿਸ ਦੇ ਚੱਲਦੇ ਉਹ ਰਾਹੁਲ ਗਾਂਧੀ ਕੋਲ ਕੈਪਟਨ ਅਮਰਿੰਦਰ ਸਿੰਘ ਦੀ ਸ਼ਿਕਾਇਤ ਕਰਨ ਗਏ ਸਨ। ਹਾਲਾਂਕਿ ਸਿੱਧੂ ਵਲੋਂ ਰਾਹੁਲ ਨਾਲ ਮਿਲ ਕੇ ਗੱਲਬਾਤ ਕਰ ਲਈ ਗਈ ਹੈ ਪਰ ਬਾਵਜੂਦ ਇਸ ਦੇ ਅਜੇ ਤਕ ਨਵਜੋਤ ਸਿੱਧੂ ਵਲੋਂ ਆਪਣਾ ਮਹਿਕਮਾ ਨਹੀਂ ਸੰਭਾਲਿਆ ਗਿਆ ਹੈ।

Gurminder Singh

This news is Content Editor Gurminder Singh