ਵੀਡੀਓ ''ਚ ਸੁਣੋ ਸੁਖਪਾਲ ਖਹਿਰਾ ਦੀ ਪੂਰੀ ਪ੍ਰੈੱਸ ਕਾਨਫਰੰਸ

Friday, Jul 27, 2018 - 07:14 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਵਿਰੋਧੀ ਧਿਰ ਦਾ ਅਹੁਦਾ ਖੁੱਸ ਜਾਣ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦਿਆਂ ਮਨ ਦੀ ਗੱਲ ਕਹਿ ਕੇ ਆਪਣੀ ਭੜਾਸ ਕੱਢੀ ਹੈ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੱਚ ਬੋਲਣ ਦੀ ਕੀਮਤ ਅਦਾ ਕਰਨੀ ਪਈ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਵਾਲੰਟੀਅਰਾਂ ਦੇ ਖੂਨ-ਪਸੀਨੇ ਨਾਲ ਮਜ਼ਬੂਤ ਹੋਈ ਹੈ ਅਤੇ ਇਸ ਨੂੰ ਕਦੇ ਵੀ ਕਮਜ਼ੋਰ ਨਹੀਂ ਕਰਾਂਗਾ।

ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਕਦੇ ਪਾਰਟੀ ਨਹੀਂ ਛੱਡਣਗੇ ਤੇ ਨਾ ਹੀ ਕੋਈ ਕਿੰਤੂ-ਪਰੰਤੂ ਕਰਨਗੇ। ਸੁਖਪਾਲ ਖਹਿਰਾ 9 ਵਿਧਾਇਕ ਸਮੇਤ ਪ੍ਰੈਸ ਕਾਨਫਰੰਸ ਕਰ ਰਹੇ ਹਨ, ਜਿਨ੍ਹਾਂ 'ਚ ਕੰਵਰ ਸੰਧੂ, ਨਾਜਰ ਸਿੰਘ ਮਾਨਸ਼ਾਹੀਆ, ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ, ਜਗਤਾਰ ਸਿੰਘ ਅਤੇ ਰੁਪਿੰਦਰ ਕੌਰ ਰੂਬੀ, ਬਲਦੇਵ ਸਿੰਘ ਮੌਜੂਦ ਸਨ। ਉਨ੍ਹਾਂ ਕਿਹਾ ਕਿ ਲੋਕ ਉਨ੍ਹਾਂ ਨੂੰ ਬਹੁਤ ਪਿਆਰ ਕਰਦੇ ਹਨ ਤੇ ਲੋਕਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਸਨ ਪਰ ਹੁਣ ਲੋਕਾਂ ਦੇ ਨੇਤਾ ਬਣ ਗਏ ਹਨ। ਉਨ੍ਹਾਂ ਨੇ ਕਿਹਾ ਕਿ ਉਹ ਲੋਕਾਂ ਦਾ ਭਰੋਸਾ ਕਦੇ ਨਹੀਂ ਤੋੜਨਗੇ। ਸੁਖਪਾਲ ਖਹਿਰਾ ਨੇ ਇਸ ਘੜੀ 'ਚ ਉਨ੍ਹਾਂ ਦਾ ਸਾਥ ਦੇਣ ਵਾਲੇ ਵਿਧਾਇਕਾਂ ਦਾ ਵੀ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਨੂੰ ਜ਼ਿੰਦਗੀ 'ਚ ਅਜਿਹੇ ਲੋਕਾਂ ਦੀ ਹੀ ਲੋੜ ਹੈ।
ਪਾਰਟੀ ਵੱਡੇ ਸੰਕਟ 'ਚੋਂ ਲੰਘ ਰਹੀ : ਕੰਵਰ ਸੰਧੂ
ਸੁਖਪਾਲ ਖਹਿਰਾ ਨਾਲ ਮੌਜੂਦ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਕਿਹਾ ਹੈ ਕਿ ਬਿਨਾ ਨੋਟਿਸ ਦਿੱਤਿਆਂ ਸੁਖਪਾਲ ਖਹਿਰਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਲਾਹੁਣ ਦੀ ਗੱਲ ਹਜ਼ਮ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਕਈ ਵਿਧਾਇਕਾਂ ਦੇ ਹਸਤਾਖਰ ਕਰਵਾ ਕੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਵੀ ਚਿੱਠੀ ਲਿਖੀ ਗਈ ਹੈ। ਕੰਵਰ ਸੰਧੂ ਨੇ ਕਿਹਾ ਕਿ ਪਾਰਟੀ ਇਸ ਸਮੇਂ ਵੱਡੇ ਸੰਕਟ 'ਚੋਂ ਲੰਘ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਪਾਰਟੀ 'ਤੇ ਮਾਣ ਹੈ ਅਤੇ ਇਸ ਨੂੰ ਕਿਸੇ ਵੀ ਤਰ੍ਹਾਂ ਕਮਜ਼ੋਰ ਨਹੀਂ ਕਰਨਾ, ਸਗੋਂ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ 2 ਅਗਸਤ ਨੂੰ ਬਠਿੰਡਾ 'ਚ 'ਆਪ' ਵਾਲੰਟੀਅਰਾਂ ਦੀ ਕਨਵੈਨਸ਼ਨ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਕੰਵਰ ਸੰਧੂ ਨੇ ਵੀ ਸੁਖਪਾਲ ਖਹਿਰਾ ਦਾ ਅਹੁਦਾ ਖੁੱਸਣ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ। 


Related News