ਮੇਰੇ ਖ਼ਿਲਾਫ਼ FIR ਦਰਜ ਕਰਨ ਦੀ ਤਿਆਰੀ 'ਚ ਪੰਜਾਬ ਸਰਕਾਰ, ਸੁਖਪਾਲ ਖਹਿਰਾ ਨੇ ਲਾਏ ਸਾਜ਼ਿਸ਼ ਦੇ ਦੋਸ਼
Thursday, Mar 12, 2026 - 03:35 PM (IST)
ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਦੀ ਸਿਆਸਤ 'ਚ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੇ ਵਿਵਾਦ ਦਰਮਿਆਨ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਿਹਾ ਕਿ ਸਰਕਾਰ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਰਚ ਰਹੀ ਹੈ ਅਤੇ ਸਿਆਸੀ ਬਦਲਾਖ਼ੋਰੀ ਦੇ ਤਹਿਤ ਉਨ੍ਹਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਵਿਧਾਨ ਸਭਾ 'ਚ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਨਹੀਂ ਦਿੱਤਾ ਗਿਆ ਅਤੇ ਹੁਣ ਉਨ੍ਹਾਂ ਖ਼ਿਲਾਫ਼ ਪ੍ਰਿਵੀਲੇਜ ਮੋਸ਼ਨ ਪਾਸ ਕਰਕੇ ਮਾਮਲਾ ਪ੍ਰਿਵੀਲੇਜ ਕਮੇਟੀ ਨੂੰ ਭੇਜ ਦਿੱਤਾ ਗਿਆ ਹੈ। ਖਹਿਰਾ ਨੇ ਕਿਹਾ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਜਿਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਨਾਲ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ‘ਤੇ ਮਨਘੜਤ ਅਤੇ ਝੂਠੇ ਇਲਜ਼ਾਮ ਲਗਾ ਕੇ ਦਬਾਅ ਬਣਾਇਆ ਜਾ ਰਿਹਾ ਹੈ। ਖਹਿਰਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਕਿਸੇ ਵੀ ਤਰੀਕੇ ਨਾਲ ਔਰਤਾਂ ਦੀ ਤੌਹੀਨ ਨਹੀਂ ਕੀਤੀ ਅਤੇ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ।
ਵਿਧਾਨ ਸਭਾ 'ਚ ਬੋਲਣ ਦਾ ਮੌਕਾ ਨਹੀਂ ਮਿਲਿਆ
ਖਹਿਰਾ ਮੁਤਾਬਕ ਉਹ ਪਿਛਲੇ ਦਿਨ ਵਿਧਾਨ ਸਭਾ 'ਚ ਸਵੇਰੇ 10 ਵਜੇ ਹੀ ਪਹੁੰਚ ਗਏ ਸਨ ਤਾਂ ਜੋ ਆਪਣੇ 'ਤੇ ਲੱਗੇ ਇਲਜ਼ਾਮਾਂ ਬਾਰੇ ਸਫ਼ਾਈ ਦੇ ਸਕਣ ਪਰ ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਉਨ੍ਹਾਂ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ ਕਰ ਦਿੱਤਾ ਗਿਆ ਪਰ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦੀ ਇਜਾਜ਼ਤ ਨਹੀਂ ਮਿਲੀ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਸਭ ਕੁੱਝ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ਤਾਂ ਜੋ ਉਨ੍ਹਾਂ ਦੀ ਗੱਲ ਜਨਤਾ ਤੱਕ ਨਾ ਪਹੁੰਚੇ। ਖਹਿਰਾ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਗਿਆ ਤਾਂ ਇਹ ਸਪੱਸ਼ਟ ਹੋ ਗਿਆ ਕਿ ਸਰਕਾਰ ਉਨ੍ਹਾਂ ਦੀ ਦਲੀਲ ਸੁਣਨਾ ਹੀ ਨਹੀਂ ਚਾਹੁੰਦੀ।
ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ, ਗੰਭੀਰ ਬਣਦੇ ਜਾ ਰਹੇ ਹਾਲਾਤ
ਮੰਤਰੀਆਂ ‘ਤੇ ਵੀ ਨਿਸ਼ਾਨਾ
ਖਹਿਰਾ ਨੇ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਗਈ ਟਿੱਪਣੀ ‘ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੀ ਬਦਕਲਾਮੀ ਕੀਤੀ ਗਈ, ਉਹ ਠੀਕ ਨਹੀਂ ਸੀ। ਖਹਿਰਾ ਨੇ ਦਾਅਵਾ ਕੀਤਾ ਕਿ ਉਹ ਉਸ ਫਰੇਮ 'ਚ ਵੀ ਨਹੀਂ ਸਨ, ਜਿਸ ਨੂੰ ਦਿਖਾ ਕੇ ਉਨ੍ਹਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀ ਲਾਈਵ ਕਵਰੇਜ ਨੂੰ ਵੀ ਚੋਣਵੀਆਂ ਤਸਵੀਰਾਂ ਅਤੇ ਦ੍ਰਿਸ਼ਾਂ ਤੱਕ ਸੀਮਤ ਰੱਖਿਆ ਗਿਆ ਅਤੇ ਜੋ ਦਿਖਾਉਣਾ ਸੀ, ਸਿਰਫ ਉਹੀ ਦਿਖਾਇਆ ਗਿਆ। ਉਨ੍ਹਾਂ ਦੇ ਮੁਤਾਬਕ ਇਹ ਸਾਰੀ ਪ੍ਰਕਿਰਿਆ ਪੂਰੀ ਤਰ੍ਹਾਂ ਪੱਖਪਾਤੀ ਸੀ।
ਗੈਰ-ਹਾਜ਼ਰੀ 'ਚ ਪਾਸ ਹੋਇਆ ਪ੍ਰਿਵੀਲੇਜ ਮੋਸ਼ਨ
ਖਹਿਰਾ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਗੈਰ-ਹਾਜ਼ਰੀ 'ਚ ਉਨ੍ਹਾਂ ਖ਼ਿਲਾਫ਼ ਵਿਧਾਨ ਸਭਾ 'ਚ ਪ੍ਰਿਵੀਲੇਜ ਮੋਸ਼ਨ ਪਾਸ ਕਰ ਦਿੱਤਾ ਗਿਆ। ਇਸ ਮੋਸ਼ਨ ਤਹਿਤ ਮਾਮਲੇ ਨੂੰ ਪ੍ਰਿਵੀਲੇਜ ਕਮੇਟੀ ਕੋਲ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਵਿਧਾਨ ਸਭਾ 'ਚ ਵੱਡੀ ਗਿਣਤੀ ਹੈ ਅਤੇ 117 ਮੈਂਬਰਾਂ ਵਾਲੇ ਸਦਨ 'ਚ ਉਨ੍ਹਾਂ ਕੋਲ ਕਰੀਬ 95 ਮੈਂਬਰ ਹਨ। ਇਸ ਕਰਕੇ ਉਹ ਬਹੁਮਤ ਦੇ ਆਧਾਰ ‘ਤੇ ਕੋਈ ਵੀ ਫ਼ੈਸਲਾ ਕਰ ਸਕਦੇ ਹਨ। ਖਹਿਰਾ ਨੇ ਦਾਅਵਾ ਕੀਤਾ ਕਿ ਸਰਕਾਰ ਦੀ ਮਨਸ਼ਾ ਇਹ ਹੈ ਕਿ ਪ੍ਰਿਵੀਲੇਜ ਕਮੇਟੀ ਰਾਹੀਂ ਉਨ੍ਹਾਂ ਦੀ ਵਿਧਾਇਕੀ ਮੈਂਬਰਸ਼ਿਪ ਰੱਦ ਕਰਵਾ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਪੰਜਾਬ ਦੀ ਸਿਆਸਤ 'ਚ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਸਿਆਸੀ ਵਿਰੋਧੀਆਂ ਨੂੰ ਇਸ ਤਰ੍ਹਾਂ ਦੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ।
ਝੂਠੀ ਐੱਫ. ਆਈ. ਆਰ. ਦੀ ਵੀ ਸੰਭਾਵਨਾ
ਖਹਿਰਾ ਨੇ ਆਪਣੇ ਲਾਈਵ ਸੰਬੋਧਨ ਦੌਰਾਨ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਉਨ੍ਹਾਂ ਖ਼ਿਲਾਫ਼ ਝੂਠੀ ਐੱਫ. ਆਈ. ਆਰ. ਦਰਜ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗੈਰ-ਆਧਿਕਾਰਿਕ ਸਰੋਤਾਂ ਤੋਂ ਜਾਣਕਾਰੀ ਮਿਲੀ ਹੈ ਕਿ ਔਰਤਾਂ ਦੀ ਤੌਹੀਨ ਦੇ ਮਾਮਲੇ 'ਚ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਕੇਸ ਦਰਜ ਕਰ ਲਵੇ, ਇਸ ਨਾਲ ਉਹ ਡਰਣ ਵਾਲੇ ਨਹੀਂ ਹਨ। ਖਹਿਰਾ ਨੇ ਕਿਹਾ ਕਿ ਉਹ ਪਹਿਲਾਂ ਵੀ ਕਈ ਕੇਸਾਂ ਦਾ ਸਾਹਮਣਾ ਕਰ ਚੁੱਕੇ ਹਨ ਅਤੇ ਪੰਜ ਮਹੀਨੇ ਤੱਕ ਜੇਲ੍ਹ 'ਚ ਵੀ ਰਹਿ ਚੁੱਕੇ ਹਨ।
ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਦਾ ਦੋਸ਼
ਖਹਿਰਾ ਨੇ ਕਿਹਾ ਕਿ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਇਹ ਸਾਰਾ ਵਿਵਾਦ ਖੜ੍ਹਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ 'ਚ ਪੰਜਾਬ ਦੇ ਕਿਸਾਨਾਂ ਦੇ ਮਸਲੇ, ਨਸ਼ੇ ਦੀ ਸਮੱਸਿਆ ਅਤੇ ਕਾਨੂੰਨ-ਵਿਵਸਥਾ ਵਰਗੇ ਗੰਭੀਰ ਵਿਸ਼ਿਆਂ ‘ਤੇ ਚਰਚਾ ਹੋਣੀ ਚਾਹੀਦੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਕੁੱਝ ਦਿਨ ਪਹਿਲਾਂ ਇੱਕ ਸਰਪੰਚ ਦੀ ਗ੍ਰਿਫ਼ਤਾਰੀ ਵੀ ਹੋਈ ਹੈ, ਜਿਸ ਕੋਲੋਂ ਨਸ਼ਾ ਬਰਾਮਦ ਹੋਇਆ ਸੀ ਅਤੇ ਇਸ ਮਾਮਲੇ ‘ਤੇ ਵੀ ਗੰਭੀਰ ਚਰਚਾ ਦੀ ਲੋੜ ਸੀ। ਖਹਿਰਾ ਨੇ ਕਿਹਾ ਕਿ ਪੰਜਾਬ 'ਚ ਗੈਂਗਸਟਰਾਂ ਅਤੇ ਨਸ਼ੇ ਦੀ ਸਮੱਸਿਆ ਵੱਡਾ ਮੁੱਦਾ ਬਣ ਚੁੱਕੀ ਹੈ ਪਰ ਸਰਕਾਰ ਇਸ ‘ਤੇ ਗੰਭੀਰਤਾ ਨਾਲ ਚਰਚਾ ਕਰਨ ਦੀ ਬਜਾਏ ਰਾਜਨੀਤਿਕ ਵਿਵਾਦਾਂ 'ਚ ਸਮਾਂ ਬਰਬਾਦ ਕਰ ਰਹੀ ਹੈ।
