ਸੁਖਪਾਲ ਖਹਿਰਾ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ 'ਕਿਸਾਨ ਵਿਰੋਧੀ' ਕਰਾਰ ਦਿੱਤਾ
Thursday, Feb 12, 2026 - 02:07 PM (IST)
ਚੰਡੀਗੜ੍ਹ (ਅੰਕੁਰ ਤਾਂਗੜੀ) : ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਸਖ਼ ਆਲੋਚਨਾ ਕਰਦਿਆਂ ਇਸ ਨੂੰ ਕਿਸਾਨ ਵਿਰੋਧੀ ਅਤੇ ਪੰਜਾਬ ਅਤੇ ਦੇਸ਼ ਦੀ ਖੇਤੀਬਾੜੀ, ਅਰਥ ਵਿਵਸਥਾ ਲਈ ਗੰਭੀਰ ਖ਼ਤਰਾ ਕਰਾਰ ਦਿੱਤਾ। ਖਹਿਰਾ ਨੇ ਕਿਹਾ ਕਿ ਅਮਰੀਕਾ ਤੋਂ ਸਬਸਿਡੀ ਪ੍ਰਾਪਤ ਖੇਤੀ ਉਤਪਾਦਾਂ ਦੀ ਵਧੀ ਹੋਈ ਆਯਾਤ ਦੀ ਇਜਾਜ਼ਤ ਦੇਣ ਵਾਲਾ ਕੋਈ ਵੀ ਸਮਝੌਤਾ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ, ਕਿਉਂਕਿ ਅਮਰੀਕੀ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਸਰਕਾਰੀ ਸਬਸਿਡੀਆਂ, ਆਧੁਨਿਕ ਸਹੂਲਤਾਂ ਅਤੇ ਪੱਕੀ ਮਾਰਕੀਟ ਸੁਰੱਖਿਆ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਪਹਿਲਾਂ ਹੀ ਵੱਧ ਰਹੀਆਂ ਲਾਗਤਾਂ, ਐੱਮ. ਐੱਸ. ਪੀ. ਦੇ ਸੀਮਤ ਵਿਸਥਾਰ ਅਤੇ ਵੱਧਦੇ ਕਰਜ਼ੇ ਦੇ ਬੋਝ ਹੇਠ ਹਨ। ਉਹ ਅਮਰੀਕਾ ਦੀ ਭਾਰੀ ਸਬਸਿਡੀ ਵਾਲੀ ਖੇਤੀ ਨਾਲ ਮੁਕਾਬਲਾ ਨਹੀਂ ਕਰ ਸਕਦੇ। ਇਸ ਤਰ੍ਹਾਂ ਦਾ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥ ਵਿਵਸਥਾ ਨੂੰ ਤਬਾਹ ਕਰ ਦੇਵੇਗਾ ਅਤੇ ਕਿਸਾਨਾਂ ਨੂੰ ਹੋਰ ਵੱਡੇ ਆਰਥਿਕ ਸੰਕਟ ਵੱਲ ਧੱਕੇਗਾ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਮੱਕੀ, ਸੋਇਆਬੀਨ, ਡੇਅਰੀ ਉਤਪਾਦ ਅਤੇ ਹੋਰ ਖੇਤੀਬਾੜੀ ਵਸਤੂਆਂ ਦੀ ਸਸਤੀ ਆਯਾਤ ਲਈ ਭਾਰਤੀ ਬਾਜ਼ਾਰ ਖੋਲ੍ਹਣ ਨਾਲ ਦੇਸ਼ ਦੇ ਅੰਦਰੂਨੀ ਭਾਅ ਡਿੱਗ ਜਾਣਗੇ, ਜਿਸ ਨਾਲ ਲੱਖਾਂ ਕਿਸਾਨਾਂ ਦੀ ਆਮਦਨ ਅਤੇ ਰੋਜ਼ੀ-ਰੋਟੀ ਨੂੰ ਸਿੱਧਾ ਨੁਕਸਾਨ ਹੋਵੇਗਾ। ਖਹਿਰਾ ਨੇ ਇਹ ਵੀ ਚਿੰਤਾ ਜਤਾਈ ਕਿ ਇਹ ਸਮਝੌਤਾ ਹੌਲੀ-ਹੌਲੀ ਭਾਰਤ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਪ੍ਰਣਾਲੀ ਅਤੇ ਸਰਕਾਰੀ ਖ਼ਰੀਦ ਮਕੈਨਿਜ਼ਮ ਨੂੰ ਕਮਜ਼ੋਰ ਕਰ ਸਕਦਾ ਹੈ, ਜੋ ਪੰਜਾਬ ਦੀ ਪੇਂਡੂ ਅਰਥ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਨੇ ਮੰਗ ਕੀਤੀ ਕਿ ਭਾਰਤ ਸਰਕਾਰ ਇਸ ਪ੍ਰਸਤਾਵਿਤ ਸਮਝੌਤੇ ਦੇ ਸਾਰੇ ਵੇਰਵੇ ਜਨਤਕ ਕਰੇ ਅਤੇ ਕਿਸਾਨ ਜੱਥੇਬੰਦੀਆਂ ਅਤੇ ਸੂਬਾ ਸਰਕਾਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਕਿਸਾਨਾਂ ਦੀ ਰੋਜ਼ੀ-ਰੋਟੀ ਨਾਲ ਸਬੰਧਿਤ ਕੋਈ ਵੀ ਸਮਝੌਤਾ ਸਾਈਨ ਕਰੇ।