ਮੁੱਖ ਮੰਤਰੀ ‘ਤੇ ਵੀ ਤੰਜ
ਖਹਿਰਾ ਨੇ ਇਸ ਮਾਮਲੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿਹੜੀਆਂ ਗੱਲਾਂ ਉਨ੍ਹਾਂ ਨਾਲ ਜੋੜ ਕੇ ਪੇਸ਼ ਕੀਤੀਆਂ ਜਾ ਰਹੀਆਂ ਹਨ, ਉਸ ਦੇ ਮੁਕਾਬਲੇ ਕੁੱਝ ਬਿਆਨ ਅਜਿਹੇ ਵੀ ਹਨ, ਜੋ ਖ਼ੁਦ ਸਰਕਾਰ ਦੇ ਆਗੂਆਂ ਵੱਲੋਂ ਜਨਤਕ ਮੰਚਾਂ ‘ਤੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੇ ਇੱਕ ਵੀਡੀਓ ਨੂੰ ਕੋਟ ਕਰਕੇ ਉਨ੍ਹਾਂ ਨੇ ਆਪਣੀ ਗੱਲ ਰੱਖੀ ਸੀ ਪਰ ਉਸਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ। ਖਹਿਰਾ ਨੇ ਦਾਅਵਾ ਕੀਤਾ ਕਿ ਇਹ ਸਾਰਾ ਵਿਵਾਦ ਰਾਜਨੀਤਿਕ ਤੌਰ ‘ਤੇ ਬਣਾਇਆ ਗਿਆ ਹੈ।
ਲੜਾਈ ਜਾਰੀ ਰੱਖਣ ਦਾ ਐਲਾਨ
ਖਹਿਰਾ ਨੇ ਆਪਣੇ ਸੰਬੋਧਨ ਦੇ ਅਖ਼ੀਰ 'ਚ ਕਿਹਾ ਕਿ ਉਹ ਕਿਸੇ ਵੀ ਕਾਰਵਾਈ ਤੋਂ ਡਰਦੇ ਨਹੀਂ ਹਨ ਅਤੇ ਸੱਚ ਲਈ ਆਪਣੀ ਲੜਾਈ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀ ਵਿਧਾਇਕੀ ਮੈਂਬਰਸ਼ਿਪ ਰੱਦ ਵੀ ਕਰ ਦਿੰਦੀ ਹੈ ਜਾਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਦਿੰਦੀ ਹੈ ਤਾਂ ਵੀ ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਉਹ ਅਕਾਲ ਪੁਰਖ ‘ਤੇ ਭਰੋਸਾ ਰੱਖਦੇ ਹਨ ਅਤੇ ਆਉਣ ਵਾਲਾ ਸਮਾਂ ਸੱਚਾਈ ਨੂੰ ਸਾਹਮਣੇ ਲਿਆਵੇਗਾ। ਖਹਿਰਾ ਨੇ ਪੰਜਾਬ ਅਤੇ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਾਰੀ ਸਥਿਤੀ ਬਾਰੇ ਜਾਣੂੰ ਕਰਵਾਉਣਾ ਜ਼ਰੂਰੀ ਸੀ ਤਾਂ ਜੋ ਲੋਕ ਹਕੀਕਤ ਨੂੰ ਸਮਝ ਸਕਣ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸੀਤ 'ਚ ਤਣਾਅ ਵੱਧ ਗਿਆ ਹੈ ਅਤੇ ਆਉਣ ਵਾਲੇ ਦਿਨਾਂ 'ਚ ਪ੍ਰਿਵੀਲੇਜ ਕਮੇਟੀ ਦੀ ਕਾਰਵਾਈ ਅਤੇ ਸਰਕਾਰ ਦੇ ਅਗਲੇ ਕਦਮਾਂ ‘ਤੇ ਸਭ ਦੀ ਨਜ਼ਰ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
